ਚੰਡੀਗੜ, 14 ਸਤੰਬਰ: – ਪੰਜਾਬ ਸਰਕਾਰ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਅਤੇ ਸਰਕਾਰੀ ਦਫਤਰਾਂ ਵਿਚ ਕੰਮਕਾਰ ਦੀ ਵਿਵਸਥਾ ਨੂੰ ਸੁਚਾਰੂ ਕਰਨ ਦੇ ਮਕਸਦ ਨਾਲ ਜਲਦ ਹੀ ਪੰਜਾਬ ਵਿਜੀਲੈਂਸ ਦਿਸ਼ਾ-ਨਿਰਦੇਸ਼ ਅਮਲ ਵਿਚ ਲਿਆਵੇਗੀ। ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਰਾਜ ਭਰ ਦੇ ਚੀਫ ਵਿਜੀਲੈਂਸ ਅਫਸਰਾਂ (ਸੀਵੀਓਜ਼) ਨੂੰ ਇਸ ਸਬੰਧੀ ਵੱਖ-ਵੱਖ ਦਿਸ਼ਾ-ਨਿਰਦੇਸ਼ ਅਤੇ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਤਾਂ ਜੋ ਭ੍ਰਿਸ਼ਟਾਚਾਰ ਨੂੰ ਜੜੋਂ ਮਿਟਾਇਆ ਜਾ ਸਕੇ। ਉਨਾਂ ਦੱਸਿਆ ਕਿ ਵਿਜੀਲੈਂਸ ਮਾਮਲਿਆਂ ਦੀ ਸਹੀ ਜਾਂਚ ਅਤੇ ਫਾਲੋ ਅੱਪ ਲਈ ਵਿਜੀਲੈਂਸ ਵਿਭਾਗ ਵਿਸ਼ੇਸ਼ ਦਿਸ਼ਾ-ਨਿਰਦੇਸ਼ ਤਿਆਰ ਕਰੇਗਾ ਜੋ ਕਿ ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਤਰਜ਼ ‘ਤੇ ਹੋਣਗੇ ਅਤੇ ਇਨਾਂ ਦਿਸ਼ਾ-ਨਿਰਦੇਸ਼ਾਂ ਨੂੰ ਵੈੱਬਸਾਈਟ ‘ਤੇ ਵੀ ਪਾਇਆ ਜਾਵੇਗਾ। ਇੱਥੇ ਵੱਖ-ਵੱਖ ਵਿਭਾਗਾਂ, ਕਾਰਪੋਰੇਸ਼ਨਾਂ, ਬੋਰਡਾਂ ਆਦਿ ਦੇ ਸੀਵੀਓਜ਼ ਦੀ ਰਾਜ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਸਾਰੇ ਸੀਵੀਓਜ਼ ਆਪੋ-ਆਪਣੇ ਵਿਭਾਗਾਂ ਦੇ ਦਾਗੀ ਤੇ ਭ੍ਰਿਸ਼ਟ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੂਚੀਆਂ ਸਕੱਤਰ ਵਿਜੀਲੈਂਸ ਨੂੰ ਭੇਜਣ। ਇਸ ਦੇ ਨਾਲ ਹੀ ਮੁੱਖ ਸਕੱਤਰ ਨੇ ਸੀਵੀਓਜ਼ ਨੂੰ ਆਪਣੇ ਵਿਭਾਗਾਂ ਦੇ ਮੁਖੀਆਂ, ਪ੍ਰਬੰਧਕੀ ਸਕੱਤਰਾਂ ਅਤੇ ਸਕੱਤਰ ਵਿਜੀਲੈਂਸ ਨਾਲ ਮਹੀਨਾਵਾਰ ਮੀਟਿੰਗਾਂ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਦਾਗੀ ਮੁਲਾਜ਼ਮਾਂ ਦੀਆਂ ਜਿਹੜੀਆਂ ਸ਼ਿਕਾਇਤਾਂ ਵਿਜੀਲੈਂਸ ਬਿਓਰੋ ਵੱਲੋਂ ਵਿਭਾਗਾਂ ਨੂੰ ਜਾਂਚ ਲਈ ਭੇਜੀਆਂ ਜਾਂਦੀਆਂ ਹਨ ਉਨਾਂ ਦੀ ਸਹੀ ਪੈਰਵੀ ਹੋ ਸਕੇ। ਸਕੱਤਰ ਵਿਜੀਲੈਂਸ ਵਿਵੇਕ ਪ੍ਰਤਾਪ ਸਿੰਘ ਨੇ ਸੀਵੀਓਜ਼ ਦੀ ਭੂਮਿਕਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਕਿਹਾ ਕਿ ਉਨਾਂ ਦਾ ਵਿਭਾਗ ਵੱਖ-ਵੱਖ ਵਿਭਾਗਾਂ ਅਤੇ ਵਿਜੀਲੈਂਸ ਬਿਓਰੋ ਵਿਚਕਾਰ ਅਹਿਮ ਕੜੀ ਦੀ ਭੂਮਿਕਾ ਅਦਾ ਕਰੇਗਾ। ਵਿਸ਼ੇਸ਼ ਸਕੱਤਰ ਵਿਜੀਲੈਂਸ ਅਰੁਣ ਸੇਖੜੀ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਵਿਜੀਲੈਂਸ ਅਫਸਰਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ। ਵਿਜੀਲੈਂਸ ਬਿਓਰੋ ਦੇ ਚੀਫ ਡਾਇਰੈਕਟਰ ਸ੍ਰੀ ਬੀ.ਕੇ. ਉੱਪਲ ਨੇ ਕਿਹਾ ਕਿ ਸਿੱਧੇ ਤੌਰ ‘ਤੇ ਲੋਕ ਕੰਮਾਂ ਨਾਲ ਜੁੜੇ ਹੋਏ ਵੱਖ-ਵੱਖ ਵਿਭਾਗਾਂ ਵਿਚ ਹੁੰਦੀਆਂ ਧਾਂਦਲੀਆਂ ਅਤੇ ਬੇਨਿਯਮੀਆਂ ‘ਤੇ ਬਾਜ਼ ਅੱਖ ਰੱਖਣਾ ਮੌਜੂਦਾ ਸਮੇਂ ਦੀ ਮੁੱਖ ਜ਼ਰੂਰਤ ਹੈ ਤਾਂ ਜੋ ਲੋਕਾਂ ਨੂੰ ਇਨਸਾਫ ਮਿਲ ਸਕੇ ਅਤੇ ਉਹ ਨਾਗਰਿਕ ਸੇਵਾਵਾਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ ਹਾਸਿਲ ਕਰ ਸਕਣ। ਉਨਾਂ ਅੱਗੇ ਕਿਹਾ ਕਿ ਵਿਭਾਗਾਂ ਨੂੰ ਆਪਣੇ ਪੱਧਰ ‘ਤੇ ਵਿਜੀਲੈਂਸ ਸਿਸਟਮ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ। ਉਨਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵੱਲੋਂ ਦਾਗੀ ਅਧਿਕਾਰੀਆਂ/ਕਰਮਚਾਰੀਆਂ ਨੂੰ ਸੁਣਾਈਆਂ ਜਾਣ ਵਾਲੀਆਂ ਸਜ਼ਾਵਾਂ ਵਿਚ ਦੇਰੀ ਕੀਤੀ ਜਾਂਦੀ ਹੈ ਜਦਕਿ ਇਹ ਸੀਵੀਓਜ਼ ਦੀ ਡਿਊਟੀ ਹੈ ਕਿ ਉਹ ਇਸ ਸਬੰਧੀ ਸਮੀਖਿਆ ਕਰਨ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸ਼ਨ ਦੇਣ।ਉਨਾਂ ਇਹ ਤਜਵੀਜ਼ ਵੀ ਰੱਖੀ ਕਿ ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਤਰਜ਼ ‘ਤੇ ਪੰਜਾਬ ਵਿਚ ਵੀ ਬੈਸਟ ਸੀਵੀਓਜ਼ ਐਵਾਰਡ ਦਿੱਤਾ ਜਾਵੇ।
ਪੰਜਾਬ ਸਰਕਾਰ ਜਲਦ ਹੀ ਸੂਬਾ ਪੱਧਰੀ ਵਿਜੀਲੈਂਸ ਦਿਸ਼ਾ-ਨਿਰਦੇਸ਼ ਲਾਗੂ ਕਰੇਗੀ- ਕਰਨ ਅਵਤਾਰ ਸਿੰਘ



