Skip to content
Independent perspectives. Global stories.
BREAKING

ਕਰਜ਼ਾ ਮੁਆਫੀ ਬਾਰੇ ਕਿਸਾਨਾਂ ਨੂੰ ਗੁੰਮਰਾਹ ਨਾ ਕਰਨ ਕਿਸਾਨ ਯੂਨੀਅਨਾਂ ਦੇ ਆਗੂ : ਕੈਪਟਨ ਅਮਰਿੰਦਰ ਸਿੰਘ

Share this story

ਪੰਜਾਬ ਦੀ ਕਰਜ਼ਾ ਮੁਆਫੀ ਸਕੀਮ ਨਾਲ 80 ਫੀਸਦੀ ਕਰਜ਼ਦਾਰ ਕਿਸਾਨਾਂ ਨੂੰ ਪਹੁੰਚੇਗਾ ਲਾਭ

ਚੰਡੀਗੜ੍ਹ, 23 ਸਤੰਬਰ- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਨੂੰ ਆਖਿਆ ਕਿ ਕਰਜ਼ਾ ਮੁਆਫੀ ਦੇ ਮੁਦੇ ‘ਤੇ ਗਲਤ ਬਿਆਨਬਾਜ਼ੀ ਕਰਕੇ ਕਿਸਾਨਾਂ ਨੂੰ ਗੁੰਮਰਾਹ ਕਰਨਾ ਬੰਦ ਕੀਤਾ ਜਾਵੇ ਕਿਉਂਕਿ ਉਨ੍ਹਾਂ ਦੀ ਸਰਕਾਰ ਨੇ ਕਰਜ਼ਾ ਮੁਆਫੀ ਦੀ ਪ੍ਰਕਿਰਿਆ ਪਹਿਲਾਂ ਹੀ ਆਰੰਭ ਹੋਈ ਹੈ।ਪਟਿਆਲਾ ਦੇ ਬਾਹਰਵਾਰ ਵਖ-ਵਖ ਕਿਸਾਨ ਯੂਨੀਅਨਾਂ ਵਲੋਂ ਸ਼ੁਰੂ ਕੀਤੇ ਧਰਨੇ ਵਿਚ ਇਨ੍ਹਾਂ ਲੀਡਰਾਂ ਨੇ ਦੋਸ਼ ਲਾਇਆ ਸੀ ਕਿ ਸਰਕਾਰ ਦੀ ਕਰਜ਼ਾ ਮੁਆਫੀ ਨਾਲ ਥੋੜ੍ਹੀ ਗਿਣਤੀ ਵਿਚ ਕਿਸਾਨਾਂ ਨੂੰ ਲਾਭ ਪਹੁੰਚੇਗਾ ਜਿਸ ਦੇ ਸੰਦਰਭ ਵਿਚ ਇਕ ਦਿਨ ਬਾਅਦ ਮੁਖ ਮੰਤਰੀ ਨੇ ਇਥੋਂ ਜਾਰੀ ਬਿਆਨ ਰਾਹੀਂ ਆਖਿਆ ਕਿ ਸਿਆਸਤ ਤੋਂ ਪ੍ਰੇਰਿਤ ਕਿਸਾਨ ਲੀਡਰ ਉਨ੍ਹਾਂ ਦੀ ਸਰਕਾਰ ਖਿਲਾਫ ਇਹ ਬੇ-ਬੁਨਿਆਦ ਦੋਸ਼ ਲਾ ਰਹੇ ਹਨ।ਮੁਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਨੇ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਹੈ ਅਤੇ ਮੰਤਰੀ ਮੰਡਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਬਹੁਤ ਛੇਤੀ ਨੋਟੀਫਿਕੇਸ਼ਨ ਜਾਰੀ ਹੋਣ ਵਾਲਾ ਹੈ ਅਤੇ ਇਸ ਨਾਲ ਕਰਜ਼ਾ ਲੈਣ ਵਾਲੇ 13 ਲਖ ਕਿਸਾਨ ਪਰਿਵਾਰਾਂ ਵਿਚੋਂ 10.25 ਲਖ ਕਿਸਾਨਾਂ ਪਰਿਵਾਰਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿਚ 17 ਲਖ ਤੋਂ ਵਧ ਕਿਸਾਨ ਪਰਿਵਾਰ ਹਨ ਅਤੇ ਕਰਜ਼ਾ ਮੁਆਫੀ ਦਾ 80 ਫੀਸਦੀ ਕਰਜ਼ਦਾਰ ਕਿਸਾਨਾਂ ਨੂੰ ਲਾਭ ਪਹੁੰਚੇਗਾ। ਕੈਪਟਨ ਅਮਰਿੰਦਰ ਨੇ ਆਖਿਆ ਕਿ ਜੋ ਤਸਵੀਰ ਕਿਸਾਨ ਲੀਡਰ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਉਹ ਸਿਧੇ ਤੌਰ ‘ਤੇ ਕੁਝ ਵਿਰੋਧੀ ਸਿਆਸੀ ਪਾਰਟੀਆਂ ਦੀ ਉਕਸਾਹਟ ਵਿਚ ਆ ਕੇ ਕਰ ਰਹੇ ਹਨ ਜਦਕਿ ਇਸ ਦੇ ਉਲਟ ਅਸਲ ਸਥਿਤੀ ਇਹ ਹੈ ਕਿ ਉਨ੍ਹਾਂ ਦੀ ਸਰਕਾਰ ਦੀ ਕਰਜ਼ਾ ਮੁਆਫੀ ਸਕੀਮ ਵਡੀ ਗਿਣਤੀ ‘ਚ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਲਾਭ ਪਹੁੰਚਾਏਗੀ। ਉਨ੍ਹਾਂ ਦਸਿਆ ਕਿ ਇਸ ਸਕੀਮ ਦੇ ਮੁਢਲੇ ਪੜਾਅ ਵਿਚ ਸਿਰਫ ਕੁਝ ਵਡੇ ਕਿਸਾਨ ਬਾਹਰ ਰਹਿ ਜਾਣਗੇ ਜਿਨ੍ਹਾਂ ਨੂੰ ਅਗਲੇ ਪੜਾਅ ਵਿਚ ਇਸ ਦੇ ਘੇਰੇ ਵਿਚ ਲਿਆਂਦਾ ਜਾਵੇਗਾ। ਮੁਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੀ ਬੇਹਦ ਮਾੜੀ ਵਿਤੀ ਸਥਿਤੀ ਦੇ ਬਾਵਜੂਦ ਉਤਰ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ ਅਤੇ ਕਰਨਾਟਕਾ ਸਮੇਤ ਹੋਰ ਸੂਬਿਆਂ ਵਲੋਂ ਐਲਾਨੀ ਕਰਜ਼ਾ ਮੁਆਫੀ ਤੋਂ ਕੀਤੇ ਵਧ ਰਾਸ਼ੀ ਮੁਆਫ ਕਰਨ ਦਾ ਐਲਾਨ ਕੀਤਾ ਹੈ।
ਉਨ੍ਹਾਂ ਦਸਿਆ ਕਿ ਪੰਜਾਬ ਦੀ ਕਰਜ਼ਾ ਸਕੀਮ ਨਾਲ ਪੰਜ ਏਕੜ ਤਕ ਦੀ ਮਾਲਕੀ ਵਾਲੇ ਕਿਸਾਨਾਂ ਦਾ ਦੋ ਲਖ ਰੁਪਏ ਤਕ ਦਾ ਕਰਜ਼ਾ ਮੁਆਫ ਹੋਵੇਗਾ ਅਤੇ ਹੋਰ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਦੋ ਲਖ ਰੁਪਏ ਦੀ ਕੁਲ ਰਾਹਤ ਦਿਤੀ ਜਾਵੇਗੀ ਜਦਕਿ ਰਾਜਸਥਾਨ ਤੇ ਕਰਨਾਟਕਾ ਵਰਗੇ ਸੂਬਿਆਂ ਨੇ ਕਿਸਾਨਾਂ ਲਈ ਮਹਿਜ਼ 50000 ਰੁਪਏ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਹੈ।ਮੁਖ ਮੰਤਰੀ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਇਸ ਤੋਂ ਵੀ ਅਗੇ ਜਾ ਕੇ ਕਰਜ਼ਦਾਰ ਕਿਸਾਨਾਂ ਦਾ ਵਿਆਜ ਪੰਜਾਬ ਵਿਧਾਨ ਸਭਾ ਵਿਚ ਕਰਜ਼ਾ ਮੁਆਫੀ ਦੀ ਸਕੀਮ ਦੇ ਐਲਾਨ ਦੀ ਤਰੀਕ ਤੋਂ ਲੈ ਕੇ ਨੋਟੀਫਿਕੇਸ਼ਨ ਦੀ ਤਰੀਕ ਤਕ ਮੁਆਫ ਕਰਨ ਦਾ ਫੈਸਲਾ ਕੀਤਾ ਹੈ। ਮੁਖ ਮੰਤਰੀ ਨੇ ਉਨ੍ਹਾਂ ਮੀਡੀਆ ਰਿਪੋਰਟਾਂ ਦਾ ਵੀ ਜ਼ਿਕਰ ਕੀਤਾ ਜਿਨ੍ਹਾਂ ਵਿਚ ਉਤਰ ਪ੍ਰਦੇਸ਼ ‘ਚ ਕਰਜ਼ਾ ਮੁਆਫੀ ਸਕੀਮ ਅਧੀਨ ਇਕ ਪੈਸਾ ਮੁਆਫ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਗਿਆ। ਇਸ ਦੇ ਉਲਟ ਉਨ੍ਹਾਂ ਦੀ ਸਰਕਾਰ ਵਲੋਂ ਕਿਸਾਨਾਂ ਤੇ ਕਰਜ਼ਾ ਰਾਸ਼ੀ ਬਾਰੇ ਵਿਸਥਾਰਤ ਸੂਚੀ ਤਿਆਰ ਕੀਤੀ ਜਾ ਚੁਕੀ ਹੈ ਜਿਨ੍ਹਾਂ ਨੂੰ ਪਹਿਲੇ ਪੜਾਅ ਵਿਚ ਲਾਭ ਦਿਤਾ ਜਾਣਾ ਹੈ ਅਤੇ ਇਹ ਅਮਲ ਨੋਟੀਫਿਕੇਸ਼ਨ ਜਾਰੀ ਹੁੰਦਿਆਂ ਹੀ ਆਰੰਭ ਦਿਤਾ ਜਾਵੇਗਾ। ਮੁਖ ਮੰਤਰੀ ਨੇ ਦਸਿਆ ਕਿ ਮੰਤਰੀ ਮੰਡਲ ਨੇ ਨੋਟੀਫਿਕੇਸ਼ਨ ਨੂੰ ਪ੍ਰਵਾਨਗੀ ਦੇ ਦਿਤੀ ਹੈ ਪਰ ਗੁਰਦਾਸਪੁਰ ਜ਼ਿਮਨੀ ਚੋਣ ਕਾਰਨ ਚੋਣ ਜ਼ਾਬਤਾ ਲਗਾ ਹੋਣ ਕਰਕੇ ਚੋਣ ਕਮਿਸ਼ਨ ਪਾਸੋਂ ਹੁਣ ਪ੍ਰਵਾਨਗੀ ਦੀ ਉਡੀਕ ਕੀਤੀ ਜਾ ਰਹੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਜੂਨ ਮਹੀਨੇ ਵਿਚ ਕਰਜ਼ਾ ਮੁਆਫੀ ਸਕੀਮ ਦਾ ਐਲਾਨ ਹੋਣ ਦੇ ਸਮੇਂ ਤੋਂ ਲੈ ਕੇ ਖੇਤੀਬਾੜੀ ਅਤੇ ਵਿਤ ਵਿਭਾਗਾਂ ਦੇ ਸਬੰਧਤ ਅਧਿਕਾਰੀ ਕਿਸਾਨਾਂ ਅਤੇ ਉਨ੍ਹਾਂ ਦੀ ਕਰਜ਼ਾ ਰਾਸ਼ੀ ਬਾਰੇ ਵਿਸਥਾਰ ਵਿਚ ਸੂਚੀਆਂ ਤਿਆਰ ਕਰਨ ਲਈ ਬੈਂਕਾਂ ਨਾਲ ਨਿਰੰਤਰ ਸੰਪਰਕ ਵਿਚ ਹਨ ਅਤੇ ਇਨ੍ਹਾਂ ਕਿਸਾਨਾਂ ਨੂੰ ਪਹਿਲੇ ਪੜਾਅ ਵਿਚ ਲਾਭ ਦਿਤਾ ਜਾਣਾ ਹੈ।ਉਨ੍ਹਾਂ ਦੱਸਿਆ ਕਿ ਮੁਢਲੀਆਂ ਕਾਰਵਾਈਆਂ ਮੁਕੰਮਲ ਕੀਤੀਆਂ ਜਾ ਚੁਕੀਆਂ ਹਨ ਅਤੇ ਮੁਆਫੀ ਦੀ ਪ੍ਰਕਿਰਿਆ ਵੀ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਤੁਰੰਤ ਬਾਅਦ ਸ਼ੁਰੂ ਕਰ ਦਿਤੀ ਜਾਵੇਗੀ।

WRITTEN BY