ਅੰਮ੍ਰਿਤਸਰ, 17 ਨਵੰਬਰ (ਪੰਜਾਬ ਟਾਇਮਜ਼ ਬਿਊਰੋ)-ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਐਤਵਾਰ ਨੂੰ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਹੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼ਰਧਾਲੂਆਂ ਨੇ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਇਸ਼ਨਾਨ ਕੀਤਾ ਅਤੇ ਆਪਣੇ ਮਨ ਦੀ ਸ਼ਾਂਤੀ ਲਈ ਗੁਰੂ ਘਰ ‘ਚ ਅਰਦਾਸ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਗੁਰਪੁਰਬ ਮੌਕੇ ਇਹ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਜਾਏ ਗਏ ਸਨ। ਇਸ ਮੌਕੇ ਗੁਰੂ ਦੇ ਦਰਸ਼ਨਾਂ ਲਈ ਆਏ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਂਝ ਤਾਂ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਇਸ਼ਨਾਨ ਕਰਨ ਨੂੰ ਪਵਿੱਤਰ ਸਮਝਿਆ ਜਾਂਦਾ ਹੈ ਪਰ ਅੱਜ ਦੇ ਦਿਨ ਇਸ਼ਨਾਨ ਕਰਨ ਨਾਲ ਸਭ ਦੁੱਖ ਦੂਰ ਹੋ ਜਾਂਦੇ ਹਨ ਅਤੇ ਹਰ ਮਨੋਕਾਮਨਾ ਪੂਰੀ ਹੋ ਜਾਂਦੀ ਹੈ। ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਕਮਲ ਸ਼ਰਮਾ ਨੇ ਪਰਿਵਾਰ ਸਮੇਤ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇੱਥੇ ਦੂਰ-ਦੂਰ ਤੋਂ ਆਈਆਂ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਗੁਰੂ ਘਰ ਦੇ ਦਰਸ਼ਨ ਕਰਨ ਆਈਆਂ ਸੰਗਤਾਂ ਆਪਣੇ ਆਪ ਨੂੰ ਵਡਭਾਗੀ ਸਮਝ ਰਹੀਆਂ ਹਨ ਅਤੇ ਇਸ ਦਿਨ ਪ੍ਰਤੀ ਉਨ੍ਹਾਂ ਦੇ ਮਨ ‘ਚ ਅਥਾਹ ਸ਼ਰਧਾ ਅਤੇ ਉਤਸ਼ਾਹ ਹੈ।