Skip to content
Independent perspectives. Global stories.
BREAKING

ਭਾਈ ਲਾਲੋ ਜੀ ਦੀ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅੱਜ

Share this story

ਹਰ ਸਿੱਖ ਦੇ ਜੀਵਨ ਦਾ ਹਿੱਸਾ ਬਣੇ ਧਰਮ ਪ੍ਰਚਾਰ ਲਹਿਰ : ਪ੍ਰੋ. ਬਡੂੰਗਰ

ਅੰਮ੍ਰਿਤਸਰ, 24 ਸਤੰਬਰ- ਸੰਗਤਾਂ ਨੂੰ ਗੁਰਮਤਿ ਸਭਿਆਚਾਰ ਨਾਲ ਜੋੜਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਸੁਕ੍ਰਿਤੁ ਦੀ ਪ੍ਰੇਰਨਾ ਵਜੋਂ ਜਾਣੇ ਜਾਂਦੇ ਭਾਈ ਲਾਲੋ ਜੀ ਦੀ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅੱਜ 25 ਸਤੰਬਰ ਨੂੰ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਭਾਈ ਲਾਲੋ ਜੀ ਦੀ ਯਾਦ ਵਿਚ ਪਹਿਲੀ ਵਾਰ ਕਰਵਾਏ ਜਾ ਰਹੇ ਇਸ ਗੁਰਮਤਿ ਸਮਾਗਮ ਵਿਚ ਪੰਥ ਪ੍ਰਸਿੱਧ ਰਾਗੀ ਅਤੇ ਵਿਦਵਾਨ ਕਥਾਕਾਰ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਨਾਲ ਜੋੜਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਆਖਿਆ ਕਿ ਧਰਮ ਪ੍ਰਚਾਰ ਲਹਿਰ ਦੇ ਦੂਜੇ ਪੜਾਅ ਤਹਿਤ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ 25 ਸਤੰਬਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤਕ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗੁਰਮਤਿ ਸਮਾਗਮ ’ਚ ਜਿਥੇ ਸੱਚਖੰਡ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਭਾਈ ਰਵਿੰਦਰ ਸਿੰਘ ਅਤੇ ਭਾਈ ਬਲਵਿੰਦਰ ਸਿੰਘ ਸੰਗਤਾਂ ਨੂੰ ਕੀਰਤਨ ਸਰਵਣ ਕਰਾਉਣਗੇ। ਇਸ ਤੋਂ ਇਲਾਵਾ ਸਮਾਗਮ ’ਚ ਕੀਰਤਨੀ ਜਥਾ ਭਾਈ ਗੁਰਪਾਲ ਸਿੰਘ ਅਤੇ ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ ਵੀ ਹਾਜ਼ਰੀ ਭਰਨਗੇ। ਪ੍ਰੋ. ਬਡੂੰਗਰ ਨੇ ਕਿਹਾ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤੀ ਗਈ ਧਰਮ ਪ੍ਰਚਾਰ ਲਹਿਰ ਅੱਜ ਪੂਰੀ ਤਰਹਾਂ ਸਰਗਰਮ ਹੈ ਅਤੇ ਇਸ ਤਹਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਵਿਚ ਭਾਰੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਲਹਿਰ ਦਾ ਮੰਤਵ ਸੰਗਤਾਂ ਨੂੰ ਸਿੱਖੀ ਦੀ ਸਿਧਾਂਤਾਂ ਅਤੇ ਇਤਿਹਾਸ ਨਾਲ ਜੋੜਨਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਧਰਮ ਪ੍ਰਚਾਰ ਲਹਿਰ ਤਹਿਤ ਕਰਵਾਏ ਜਾਂਦੇ ਗੁਰਮਤਿ ਸਮਾਗਮਾਂ ਤੋਂ ਭਰਪੂਰ ਲਾਹਾ ਹਾਸਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ’ਚ ਸਮਾਜਕ ਕੁਰੀਤੀਆਂ ਨੂੰ ਜੜ੍ਹ ਤੋਂ ਪੁੱਟਣ ਲਈ ਇਹ ਸਮੇਂ ਦੀ ਜ਼ਰੂਰਤ ਬਣ ਚੁੱਕੀ ਹੈ ਕਿ ਸਾਨੂੰ ਨਿਰਸੰਕੋਚ ਧਰਮ ਪ੍ਰਚਾਰ ਲਹਿਰ ਨੂੰ ਨਾਲ ਜੁੜਨਾ ਚਾਹੀਦਾ ਹੈ ਅਤੇ ਲਹਿਰ ਨੂੰ ਜੀਵਨ ਦਾ ਹਿੱਸਾ ਬਣਾ ਕੇ ਹੋਰ ਅੱਗੇ ਲਿਜਾਣ ਦੇ ਸੰਕਲਪ ਦਾ ਧਾਰਨੀ ਬਣਨ ਦੀ ਲੋੜ ਹੈ।

WRITTEN BY