ਜਲੰਧਰ, 24 ਸਤੰਬਰ (ਪੰਜਾਬ ਟਾਇਮਜ਼ ਬਿਊਰੋ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ਐਨ.ਐਸ.ਐਸ. ਦੇ ਸਥਾਪਨਾ ਦਿਵਸ ਨੂੰ ਸਮਰਪਿਤ ਇਕ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਐਨ.ਐਸ.ਏ. ਵਿਭਾਗ ਦੇ ਕੋਆਰਡੀਨੇਟਰ ਪ੍ਰੋ. ਪ੍ਰਭ ਦਿਆਲ ਅਤੇ ਪ੍ਰੋਗਰਾਮ ਅਫਸਰ ਸੁਰਿੰਦਰ ਪਾਲ ਮੰਡ ਵਲੋਂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ। ਪ੍ਰੋਗਰਾਮ ਅਫਸਰ ਡਾ. ਸੁਰਿੰਦਰਪਾਲ ਮੰਡ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਸੇਵਾ ਯੋਜਨਾ (ਐਨ.ਐਸ.ਐਸ.) ਦੀ ਸਥਾਪਨਾ ਦੇ ਇਤਿਹਾਸ ਤੇ ਇਸਦੀ ਮਹੱਤਤਾ ਬਾਰੇ ਦਸਦਿਆਂ ਕਿਹਾ ਕਿ ਐਨ.ਐਸ.ਐਸ. ਦਾ ਸੰਕਲਪ 1948 ਵਿਚ ਭਾਰਤ ਦੇ ਪਹਿਲੇ ਉਪ ਰਾਸ਼ਟਰਪਤੀ ਅਤੇ ਦੂਜੇ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੀ ਅਗਵਾਈ ਵਿਚ ਨੌਜਵਾਨਾਂ ਨੂੰ ਸਮਾਜ ਨਾਲ ਜੋੜਨ ਅਤੇ ਉਨ੍ਹਾਂ ਦੀ ਸਖਸ਼ੀਅਤ ਦੇ ਵਿਕਾਸ ਲਈ ਬਣਿਆ ਸੀ। ਉਨ੍ਹਾਂ ਕਿਹਾ ਕਿ ਮਨੁੱਖ ਦੇ ਜੀਵਨ ਦੀ ਹਰ ਕਿਰਿਆ-ਪ੍ਰਤੀਕਿਰਿਆ ਅਤੇ ਵਿਚਰਨ ਖੇਤਰ ਐਨ.ਐਸ.ਐਸ. ਦੀਆਂ ਗਤੀਵਿਧੀਆਂ ਵਿਚ ਸ਼ੁਮਾਰ ਹੁੰਦਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਐਨ.ਐਸ.ਐਸ. ਦੁਆਰਾ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦਾ ਦਾਇਰਾ ਬਹੁਤ ਵਿਸ਼ਾਲ ਹੈ। ਜਿਥੇ ਇਸ ਵਿਚ ਲੋਕ ਭਲਾਈ ਦੇ ਕਾਰਜ, ਸਮਾਜ ਨੂੰ ਜਾਗਰੂਕ ਕਰਨ ਤੇ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਦਿਨ ਮਨਾਉਣੇ ਆਦਿ ਆਉਂਦੇ ਹਨ, ਉਥੇ ਐਨ.ਐਸ.ਐਸ. ਨੌਜਵਾਨਾਂ ਦੇ ਸਮੁੱਚੇ ਵਿਕਾਸ, ਉਨ੍ਹਾਂ ਨੂੰ ਜਾਗਰੂਕ ਕਰਨ ਅਤੇ ਸਮਾਜ ਲਈ ਜੋੜਣ ਲਈ ਵੱਡੀ ਭੂਮਿਕਾ ਨਿਭਾਉਂਦਾ ਹੈ। ਅੰਤ ਵਿਚ ਪ੍ਰਿੰਸੀਪਲ ਡਾ. ਸਮਰਾ ਅਤੇ ਵੱਡੀ ਗਿਣਤੀ ਵਿਚ ਸ਼ਾਮਲ ਹੋਏ ਵਿਦਿਆਰਥੀਆਂ ਦਾ ਧੰਨਵਾਦ ਪ੍ਰੋ. ਪ੍ਰਭ ਦਿਆਲ ਨੇ ਕੀਤਾ। ਇਸ ਮੌਕੇ ਪ੍ਰੋ. ਕੁਲਦੀਪ ਸੋਢੀ, ਡਾ. ਪਰਦੀਪ, ਡਾ. ਭਾਵਨਾ, ਪ੍ਰੋ. ਮਨਜਿੰਦਰ ਸਿੰਘ ਆਦਿ ਸ਼ਾਮਲ ਸਨ।
ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਐਨ.ਐਸ.ਐਸ. ਵਿਭਾਗ ਵੱਲੋਂ ਪ੍ਰੋਗਰਾਮ



