Skip to content
Independent perspectives. Global stories.
BREAKING

ਝੋਨੇ ਦੀ ਅਦਾਇਗੀ ਅਤੇ ਚੁਕਾਈ ਲਈ 48 ਘੰਟੇ ਦੀ ਸਮਾਂ-ਸੀਮਾ ਤੈਅ : ਕੈਪਟਨ

Share this story

ਬਿਮਾਰ ਚੌਲ ਮਿੱਲ ਯੂਨਿਟਾਂ ਦੀ ਮੁੜ ਸੁਰਜੀਤੀ ਲਈ ਤਰਜੀਹੀ ਕਦਮ ਚੁੱਕਣ ਦਾ ਵਾਅਦਾ

ਚੰਡੀਗੜ੍ਹ, 28 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਾਅਦਾ ਕੀਤਾ ਕਿ ਸਾਉਣੀ ਦੇ ਆਉਂਦੇ ਸੀਜ਼ਨ ਵਿਚ ਕਿਸਾਨਾਂ ਨੂੰ ਝੋਨੇ ਦੀ ਅਦਾਇਗੀ ਅਤੇ ਫਸਲ ਦੀ ਚੁਕਾਈ ਲਈ 48 ਘੰਟਿਆਂ ਦੀ ਸਮਾਂ-ਸੀਮਾ ਨੂੰ ਉਨ੍ਹਾਂ ਦੀ ਸਰਕਾਰ ਦ੍ਰਿੜਤਾ ਨਾਲ ਯਕੀਨੀ ਬਣਾਏਗੀ।
ਆਲ ਇੰਡੀਆ ਰਾਈਸ ਮਿੱਲਰਜ਼ ਐਸੋਸੀਏਸ਼ਨ ਅਤੇ ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਦੀ ਅਗਵਾਈ ਵਿਚ ਚੌਲ ਮਿੱਲ ਮਾਲਕਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੀ ਸਰਕਾਰ ਵੱਲੋਂ ਬਿਮਾਰ ਮਿੱਲਾਂ ਦੇ ਯੂਨਿਟ ਮੁੜ ਸੁਰਜੀਤ ਕਰਨ ਨੂੰ ਪਹਿਲ ਦੇ ਅਧਾਰ ’ਤੇ ਵਿਚਾਰਨ ਦਾ ਭਰੋਸਾ ਵੀ ਦਿੱਤਾ।
ਨਗਦ ਕਰਜ਼ਾ ਹੱਦ (ਸੀ.ਸੀ.ਐਲ) ਦੇ ਮੁੱਦੇ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਹੱਲ ਕਰ ਲਏ ਜਾਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਝੋਨੇ ਦੀ ਨਿਰਵਿਘਨ ਖਰੀਦ ਲਈ ਪੂਰੇ ਬੰਦੋਬਸਤ ਕਰ ਲਏ ਗਏ ਹਨ ਅਤੇ ਇਸ ਵਾਰ ਮੰਡੀਆਂ ਵਿਚ 182 ਲੱਖ ਮੀਟਰਕ ਟਨ ਝੋਨਾ ਆਉਣ ਦੀ ਉਮੀਦ ਹੈ ਜਦਕਿ ਪਿਛਲੇ ਸਾਲ 165 ਲੱਖ ਮੀਟਰਕ ਟਨ ਝੋਨੇ ਦਾ ਟੀਚਾ ਤੈਅ ਕੀਤਾ ਗਿਆ ਸੀ।
ਮੁੱਖ ਮੰਤਰੀ ਨੇ ਨਰਮੇ ਦੀ ਬੰਪਰ ਪੈਦਾਵਾਰ ’ਤੇ ਤਸੱਲੀ ਜ਼ਾਹਰ ਕਰਦਿਆਂ ਆਖਿਆ ਕਿ ਸੁਖਾਵਾਂ ਮੌਸਮ ਰਹਿਣ ਕਾਰਨ ਅਤੇ ਸੂਬਾ ਸਰਕਾਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਕਿਸਾਨਾਂ ਦੇ ਸਾਂਝੇ ਯਤਨਾਂ ਦੇ ਸਦਕਾ ਪਿਛਲੇ ਸਾਲ ਨਾਲੋਂ ਇਸ ਸਾਲ 182 ਫੀਸਦੀ ਵੱਧ ਨਰਮਾ ਮੰਡੀਆਂ ਵਿਚ ਪਹੁੰਚਿਆ ਹੈ।
ਸੰਕਟ ਨਾਲ ਜੂਝ ਰਹੀ ਸਨਅਤ ਦੀਆਂ ਸਮੱਸਿਆਵਾਂ ਦਾ ਛੇਤੀ ਹੱਲ ਕੱਢਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਡਿਫਾਲਟਰ ਹੋ ਚੁੱਕੇ ਚੌਲ ਮਿੱਲ ਮਾਲਕਾਂ ਨੂੰ ਆਪਣੇ ਬਕਾਏ ਨਿਪਟਾਉਣ ਲਈ ਇੱਕ ਮੌਕਾ ਦੇਣ ਵਾਸਤੇ ਯਕਮੁਸ਼ਤ ਨਿਪਟਾਰਾ ਸਕੀਮ ਦਾ ਹਾਲ ਹੀ ਵਿਚ ਐਲਾਨ ਕੀਤਾ ਸੀ। ਇਸ ਸਕੀਮ ਨਾਲ ਡਿਫਾਲਟ ਤੇ ਬਿਮਾਰ ਕੁਲ 3500 ਯੂਨਿਟਾਂ ਵਿਚੋਂ ਲਗਭਗ 1500 ਯੂਨਿਟਾਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਸਨਅਤ ਨੂੰ ਮੁੜ ਲੀਹ ’ਤੇ ਪਾਉਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ ਅਤੇ ਇਹ ਫੈਸਲਾ ਇਨ੍ਹਾਂ ਕਦਮਾਂ ਦਾ ਹੀ ਇੱਕ ਹਿੱਸਾ ਹੈ।
ਮਿੱਲ ਮਾਲਕਾਂ ਦੀ ਮੰਗ ਪ੍ਰਤੀ ਹੁੰਗਾਰਾ ਭਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਰਦਾਨੇ ਦੀ ਵਰਤੋਂ ਅਤੇ ਢੋਆ-ਢੁਆਈ ਦੀਆਂ ਦਰਾਂ ਦਾ ਮਸਲਾ ਉਹ ਕੇਂਦਰ ਸਰਕਾਰ ਕੋਲ ਉਠਾਉਣਗੇ ਅਤੇ ਅਗਲੇ ਹਫ਼ਤੇ ਉਨ੍ਹਾਂ ਦੀ ਕੇਂਦਰੀ ਖੁਰਾਕ ਮੰਤਰੀ ਰਾਮ ਵਿਲਾਸ ਪਾਸਵਾਨ ਨਾਲ ਮੀਟਿੰਗ ਹੈ। ਉਨ੍ਹਾਂ ਵਾਧੂ ਝੋਨੇ ਵਾਲੇ ਜ਼ਿਲ੍ਹਿਆਂ ਵਿਚ ਉਨ੍ਹਾਂ ਦੀ ਅਸਲ ਅਖਤਿਆਰ 140 ਫੀਸਦੀ ਦੀ ਦਰ ’ਤੇ ਝੋਨਾ ਮੁਹੱਈਆ ਕਰਵਾਉਣ ਦੇ ਮੁੱਦੇ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਮਿੱਲਰਜ਼ ਨੂੰ ਭਰੋਸਾ ਦਿੱਤਾ। ਤਰਸੇਮ ਸੈਣੀ ਨੇ ਮਿੱਲ ਮਾਲਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਸੂਬੇ ਦੀ ਆਰਥਿਕਤਾ ਨੂੰ ਮੁੜ ਪੈਰਾਂ ਸਿਰ ਕਰਨ ਲਈ ਸਨਅਤ ਪੂਰਾ ਸਹਿਯੋਗ ਦੇਵੇਗੀ। ਮੀਟਿੰਗ ਵਿਚ ਵਧੀਕ ਮੁੱਖ ਸਕੱਤਰ ਐਮ.ਪੀ. ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਸਕੱਤਰ ਖੁਰਾਕ ਤੇ ਸਿਵਲ ਸਪਲਾਈ ਕੇ.ਏ.ਪੀ. ਸਿਨਹਾ ਅਤੇ ਸੀਨੀਅਰ ਕਾਂਗਰਸੀ ਨੇਤਾ ਸੰਜੀਵ ਕੁਮਾਰ ਟਾਂਡਾ ਹਾਜ਼ਰ ਸਨ। ਇਸ ਮੌਕੇ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਸੀਨੀਅਰ ਉਪ ਪ੍ਰਧਾਨ ਗੁਰਮੇਜ ਸਿੰਘ, ਆਲ ਇੰਡੀਆ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਸੀਨੀਅਰ ਉਪ ਪ੍ਰਧਾਨ ਪ੍ਰਮੋਦ ਕੁਮਾਰ, ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪਟਿਆਲਾ ਦੇ ਪ੍ਰਧਾਨ ਅਤੇ ਆਦਿ ਜ਼ਿਲ੍ਹਿਆਂ ਦੇ ਪ੍ਰਧਾਨ ਹਾਜ਼ਰ ਸਨ।

WRITTEN BY