Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ ਸੁਸਾਇਟੀਆਂ ਤੇ ਪ੍ਰਮੁੱਖ ਸ਼ਖਸੀਅਤਾਂ ਨਾਲ ਕੀਤੀ ਇਕੱਤਰਤਾ

Share this story

ਸਮੂਹ ਸ਼ਹਿਰ ਨਿਵਾਸੀ ਪ੍ਰਕਾਸ਼ ਪੁਰਬ ਮੌਕੇ ਆਪਣੇ ਘਰਾਂ, ਦੁਕਾਨਾਂ, ਅਦਾਰਿਆਂ ਵਿਚ ਦੀਪਮਾਲਾ ਕਰਨ : ਡਾ. ਰੂਪ ਸਿੰਘ

ਅੰਮ੍ਰਿਤਸਰ 28 ਸਤੰਬਰ- ਅੰਮ੍ਰਿਤਸਰ ਸਾਹਿਬ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਭਾਈ ਰਾਮ ਸਿੰਘ ਅੰਤ੍ਰਿੰਗ ਮੈਂਬਰ, ਸ. ਹਰਜਾਪ ਸਿੰਘ ਤੇ ਸ. ਬਾਵਾ ਸਿੰਘ ਗੁਮਾਨਪੁਰਾ ਮੈਂਬਰ, ਡਾ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ ਵੱਲੋਂ ਅੰਮ੍ਰਿਤਸਰ ਦੀਆਂ ਸਭਾ-ਸੁਸਾਇਟੀਆਂ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਤੇ ਪ੍ਰਤੀਨਿਧ ਨਿਵਾਸੀਆਂ ਨਾਲ ਇਕੱਤਰਤਾ ਕੀਤੀ ਗਈ। ਇਕੱਤਰਤਾ ਉਪਰੰਤ ਸ਼੍ਰੋਮਣੀ ਕਮੇਟੀ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਅੱਜ ਦੀ ਇਕੱਤਰਤਾ ਦਾ ਮੁੱਖ ਉਦੇਸ਼ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਪੂਰੇ ਸ਼ਹਿਰ ਵਿਚ ਸਫਾਈ, ਸਜਾਵਟ, ਦੀਪਮਾਲਾ ਤੇ ਸਮੂਹ ਸੰਗਤਾਂ ਲਈ ਵਧਾਈ ਵਾਲੀਆਂ ਹੋਰਡਿੰਗਾਂ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ।ਡਾ. ਰੂਪ ਸਿੰਘ ਨੇ ਇਸ ਦਿਹਾੜੇ ਦੀ ਵਿਸ਼ੇਸ਼ਤਾ ਬਾਰੇ ਦੱਸਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਰੋਸਾਈ ਇਸ ਪਾਵਨ ਧਰਤੀ ਉਪਰ ਸਾਨੂੰ ਵੱਸਣ ਦਾ ਸੁਭਾਗ ਪ੍ਰਾਪਤ ਹੋਇਆ ਹੈ ਅਤੇ ਗੁਰੂ ਸਾਹਿਬ ਦੀ ਕਿਰਪਾ ਸਦਕਾ ਅਸੀਂ ਬਹੁਤ ਕੁਝ ਪ੍ਰਾਪਤ ਕੀਤਾ ਹੈ। ਸਾਡੇ ਸਾਰਿਆਂ ਦਾ ਨੈਤਿਕ ਫਰਜ਼ ਬਣਦਾ ਹੈ ਕਿ ਗੁਰੂ ਸਾਹਿਬ ਵੱਲੋਂ ਬਖਸ਼ੀਆਂ ਦਾਤਾਂ ਲਈ ਸ਼ੁਕਰਾਨੇ ਵਜੋਂ ਪੂਰੀ ਸਮਰਪਣ ਭਾਵਨਾ ਨਾਲ ਇਸ ਪ੍ਰਕਾਸ਼ ਪੁਰਬ ਨੂੰ ਵਿਸ਼ੇਸ਼ ਰੂਪ ਵਿਚ ਮਨਾਉਣ ਲਈ ਸੰਯੁਕਤ ਉਪਰਾਲੇ ਕਰੀਏ।
ਉਨ੍ਹਾਂ ਕਿਹਾ ਕਿ ਇਹ ਪ੍ਰਕਾਸ਼ ਪੁਰਬ ਸਾਡੇ ਸਾਰਿਆਂ ਲਈ ਇਸ ਕਰਕੇ ਵੀ ਵਿਸ਼ੇਸ਼ ਮਹੱਤਤਾ ਰੱਖਦਾ ਹੈ ਕਿ ਸਾਡੇ ਸ਼ਹਿਰ ਵਿਚ ਸਿੱਖ ਕੌਮ ਦਾ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੁਸ਼ੋਭਿਤ ਹੈ। ਸਕੱਤਰ ਸ਼੍ਰੋਮਣੀ ਕਮੇਟੀ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਅਸੀਂ ਜਿਸ ਵੀ ਸੁਸਾਇਟੀ ਜਾਂ ਸਭਾ ਤੋਂ ਜੋ ਵੀ ਸਹਿਯੋਗ ਮੰਗਿਆਂ ਉਨ੍ਹਾਂ ਸਭ ਨੇ ਪੂਰਨ ਸਹਿਯੋਗ ਕੀਤਾ ਹੈ। ਡਾ. ਰੂਪ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਣ ਵਾਲੇ ਰਸਤਿਆਂ ਦੀ ਸਜਾਵਟ, ਸਫਾਈ ਤੇ ਦੀਪਮਾਲਾ ਦੀ ਜ਼ਿੰਮੇਵਾਰੀ ਲੈਣ ਵਾਲੀਆਂ ਵੱਖ-ਵੱਖ ਸਭਾ-ਸੁਸਾਇਟੀਆਂ, ਕਾਰ ਸੇਵਾ ਵਾਲੇ ਮਹਾਂਪੁਰਖਾਂ ਤੇ ਪ੍ਰਤੀਨਿਧ ਸ਼ਖਸੀਅਤਾਂ ਦਾ ਧੰਨਵਾਦ ਕੀਤਾ। ਅੰਮ੍ਰਿਤਸਰ ਦੇ ਸਕੂਲਾਂ/ਕਾਲਜਾਂ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਚਾਰਕ ਤੇ ਧਾਰਮਿਕ ਅਧਿਆਪਕ ਭੇਜੇ ਜਾਣਗੇ ਜੋ ਸਿਰਫ 15 ਮਿੰਟ ਦੇ ਸਮੇਂ ਵਿਚ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਮੁੱਢਲੀ ਜਾਣਕਾਰੀ ਦੇਣਗੇ ਤਾਂ ਜੋ ਅਜੋਕੀ ਨੌਜੁਆਨੀ ਨੂੰ ਅੰਮ੍ਰਿਤਸਰ ਦੇ ਬਾਨੀ ਦਾ ਇਤਿਹਾਸ ਪਤਾ ਲੱਗ ਸਕੇ। ਸਕੱਤਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਇਸ ਦਿਨ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਛੁੱਟੀ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਹੋਰ ਦੱਸਿਆ ਕਿ 6 ਅਕਤੂਬਰ ਨੂੰ ਸ਼ਹਿਰ ਵਿਚ ਖਾਲਸਾਈ ਜਾਹੋ ਜਲਾਲ ਨਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਮੌਕੇ ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ, ਸ. ਸਕੱਤਰ ਸਿੰਘ ਮੀਤ ਸਕੱਤਰ, ਸ. ਸੁਖਬੀਰ ਸਿੰਘ ਐਡੀਸ਼ਨਲ ਮੈਨੇਜਰ, ਸ. ਗੁਰਪ੍ਰੀਤ ਸਿੰਘ ਮੀਤ ਮੈਨੇਜਰ, ਬਾਬਾ ਸੁਖਵਿੰਦਰ ਸਿੰਘ ਕਾਰ ਸੇਵਾ ਭੂਰੀ ਵਾਲੇ, ਬਾਬਾ ਹਰਭਜਨ ਸਿੰਘ ਭਲਵਾਨ ਤੇ ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ, ਡਾ. ਧਰਮਜੀਤ ਸਿੰਘ ਕਾਰਸੇਵਾ ਵਾਲੇ, ਭਾਈ ਚਰਨਜੀਤ ਸਿੰਘ ਅਖੰਡ ਕੀਰਤਨੀ ਜੱਥਾ, ਸ. ਸੁਰਿੰਦਰ ਸਿੰਘ, ਸ. ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲੇ, ਸ. ਗੁਰਦੀਪ ਸਿੰਘ ਸਲੂਜਾ, ਭਾਈ ਗੁਰਇਕਬਾਲ ਸਿੰਘ ਗੋਲਡੀ, ਸ. ਸੰਤੋਖ ਸਿੰਘ ਸੇਠੀ, ਸ. ਅਮਰਜੀਤ ਸਿੰਘ ਸ਼ਬਦ ਚੌਂਕੀ ਜਥਾ, ਸ. ਤਰਲੋਚਨ ਸਿੰਘ, ਸ. ਸੁਖਵਿੰਦਰ ਸਿੰਘ, ਸ. ਜਗਜੀਤ ਸਿੰਘ ਖਾਲਸਾ, ਸ. ਕਾਬਲ ਸਿੰਘ ਲੁਹਾਰਕਾ, ਸ. ਬਲਵਿੰਦਰ ਸਿੰਘ ਲੋਹਾਰਕਾ, ਸ. ਸ਼ਰਨਜੀਤ ਸਿੰਘ ਪੱਖਿਆਂ ਵਾਲੇ, ਪ੍ਰਿੰਸੀਪਲ ਬਲਜਿੰਦਰ ਸਿੰਘ, ਸ. ਵਾਹਿਗੁਰੂ ਸਿੰਘ, ਸ. ਸੁਰਜੀਤ ਸਿੰਘ, ਸ. ਬਲਵਿੰਦਰ ਸਿੰਘ, ਆਦਿ ਪ੍ਰਮੁੱਖ ਸ਼ਖਸੀਅਤਾਂ ਤੇ ਵੱਖ-ਵੱਖ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

WRITTEN BY