Skip to content
Independent perspectives. Global stories.
BREAKING

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਪ੍ਰੋ. ਬਡੂੰਗਰ ਨੇ ਸੰਗਤਾਂ ਨੂੰ ਦਿੱਤੀ ਵਧਾਈ

Share this story

ਮਨੁੱਖ ਮਾਤਰ ਲਈ ਮਾਰਗ ਦਰਸ਼ਨ ਹਨ ਗੁਰੂ ਸਾਹਿਬ ਦੀਆਂ ਸਿੱਖਿਆਵਾਂ : ਪ੍ਰੋ. ਬਡੂੰਗਰ

ਅੰਮ੍ਰਿਤਸਰ, 5 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੋਢੀ ਸੁਲਤਾਨ, ਜਗਤ ਦੇ ਤਾਰਨਹਾਰ, ਸੇਵਾ ਸਿਮਰਨ ਤੇ ਪਰਉਪਕਾਰ ਦੇ ਪੁੰਜ, ਧਾਰਮਿਕ ਅਤੇ ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 484ਵੇਂ ਪ੍ਰਕਾਸ਼ ਪੁਰਬ ਦੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਪਦੇਸ਼ਾਂ ਅਤੇ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮਨੁੱਖ ਮਾਤਰ ਲਈ ਸੁਚੱਜਾ ਮਾਰਗ ਦਰਸ਼ਨ ਕਰਦੀਆਂ ਹਨ, ਜਿਸ ’ਤੇ ਚੱਲ ਕੇ ਅਸੀਂ ਸ਼ੁਭ ਅਮਲਾਂ ਦੇ ਧਾਰਨੀ ਬਣ ਸਕਦੇ ਹਾਂ। ਪ੍ਰੋ. ਬਡੂੰਗਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਜਿਥੇ ਸਮੂਹ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਵਿਚ ਹਾਜ਼ਰੀ ਭਰਨ ਦੀ ਅਪੀਲ ਕੀਤੀ, ਉਥੇ ਹੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਨਿਵਾਸੀਆਂ ਨੂੰ ਸ਼ਹਿਰ ਦੀ ਸਾਫ਼-ਸਫ਼ਾਈ ਕਰਨ ਦੇ ਨਾਲ-ਨਾਲ ਦੀਪਮਾਲਾ ਨਾਲ ਰੁਸ਼ਨਾਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਇਸ ਮੁਬਾਰਕ ਦਿਹਾੜੇ ’ਤੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋ ਕੇ ਗੁਰੂ ਜੀ ਨੂੰ ਅਕੀਦਤ ਭੇਟ ਕਰ ਰਹੀਆਂ ਹਨ। ਉਨ੍ਹਾਂ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਅੱਜ 6 ਅਕਤੂਬਰ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਵਿਚ ਇਸ ਵਾਰ ਸ਼੍ਰੋਮਣੀ ਕਮੇਟੀ ਦੇ ਸਾਰੇ ਮੁਲਾਜ਼ਮ ਗੁਰੂ ਸਾਹਿਬ ਜੀ ਦੀ ਉਸਤਤਿ ਵਿਚ ਬਣਾਈਆਂ ਗਈਆਂ ਵਿਸ਼ੇਸ਼ ਪੱਟੀਆਂ ਆਪਣੀਆਂ ਦਸਤਾਰਾਂ ਤੇ ਸਜਾਉਣਗੇ, ਜਿਸ ’ਤੇ ‘ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ’ ਲਿਖਿਆ ਹੋਇਆ ਹੈ। ਉਨ੍ਹਾਂ ਪ੍ਰਸੰਨਤਾ ਪ੍ਰਗਟ ਕੀਤੀ ਕਿ ਇਸ ਵਾਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਬੱਸ ਅੱਡਾ, ਰੇਲਵੇ ਸਟੇਸ਼ਨ ਅਤੇ ਅਟਾਰੀ ਬਾਰਡਰ ’ਤੇ ਵੀ ਦੀਪਮਾਲਾ ਕੀਤੀ ਜਾ ਰਹੀ ਹੈ। ਉਨ੍ਹਾਂ ਇਕ ਵਾਰ ਫਿਰ ਸਮੁੱਚੀਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਗੁਰੂ ਸਾਹਿਬ ਦੇ ਜੀਵਨ ਅਤੇ ਫ਼ਲਸਫ਼ੇ ਤੋਂ ਸੇਧ ਲੈਣ ਦੀ ਅਪੀਲ ਕੀਤੀ।

WRITTEN BY