Skip to content
Independent perspectives. Global stories.
BREAKING

ਸ੍ਰੀ ਨਨਕਾਣਾ ਸਾਹਿਬ ਵਿਖੇ ਸਿੱਖ ਅਜਾਇਬ ਘਰ ਬਣਾਇਆ ਜਾਵੇਗਾ : ਪ੍ਰੋ. ਕਿਰਪਾਲ ਸਿੰਘ ਬਡੂੰਗਰ

Share this story

ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਭਾਈ ਮਰਦਾਨਾ ਜੀ ਦੇ ਨਾਮ ’ਤੇ ਗੁਰਬਾਣੀ ਸੰਗੀਤ ਅਕੈਡਮੀ ਸਥਾਪਤ ਕਰਨ ਨੂੰ ਪ੍ਰਵਾਨਗੀ

ਫਤਹਿਗੜ੍ਹ ਸਾਹਿਬ, 10 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਨੇ ਅੱਜ ਅਹਿਮ ਫੈਸਲੇ ਕਰਦਿਆਂ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸਿੱਖ ਅਜਾਇਬ ਘਰ ਬਣਾਉਣ ਦਾ ਫੈਸਲਾ ਕੀਤਾ ਉਥੇ ਹੀ ਸ੍ਰੀ ਨਨਕਾਣਾ ਸਾਹਿਬ ਵਿਖੇ ਬੱਚਿਆਂ ਨੂੰ ਗੁਰਮਤਿ ਸੰਗੀਤ ਦੀ ਸਿਖਲਾਈ ਦੇਣ ਲਈ ਭਾਈ ਮਰਦਾਨਾ ਜੀ ਦੇ ਨਾਮ ’ਤੇ ਗੁਰਬਾਣੀ ਸੰਗੀਤ ਅਕੈਡਮੀ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ। ਇਸ ਤੋਂ ਇਲਾਵਾ ਜੂਨ 1984 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਪ੍ਰਤੀ ਮੰਦਭਾਸ਼ਾ ਲਿਖਣ ਵਾਲੇ ਲੇਖਕ ਕੁਲਦੀਪ ਨਈਅਰ ਦਾ ਸਨਮਾਨ ਵਾਪਸ ਲੈਣ ਦਾ ਵੀ ਫੈਸਲਾ ਕੀਤਾ ਗਿਆ। ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਵਿਖੇ ਇੱਕ ਵਿਸ਼ਾਲ ਸਿੱਖ ਅਜਾਇਬ ਘਰ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਗੁਰਬਾਣੀ ਸੰਗੀਤ ਅਕੈਡਮੀ ਖੋਲ੍ਹੀ ਜਾਵੇਗੀ ਅਤੇ ਇਸਦੇ ਨਾਲ ਹੀ ਪਾਕਿਸਤਾਨ ਦੇ ਗੁਰਦੁਆਰਾ ਸਾਹਿਬਾਨ ਵਿਖੇ ਨਿਤਨੇਮ ਦੀਆਂ ਬਾਣੀਆਂ, ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਟੀਕ ਦੇ ਨਾਲ ਹੀ ਤਬਲਾ, ਹਾਰਮੋਨੀਅਮ ਸਮੇਤ ਸੰਗੀਤ ਦਾ ਹੋਰ ਸਾਜ਼ੋ-ਸਮਾਨ ਦਿੱਤਾ ਜਾਵੇਗਾ ਅਤੇ ਇਸਦੀ ਆਗਿਆ ਸਬੰਧੀ ਪ੍ਰਕਿਰਿਆ ਨੂੰ ਸਰਲ ਬਣਾਉਂਦਿਆਂ ਅਧਿਕਾਰ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੂੰ ਦੇ ਦਿੱਤੇ ਗਏ ਹਨ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਰਾਏ ਬੁਲਾਰ ਜੀ ਦੇ ਨਾਮ ‘ਤੇ ਇੱਕ ਲਾਇਬ੍ਰੇਰੀ ਬਣਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਰਾਏ ਬੁਲਾਰ ਜੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਉਣ ਸਮੇਂ ਉਨ੍ਹਾਂ ਦੇ ਪਰਿਵਾਰ ਨੂੰ ਵੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਆਉਣ ਲਈ ਸੱਦਾ ਦਿੱਤਾ ਜਾਵੇਗਾ।

WRITTEN BY