ਚੰਡੀਗੜ੍ਹ, 15 ਅਕਤੂਬਰ- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਪੰਜਾਬ ਦੇ ਸਮਾਜਕ ਅਤੇ ਆਰਥਕ ਵਿਕਾਸ ਲਈ ਪ੍ਰਵਾਸੀ ਪੰਜਾਬੀ ਭਾਰਤੀਆਂ ਤੋਂ ਸਹਿਯੋਗ ਅਤੇ ਯੋਗਦਾਨ ਦੀ ਮੰਗ ਕੀਤੀ ਹੈ। ਰਾਣਾ ਕੇ.ਪੀ. ਸਿੰਘ ਇਸ ਸਮੇਂ ਇੰਗਲੈਂਡ ਅਤੇ ਹੋਰਨਾਂ ਯੂਰਪੀ ਦੇਸ਼ਾਂ ਦੇ ਦੌਰੇ ’ਤੇ ਹਨ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪ੍ਰਵਾਸੀ ਭਾਰਤੀਆਂ ਦੇ ਵਫਦਾਂ ਨੇ ਉਨ੍ਹਾਂ ਨਾਲ ਮੁਲਾਕਾਤ ਦੌਰਾਨ ਸੂਬੇ ਦੇ ਤੇਜ ਵਿਕਾਸ ਲਈ ਆਪਣਾ ਯੋਗਦਾਨ ਪਾਉਣ ਦੀ ਪੇਸ਼ਕਸ਼ ਕੀਤੀ। ਇੰਨ੍ਹਾਂ ਮੁਲਾਕਾਤਾਂ ਦੌਰਾਨ ਪੰਜਾਬ ਵਿਧਾਨ ਸਭਾ ਸਪੀਕਰ ਨੇ ਪ੍ਰਵਾਸੀ ਪੰਜਾਬੀਆਂ ਨੂੰ ਦੱਸਿਆ ਕਿ ਉਹ ਵਿਸ਼ੇਸ਼ ਤੌਰ ’ਤੇ ਸਿੱਖਿਆ ਅਤੇ ਸਿਹਤ ਸੰਭਾਲ ਪ੍ਰਣਾਲੀ ਨੂੰ ਬਿਹਤਰ ਬਨਾਉਣ ਲਈ ਸੂਬੇ ਦੀ ਮਦਦ ਕਰ ਸਕਦੇ ਹਨ। ਉਨ੍ਹਾਂ ਸੁਝਾਅ ਦਿੱਤਾ ਕਿ ਵਿਅਕਤੀਆਂ ਜਾਂ ਵਿਕਤੀਗਤ ਸਿਆਸੀ ਪਾਰਟੀਆਂ ਅਤੇ ਹੋਰ ਸੰਗਠਨਾਂ ਨੂੰ ਦਾਨ ਤੇ ਯੋਗਦਾਨ ਦੇਣ ਦੀ ਬਜਾਏ ਪ੍ਰਵਾਸੀ ਭਾਰਤੀ ਸਿੱਧੇ ਤੌਰ ’ਤੇ ਰਾਜ ਦੀਆਂ ਸੰਸਥਾਵਾਂ ਨਾਲ ਪਾਰਦਰਸ਼ੀ ਤਰੀਕੇ ਨਾਲ ਕੰਮ ਕਰਨ। ਰਾਣਾ ਕੰਵਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਿੱਚ ਉਮੀਦ ਅਤੇ ਭਰੋਸੇ ਦਾ ਮਾਹੌਲ ਸਥਾਪਤ ਹੋਇਆ ਹੈ ਅਤੇ ਮੁੱਖ ਮੰਤਰੀ ਨੇ ਰਾਜ ਦੇ ਮੁੜ ਨਿਰਮਾਣ ਲਈ ਵੱਡੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਮਿਸ਼ਨ ਲਈ ਮਦਦ ਵਾਸਤੇ ਪ੍ਰਵਾਸੀ ਭਾਰਤੀਆਂ ਤੱਕ ਵੀ ਨਿੱਜੀ ਤੌਰ ’ਤੇ ਪਹੁੰਚ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਉਪ-ਚੋਣ ਦੇ ਨਤੀਜਿਆਂ ਨੇ ਵੀ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਵਿੱਚ ਲੋਕਾਂ ਦੇ ਭਰੋਸੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਪ੍ਰਗਤੀਵਾਦੀ ਅਤੇ ਉਤਪਾਦਕ ਹੋਵੇਗਾ ਅਤੇ ਪ੍ਰਵਾਸੀ ਭਾਰਤੀਆਂ ਨੂੰ ਇਸ ਤਰੱਕੀ ਦਾ ਹਿੱਸਾ ਬਨਣ ਦਾ ਸੱਦਾ ਦਿੱਤਾ। ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਪ੍ਰਵਾਸੀ ਭਾਰਤੀ ਭਾਈਚਾਰੇ ਤੋਂ ਉਨ੍ਹਾਂ ਨੂੰ ਮਿਲੇ ਪਿਆਰ ਅਤੇ ਸਹਿਯੋਗ ਨਾਲ ਉਹ ਗਦਗਦ ਹਨ ਅਤੇ ਖੁਦ ਨੂੰ ਮਾਣਮੱਤਾ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਪ੍ਰਵਾਸੀ ਭਾਰਤੀਆਂ ਦੀ ਪੰਜਾਬ ਪ੍ਰਤੀ ਚਿੰਤਾ ਅਤੇ ਦਿਲਚਸਪੀ ਦੀ ਸ਼ਲਾਘਾ ਕੀਤੀ ਅਤੇ ਜ਼ੋਰ ਦੇ ਕੇ ਆਖਿਆ ਕਿ ਉਨ੍ਹਾਂ ਦੇ ਹਿਤਾਂ ਦੀ ਰਖਵਾਲੀ ਲਈ ਹਰ ਸੰਭਵ ਕਦਮ ਪੁੱਟਿਆ ਜਾਵੇਗਾ।
ਪੰਜਾਬ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ਹੜੱਪਣ ਅਤੇ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਨ ਸਬੰਧੀ ਮਾਮਲਿਆਂ ਦੀ ਮੁੱਖ ਮੰਤਰੀ ਵੱਲੋਂ ਨਿੱਜੀ ਤੌਰ ’ਤੇ ਨਜ਼ਰਸਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁੰਦਿਆਂ ਪ੍ਰਵਾਸੀ ਭਾਰਤੀ ਪੰਜਾਬ ਅੰਦਰ ਆਪਣੀ ਜਾਇਦਾਦ ਅਤੇ ਸੁਰੱਖਿਆ ਤੋਂ ਬੇਫਿਕਰ ਹੋ ਸਕਦੇ ਹਨ। ਰਾਣਾ ਕੰਵਰਪਾਲ ਸਿੰਘ ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਨੂੰ ਬੇਲੋੜੀ ਪ੍ਰੇਸ਼ਾਨੀ ਤੋਂ ਬਚਾਉਣ ਲਈ ਪੰਜਾਬ ਸਰਕਾਰ ਨੇ ਤੇਜ ਅਤੇ ਸਮੇਂ ਸਿਰ ਨਿਆਂ ਯਕੀਨੀ ਬਨਾਉਣ ਲਈ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ।
ਰਾਣਾ ਕੇ.ਪੀ. ਨੇ ਪ੍ਰਵਾਸੀ ਭਾਰਤੀਆਂ ਨੂੰ ਪੰਜਾਬ ਦੀ ਸਮਾਜਕ ਤੇ ਆਰਥਕ ਭਲਾਈ ਲਈ ਯੋਗਦਾਨ ਪਾਉਣ ਲਈ ਪ੍ਰੇਰਿਆ



