ਚੰਡੀਗੜ੍ਹ, 20 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਨੇ ਲੁਧਿਆਣਾ ਦੇ ਆਰ.ਐਸ.ਐਸ. ਨੇਤਾ ਰਵਿੰਦਰ ਗੋਸਾਈਂ ਦੇ ਕਤਲ ਕੇਸ ਦੀ ਜਾਂਚ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੂੰ ਸੌਂਪਣ ਦਾ ਫੈਸਲਾ ਕੀਤਾ ਹੈ। ਕੈਪਟਨ ਨੇ ਪਰਿਵਾਰ ਲਈ ਪੰਜ ਲੱਖ ਰੁਪਏ ਮੁਆਵਜ਼ਾ ਅਤੇ ਮ੍ਰਿਤਕ ਦੇ ਚਾਰ ਬੱਚਿਆਂ ਵਿੱਚੋਂ ਇਕ ਨੂੰ ਵਿਦਿਅਕ ਯੋਗਤਾ ਦੇ ਅਨੁਕੂਲ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ। ਸ੍ਰੀ ਗੋਸਾਈਂ ਦੀ ਪਤਨੀ ਦੀ ਵੀ ਕੁਝ ਸਾਲ ਪਹਿਲਾਂ ਕੈਂਸਰ ਰੋਗ ਕਾਰਨ ਮੌਤ ਹੋ ਗਈ ਸੀ ਅਤੇ ਉਨ੍ਹਾਂ ਦੇ ਚਾਰ ਬੱਚੇ ਹਨ। ਆਰ.ਐਸ.ਐਸ. ਦੇ ਇਕ ਵਫ਼ਦ ਵੱਲੋਂ ਬੀਤੇ ਦਿਨ ਮੁੱਖ ਮੰਤਰੀ ਰਿਹਾਇਸ਼ ’ਤੇ ਉਨ੍ਹਾਂ ਨਾਲ ਮੁਲਾਕਾਤ ਦੌਰਾਨ ਕੀਤੀ ਅਪੀਲ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਜਾਂਚ ਏਜੰਸੀ ਨੂੰ ਪੜਤਾਲ ਸੌਂਪਣ ਦੇ ਹੁਕਮ ਦਿੱਤੇ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਕੇਸ ਦਾ ਨਾਤਾ ਕੌਮਾਂਤਰੀ ਪੱਧਰ ’ਤੇ ਹੋਣ ਕਾਰਨ ਮੁੱਖ ਮੰਤਰੀ ਨੇ ਆਰ.ਐਸ.ਐਸ. ਦੀ ਅਪੀਲ ਨੂੰ ਪ੍ਰਵਾਨ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਬੀਤੇ ਸਮੇਂ ਵਿੱਚ ਵਾਪਰੀਆਂ ਅਜਿਹੀਆਂ ਘਟਨਾਵਾਂ ਦੀ ਹੁਣ ਤੱਕ ਹੋਈ ਪੜਤਾਲ ਵਿੱਚ ਇਹ ਸੰਕੇਤ ਮਿਲੇ ਹਨ ਕਿ ਇਨ੍ਹਾਂ ਸਾਜ਼ਿਸ਼ਾਂ ਨੂੰ ਵਿਦੇਸ਼ੀ ਧਰਤੀ ਤੋਂ ਅੰਜ਼ਾਮ ਦਿੱਤਾ ਜਾ ਰਿਹਾ ਹੈ। ਇਸੇ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਜਾਂਚ ਏਜੰਸੀ ਨੂੰ ਇਸ ਪੜਤਾਲ ਦਾ ਹਿੱਸਾ ਬਣਾਉਣ ਦੀ ਸਹਿਮਤੀ ਦਿੱਤੀ ਤਾਂ ਕਿ ਕੇਂਦਰੀ ਏਜੰਸੀਆਂ ਤੇ ਪੰਜਾਬ ਪੁਲੀਸ ਦਰਮਿਆਨ ਹੋਰ ਵਧੇਰੇ ਤਾਲਮੇਲ ਬਿਠਾਇਆ ਜਾ ਸਕੇ।



