Skip to content
Independent perspectives. Global stories.
BREAKING

ਕੈਪਟਨ ਵੱਲੋਂ ਸ਼ਹੀਦ ਸਰਕਾਰੀ ਮੁਲਾਜ਼ਮਾਂ ਦੀਆਂ ਵਿਧਵਾਵਾਂ ਲਈ ਵਿਸ਼ੇਸ਼ ਪਰਿਵਾਰਕ ਪੈਨਸ਼ਨ ਬਹਾਲ

Share this story

ਅੱਤਵਾਦ ਦੌਰਾਨ ਮਰਨ ਵਾਲੇ ਪੁਲੀਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵੀ ਲਾਲ ਕਾਰਡ ਸਕੀਮ ਦਾ ਲਾਭ ਦੇਣ ਲਈ ਸਹਿਮਤੀ ਦਿੱਤੀ

ਚੰਡੀਗੜ੍ਹ, 20 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਤਵਾਦੀਆਂ ਵੱਲੋਂ ਮਾਰੇ ਗਏ ਸਰਕਾਰੀ ਮੁਲਾਜ਼ਮਾਂ ਦੀਆਂ ਵਿਧਵਾਵਾਂ ਲਈ ਵਿਸ਼ੇਸ਼ ਪਰਿਵਾਰਕ ਪੈਨਸ਼ਨ ਬਹਾਲ ਕਰ ਦਿੱਤੀ ਹੈ। ਇਸੇ ਦੇ ਨਾਲ ਹੀ ਮੁੱਖ ਮੰਤਰੀ ਨੇ ਅੱਤਵਾਦ ਦੇ ਦੌਰ ਵਿੱਚ ਮਾਰੇ ਗਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਲਾਲ ਕਾਰਡ ਸਕੀਮ ਦਾ ਲਾਭ ਦੇਣ ਦੀ ਵੀ ਸਹਿਮਤੀ ਦੇ ਦਿੱਤੀ। ਸਾਲ 2016 ਵਿੱਚ ਪਿਛਲੀ ਅਕਾਲੀ ਸਰਕਾਰ ਨੇ ਵਿਸ਼ੇਸ਼ ਪੈਨਸ਼ਨ ਸਕੀਮ ਬੰਦ ਕਰ ਦਿੱਤੀ ਸੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਆਉਣ ’ਤੇ ਇਸ ਸਕੀਮ ਨੂੰ ਬਹਾਲ ਕਰਨ ਦਾ ਵਾਅਦਾ ਕੀਤਾ ਸੀ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਸਕੀਮ ਤਹਿਤ ਵਿਧਵਾ ਨੂੰ ਉਸ ਦੀ ਮੌਤ ਤੱਕ ਪੈਨਸ਼ਨ ਮਿਲੇਗੀ ਜਦਕਿ ਇਸ ਤੋਂ ਪਹਿਲਾਂ ਉਸ ਦੇ ਮੁੜ ਵਿਆਹੇ ਜਾਣ ਤੱਕ ਪੈਨਸ਼ਨ ਦੇਣ ਦਾ ਉਪਬੰਧ ਸੀ। ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਵੱਲੋਂ ਕੀਤੀ ਅਪੀਲ ਨਾਲ ਸਹਿਮਤੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ-ਲਾਲ ਕਾਰਡ ਦਿੱਤੇ ਜਾਣਗੇ ਜੋ ਕਿ ਹੁਣ ਤੱਕ ਸਿਰਫ ਅੱਤਵਾਦ ਤੋਂ ਪੀੜਤ ਸਿਵਲੀਅਨਾਂ ਨੂੰ ਹੀ ਦਿੱਤੇ ਜਾਂਦੇ ਹਨ। ਪੰਜਾਬ ਪੁਲਿਸ ਦੇ ਬਹਾਦਰੀ ਤੇ ਕੁਰਬਾਨੀ ਭਰੇ ਇਤਿਹਾਸ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਅੱਤਵਾਦ ਦੌਰਾਨ ਪੰਜਾਬ ਵੱਲੋਂ ਹੰਢਾਈਆਂ ਔਖੀਆਂ ਪ੍ਰਸਥਿਤੀਆਂ ਅਤੇ ਸ਼ਾਂਤੀ ਦੀ ਬਹਾਲੀ ਲਈ ਪੁਲੀਸ ਦੀਆਂ ਮਹਾਨ ਕੁਰਬਾਨੀਆਂ ਨੂੰ ਚੇਤੇ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਪਰਿਵਾਰਾਂ ਨਾਲ ਵਾਅਦਾ ਕੀਤਾ ਕਿ ਹਥਿਆਰਬੰਦ ਪੁਲਿਸ ਵਿੱਚ ਭਰਤੀ, ਉਨ੍ਹਾਂ ਦੇ ਬੱਚਿਆਂ ਦੀ ਤਾਇਨਤੀ ਗ੍ਰਹਿ ਜ਼ਿਲ੍ਹਿਆਂ ਦੇ ਨੇੜੇ ਕਰਨ ਬਾਰੇ ਮੰਗ ਨੂੰ ਸਰਕਾਰ ਵੱਲੋਂ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਮੁੱਖ ਮੰਤਰੀ ਨੇ ਇਹ ਐਲਾਨ ਅੱਜ ਇੱਥੇ ਪੰਜਾਬ ਪੁਲਿਸ ਹੈਡਕੁਆਰਟਰ ਵਿਖੇ ਸ਼ਹੀਦੀ ਦਿਵਸ ਦੀ ਪੂਰਵ ਸੰਧਿਆਂ ਮੌਕੇ ਕੀਤੇ। ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਫੋਰਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪੁਲਿਸ ਦੇ ਇਤਿਹਾਸ ਵਿੱਚ ਪਹਿਲੀ ਵਾਰ ਸ਼ਹੀਦਾਂ ਦੇ ਪਰਿਵਾਰਾਂ ਨਾਲ ਗੱਲਬਾਤ ਕਰਨ ਤੋਂ ਇਲਾਵਾ ਜੋਤ ਜਗਾਈ। ਸੂਬੇ ਵਿੱਚ ਐਸ.ਪੀ.ਓਜ਼ ਅਤੇ ਹੋਮਗਾਰਡਜ਼ ਸਮੇਤ ਪੁਲਿਸ ਦੇ ਕੁੱਲ 1600 ਸ਼ਹੀਦਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਸਮੇਤ ਬਾਕੀ ਪੁਲਿਸ ਫੋਰਸ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਭਲਾਈ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਪਰਿਵਾਰਕ ਪੈਨਸ਼ਨ ਲਈ ਡੀ.ਜੀ.ਪੀ. ਨੂੰ ਲੋੜੀਂਦਿਆਂ ਹਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਅਤੇ ਇਸ ਸਕੀਮ ਨੂੰ ਅੱਤਵਾਦ ਵਿਰੁੱਧ ਲੜਾਈ ਦੌਰਾਨ ਮਾਰੇ ਗਏ ਸਰਕਾਰੀ ਮੁਲਾਜ਼ਮ ਦੀ ਵਿਧਵਾ ਜਾਂ ਮਾਤਾ ਨੂੰ ਪੈਨਸ਼ਨ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਪੈਨਸ਼ਨ ਦੀ ਰਾਸ਼ੀ ਮੁਲਾਜ਼ਮ ਦੀ ਮੌਤ ਸਮੇਂ ਦੌਰਾਨ ਉਸ ਦੀ ਆਖਰੀ ਤਨਖਾਹ ਦੇ ਬਰਾਬਰ ਹੋਵੇਗੀ। ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਵਿਧਵਾਵਾਂ ਸਾਡੇ ਪਰਿਵਾਰ ਦਾ ਹਿੱਸਾ ਹਨ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਸਾਡਾ ਫਰਜ਼ ਹੈ। ਮੁੱਖ ਮੰਤਰੀ ਨੇ ਆਖਿਆ ਕਿ ਪੁਲਿਸ ਮੁਲਾਜ਼ਮ ਬਹੁਤ ਔਖੀਆਂ ਹਾਲਤਾਂ ਵਿੱਚ ਕੰਮ ਕਰਦੇ ਹਨ ਅਤੇ ਕਈ ਵਾਰ ਉਨ੍ਹਾਂ ਨੂੰ 24-24 ਘੰਟੇ ਕੰਮ ਕਰਨਾ ਪੈਂਦਾ ਹੈ ਜਿਸ ਕਰਕੇ ਉਹ ਬਹੁਤਾ ਸਮਾਂ ਆਪਣੇ ਪਰਿਵਾਰਾਂ ਤੋਂ ਦੂਰ ਰਹਿੰਦੇ ਹਨ। ਉਨ੍ਹਾਂ ਨੇ ਦੁੱਖ ਜ਼ਾਹਰ ਕਰਦਿਆਂ ਆਖਿਆ ਕਿ ਉਨ੍ਹਾਂ ਨੂੰ ਵਧੀਆ ਮਕਾਨ, ਸਿਹਤ ਸੰਭਾਲ ਅਤੇ ਬੱਚਿਆਂ ਦੀ ਸਿੱਖਿਆ ਵਰਗੀਆਂ ਮੁੱਢਲੀਆਂ ਸਹੂਲਤਾਂ ਦੀ ਕਮੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੜਾਈ ਵਿੱਚ ਮਾਰੇ ਜਾਂਦੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਅਕਸਰ ਗੁਰਬਤ ਅਤੇ ਨਿਆਸਰਿਆਂ ਵਾਲਾ ਜੀਵਨ ਜਿਉਣਾ ਪੈਂਦਾ ਹੈ।
ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਨੇ ਅੱਤਵਾਦੀਆਂ ਹੱਥੋਂ ਮਾਰੇ ਗਏ ਪੁਲਿਸ ਮੁਲਾਜ਼ਮਾਂ ਵਿੱਚੋਂ ਕੁਝ ਮੁਲਾਜ਼ਮਾਂ ਦੇ ਬੱਚਿਆਂ ਨੂੰ ਐਕਸ-ਗ੍ਰੇਸੀਆ ਸਹਾਇਤਾ ਅਤੇ ਨੌਕਰੀਆਂ ਪਹਿਲਾਂ ਹੀ ਦੇ ਦਿੱਤੀਆਂ ਹਨ ਅਤੇ ਇਹ ਪ੍ਰਕ੍ਰਿਆ ਇਸੇ ਤਰ੍ਹਾਂ ਜਾਰੀ ਰਹੇਗੀ। ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਅਗਲੇ ਕੁਝ ਮਹੀਨਿਆਂ ਵਿੱਚ ਉਨ੍ਹਾਂ ਲਈ ਹੋਰ ਭਲਾਈ ਉਪਰਾਲਿਆਂ ਦਾ ਐਲਾਨ ਕੀਤਾ ਜਾਵੇਗਾ।
ਪੰਜਾਬ ਪੁਲਿਸ ਹੈਡਕੁਆਟਰ ਦੇ ਪ੍ਰਵੇਸ਼ ਦੁਆਰ ’ਤੇ ਸਥਾਪਤ ਕੀਤੀ ਗਈ ਸ਼ਹੀਦੀ ਯਾਦਗਾਰ ਪੰਜਾਬ ਪੁਲਿਸ ਵੱਲੋਂ ਆਪਣੇ ਸ਼ਹੀਦਾਂ ਨੂੰ ਇਕ ਨਿਮਰ ਸ਼ਰਧਾਂਜਲੀ ਹੈ। ਯਾਦਗਾਰ ਦੀ ਭਾਵਨਾ ਰਾਬਰਟ ਲੌਰੇਨਸ ਬਾਇਯੋਨ ਦੀ ਕਵਿਤਾ ‘‘ਫਾਰ ਦੀ ਫਾਲਨ’’ ਦੇ ਇਕ ਮਸ਼ਹੂਰ ਕਥਨ ਦੁਆਰਾ ਦਰਸਾਈ ਗਈ ਹੈ। ਇਹ ਕਵਿਤਾ ਪਹਿਲੇ ਵਿਸ਼ਵ ਯੁੱਧ ਦੇ ਸ਼ੁਰੂ ਹੋਣ ਸਮੇਂ 1914 ਵਿੱਚ ਰਚੀ ਗਈ ਸੀ। ਇਸ ਕਵਿਤਾ ਦੀ ਇਕ ਪੰਕਤੀ, ‘‘ਸਵੇਰ-ਸ਼ਾਮ, ਅਸੀਂ ਉਨ੍ਹਾਂ ਨੂੰ ਯਾਦ ਰੱਖਾਂਗੇ’’। ਇਸ ਯਾਦਗਾਰ ’ਤੇ ਸ਼ਹੀਦਾਂ ਦੇ ਨਾਂ ਵੇਰਵੇ ਸਹਿਤ ਉਕਰੇ ਹੋਏ ਹਨ।

WRITTEN BY