Skip to content
Independent perspectives. Global stories.
BREAKING

ਏਸ਼ੀਅਨ ਡਿਵੈਪਲਮੈਂਟ ਬੈਂਕ ਵੱਲੋਂ ਵਿਕਾਸ ਲਈ 1000 ਕਰੋੜ ਹੋਣਗੇ ਅਲਾਟ : ਕੈਪਟਨ

Share this story

ਜਲੰਧਰ ਦੇ ਵਿਕਾਸ ਲਈ 363.43 ਕਰੋੜ ਦੀ ਗਰਾਂਟ ਦਾ ਐਲਾਨ

ਜਲੰਧਰ , 26 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਜਲੰਧਰ ਸ਼ਹਿਰ ਦੀ ਨੁਹਾਰ ਬਦਲਣ ਲਈ ਵੱਖ-ਵੱਖ ਪ੍ਰਾਜੈਕਟਾਂ ਲਈ 363.43 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਕੈਪਟਨ ਅਮਰਿੰਦਰ ਸਿੰਘ, ਜੋ ਕਿ ਮੁੱਖ ਮੰਤਰੀ ਬਣਨ ਪਿਛੋਂ ਜਲੰਧਰ ਦੇ ਪਹਿਲੇ ਦੌਰੇ ’ਤੇ ਇਥੇ ਪਹੁੰਚੇ ਸਨ ਵਲੋਂ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਪ੍ਰ੍ਰੈਸ ਨਾਲ ਵੀ ਗੱਲਬਾਤ ਕੀਤੀ ਗਈ। ਮੁੱਖ ਮੰਤਰੀ ਵਲੋਂ ਏਸ਼ੀਅਨ ਡਿਵੈਲਪਮੈਂਟ ਬੈਂਕ ਦੇ ਸਹਿਯੋਗ ਨਾਲ ਜਲੰਧਰ ਸ਼ਹਿਰ ਨੂੰ ਬਿਆਸ ਜਾਂ ਸਤਲੁਜ ਦਰਿਆ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਕਰਨ ਲਈ 1000 ਕਰੋੜ ਰੁਪਏ ਪ੍ਰੋਜੈਕਟ ਦਾ ਵੀ ਐਲਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਏਸ਼ੀਅਨ ਡਿਵੈਲਪਮੈਂਟ ਬੈਂਕ ਵਲੋਂ 3 ਕਰੋੜ ਰੁਪਏ ਦੀ ਲਾਗਤ ਨਾਲ ਇਸ ਪ੍ਰੋਜੈਕਟ ਲਈ ਮੁੱਢਲੀ ਸਟੱਡੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਜਿਥੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇਗਾ ਉਥੇ ਹੀ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਡਿੱਗਣ ਨੂੰ ਰੋਕਣ ਵਿੱਚ ਵੀ ਵੱਡੀ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਜਲੰਧਰ ਪਿਛੋਂ ਇਸ ਪ੍ਰੋਜੈਕਟ ਨੂੰ ਬਠਿੰਡਾ ,ਲੁਧਿਆਣਾ, ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਵੀ ਲਾਗੂ ਕੀਤਾ ਜਾਵੇਗਾ। ਸ਼ਹਿਰਾਂ ਵਿੱਚ ਪੀਣ ਵਾਲੇ ਪਾਣੀ, ਸੀਵਰੇਜ਼ ਟਰੀਟਮੈਂਟ ਪਲਾਂਟ, ਸੜਕਾਂ, ਸਟਰੀਟ ਲਾਈਟਾਂ ਤੇ ਹੋਰ ਵਿਕਾਸ ਕੰਮਾਂ ਨੂੰ ਆਪਣੀ ਸਰਕਾਰ ਦੀ ਪਹਿਲਕਦਮੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਦੇ ਤੇਜ ਵਿਕਾਸ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੂੰ ਸੂਬੇ ਦੀ ਕਮਜ਼ੋਰ ਵਿੱਤੀ ਸਿਹਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਇਸ ਨੂੰ ਪਾਰਟੀ ਦੇ ਮੈਨੀਫੈਸਟੋ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅੜਿੱਕਾ ਨਹੀਂ ਬਣਨ ਦਿੱਤਾ ਜਾਵੇਗਾ। ਜਲੰਧਰ ਸ਼ਹਿਰ ਦੇ ਵਿਕਾਸ ਲਈ ਪ੍ਰੋਜੈਕਟਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਵਲੋਂ ਸਮਾਰਟ ਸਿਟੀ ਪ੍ਰੋਜੈਕਟ ਤਹਿਤ 50 ਕਰੋੜ ਰੁਪਏ ਅਤੇ ਹੋਰ ਨਵੇਂ ਵਿਕਾਸ ਕੰਮਾਂ ਦੀ ਸੁਰੂਆਤ ਲਈ 42.43 ਕਰੋੜ ਰੁਪਏ ਜਾਰੀ ਕੀਤੇ ਗਏ। ਇਨ੍ਹਾਂ ਕੰਮਾਂ ਵਿੱਚ ਗਲੀਆਂ ਅਤੇ ਪਾਣੀ ਦੇ ਨਿਕਾਸ ਦਾ ਪ੍ਰਬੰਧ ਅਤੇ ਸਾਰੇ ਸ਼ਹਿਰ ਵਿੱਚ ਸਟਰੀਟ ਲਾਈਟਾਂ ਲਗਾਇਆ ਜਾਣਾ ਸ਼ਾਮਿਲ ਹੈ। 346 ਕਰੋੜ ਰੁਪਏ ਦੀ ਅਮਰੁਤ ਯੋਜਨਾ ਤਹਿਤ ਵੀ ਸੂਬਾ ਸਰਕਾਰ ਵਲੋਂ ਵੱਖ-ਵੱਖ ਵਿਕਾਸ ਕੰਮਾਂ ਲਈ 190 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ । ਇਨ੍ਹਾਂ ਵਿੱਚ ਪਾਣੀ ਦੀ ਸਪਲਾਈ ਲਈ 40 ਕਰੋੜ ਰੁਪਏ ਅਤੇ 100 ਐਮ.ਐਲ.ਡੀ.ਦੀ ਸਮਰੱਥਾ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਨਵੀਨੀਕਰਨ ਲਈ 150 ਕਰੋੜ ਰੁਪਏ ਸ਼ਾਮਿਲ ਹਨ। ਮੁੱਖ ਮੰਤਰੀ ਵੱਲੋਂ ਅਰਬਨ ਮਿਸ਼ਨ ਤਹਿਤ ਚੱਲ ਰਹੇ ਵਿਕਾਸ ਕੰਮਾਂ ਲਈ 81 ਕਰੋੜ ਰੁਪਏ ਵੀ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਵਿਕਾਸ ਮੁੱਖੀ ਏਜੰਡੇ ’ਤੇ ਪਹਿਰਾ ਦੇਣ ਦੇ ਨਾਲ-ਨਾਲ ਲੋਕ ਭਲਾਈ ਦੀਆਂ ਅਨੇਕਾਂ ਯੋਜਨਾਵਾਂ ਆਰੰਭੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਅਤੇ ਹਾਊਸ ਟੈਕਸ ਦੇ ਬਕਾਇਆਂ ਦੀ ਵਸੂਲੀ ਲਈ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਯਕਮੁਸ਼ਤ ਅਦਾਇਗੀ ਦੀ ਸਹੂਲਤ ਵੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੂਬਾ ਪੱਧਰ ’ਤੇ ਡਾਇਰੈਕਟੋਰੇਟ ਆਫ ਫਾਇਰ ਸਰਵਿਸਸ ਦੀ ਵੀ ਸਥਾਪਨਾ ਪ੍ਰਗਤੀ ਅਧੀਨ ਹੈ। ਸ਼ਹਿਰੀ ਖੇਤਰਾਂ ਵਿੱਚ ਨਾਗਰਿਕ ਸੇਵਾਵਾਂ ਮੋਬਾਇਲ ਐਪ ਜ਼ਰੀਏ ਮੁਹੱਈਆ ਕਰਵਾਉਣ ਦਾ ਐਲਾਨ ਕਰਦਿਆ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਵਿਵਸਥਾ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਆਵੇਗੀ । ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਸ਼ਹਿਰੀ ਖੇਤਰਾਂ ਦੇ ਵਿਕਾਸ ਲਈ ਕੀਤੀ ਯੋਜਨਾਬੰਧੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵਲੋਂ ਨਾ-ਮਾਤਰ ਸਾਧਨਾਂ ਰਾਹੀਂ ਹੀ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਡੀ.ਏ.ਵੀ.ਇੰਜੀਨੀਅਰਿੰਗ ਕਾਲਜ ਵਿਖੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਐਲਾਨੀ ਗਈ ਈ-ਸੇਵਾ ਦੀ ਸ਼ੁਰੂਆਤ ਬਹੁਤ ਜਲਦੀ ਕੀਤੀ ਜਾਵੇਗੀ ਜਿਸ ਤਹਿਤ ਲੋਕ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਦੇ ਨਕਸ਼ੇ ਅਤੇ ਲੇਅ ਆਊਟ ਪਲਾਨ ਆਨ ਲਾਈਨ ਅਪਲਾਈ ਕਰਕੇ ਪ੍ਰਾਪਤ ਕਰ ਸਕਣਗੇ।

WRITTEN BY