ਡਾਕਟਰ ਦਲਜੀਤ ਸਿੰਘ ਚੀਮਾ ਨੇ ਪ੍ਰਸ਼ਾਸਨਿਕ ਕੋਤਾਹੀ ਲਈ ਤੁਰੰਤ ਜਾਂਚ ਦੀ ਮੰਗ
ਚੰਡੀਗੜ੍ਹ, 28 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਅੰਦਰ ਫੈਲੇ ਡੇਂਗੂ ਦੇ ਕਹਿਰ ਉਤੇ ਕਾਬੂ ਪਾਉਣ ਅਤੇ ਪਲੇਟਲੈਟ ਪਾਉਣ ਦੀਆਂ ਸਹੂਲਤਾਂ ਵਧਾਉਣ ਲਈ ਅਜ ਕਾਂਗਰਸ ਸਰਕਾਰ ਨੂੰ ਹੰਗਾਮੀ ਕਦਮ ਚੁਕਣ ਲਈ ਆਖਿਆ ਹੈ। ਪਾਰਟੀ ਨੇ ਕਿਹਾ ਕਿ ਸਿਹਤ ਵਿਭਾਗ ਦੀ ਨਾਕਾਮੀ ਕਾਰਨ ਪੰਜਾਬ ਅੰਦਰ ਡੇਂਗੂ ਇਕ ਮਹਾਂਮਾਰੀ ਦਾ ਰੂਪ ਧਾਰਨ ਕਰ ਚੁਕਿਆ ਹੈ।ਇਥੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗਲ ਹੈ ਕਿ ਡੇਂਗੂ ਦਾ ਸਭ ਤੋਂ ਵਧ ਕਹਿਰ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੇ ਆਪਣੇ ਜ਼ਿਲ੍ਹੇ ਪਟਿਆਲਾ ਅੰਦਰ ਵੇਖਣ ਨੂੰ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਕੀਮਤੀ ਜਾਨਾਂ ਅਜਾਂਈ ਜਾ ਰਹੀਆਂ ਹਨ। ਇਕਲੇ ਪਟਿਆਲਾ 4 ਮੌਤਾਂ ਹੋਣ ਦੀਆਂ ਖਬਰਾਂ ਆ ਰਹੀਆਂ ਹਨ। ਪਰ ਕਾਂਗਰਸ ਸਰਕਾਰ ਅਜੇ ਵੀ ਨੀਂਦ ਵਿਚੋਂ ਨਹੀਂ ਜਾਗੀ ਹੈ ਅਤੇ ਸਥਿਤੀ ਨੂੰ ਕਾਬੂ ਕਰਨ ਲਈ ਕੁਝ ਵੀ ਨਹੀਂ ਕੀਤਾ ਜਾ ਰਿਹਾ ਹੈ।
ਡਾਕਟਰ ਚੀਮਾ ਨੇ ਕਿਹਾ ਕਿ ਕਿੰਨੇ ਅਫਸੋਸ ਦੀ ਗਲ ਹੈ ਕਿ ਸਰਕਾਰਾਂ ਹਸਪਤਾਲਾਂ ਵਿਚੋਂ ਮਰੀਜ਼ਾਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ ਅਤੇ ਉਹਨਾਂ ਨੂੰ ਪ੍ਰਾਈਵੇਟ ਹਸਪਤਾਲਾਂ ਅਤੇ ਕਲੀਨਕਾਂ ਵਿਚ ਮਹਿੰਗਾ ਇਲਾਜ ਕਰਵਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਹਨਾਂ ਨੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੂੰ ਸਥਿਤੀ ਦਾ ਜਾਇਜ਼ਾ ਲੈਣ ਅਤੇ ਪੂਰੇ ਸੂਬੇ ਦੇ ਹਸਪਤਾਲਾਂ ਅੰਦਰ ਡੇਂਗੂ ਦੇ ਮਰੀਜ਼ਾਂ ਲਈ ਰਾਂਖਵੇ ਬਿਸਤਰਿਆਂ ਦੀ ਗਿਣਤੀ ਵਧਾਉਣ ਲਈ ਆਖਿਆ। ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਵਡੀ ਗਿਣਤੀ ਵਿਚ ਆ ਰਹੇ ਡੇਂਗੂ ਦੇ ਮਰੀਜ਼ਾਂ ਨੂੰ ਰਾਹਤ ਦੇਣ ਲਈ ਪਲੇਟਲੈਟ ਪਾਏ ਜਾਣ ਦੀਆਂ ਸਹੂਲਤਾਂ ਵਿਚ ਵੀ ਵਾਧਾ ਕੀਤੇ ਜਾਣ ਦੀ ਲੋੜ ਹੈ।ਅਕਾਲੀ ਆਗੂ ਨੇ ਇਹ ਵੀ ਕਿਹਾ ਕਿ ਸਾਫ ਨਜ਼ਰ ਆ ਰਿਹਾ ਹੈ ਕਿ ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਢੁਕਵੇਂ ਪ੍ਰਬੰਧ ਨਹੀਂ ਕੀਤੇ ਗਏ। ਹਾਈ ਕੋਰਟ ਨੇ ਵੀ ਸਰਕਾਰ ਦੀ ਡੇਂਗੂ ਕੰਟਰੋਲ ਪ੍ਰੋਗਰਾਮ ਨੂੰ ਲਾਗੂ ਕਰਨ ਵਿਚ ਨਾਕਾਮੀ ਨੂੰ ਇਕ ਵਡੀ ਲਾਪਰਵਾਹੀ ਅਤੇ ਆਪਣੇ ਫਰਜ਼ਾਂ ਤੋਂ ਕੋਤਾਹੀ ਕਰਾਰ ਦਿੰਦਿਆਂ ਖਿਚਾਈ ਕੀਤੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਇਸ ਕੋਤਾਹੀ ਦੀ ਜਾਂਚ ਦਾ ਹੁਕਮ ਦੇ ਕੇ ਜ਼ਿੰਮੇਵਾਰੀ ਤੈਅ ਕਰਨੀ ਚਾਹੀਦੀ ਹੈ ਅਤੇ ਇਸ ਜਾਂਚ ਦੌਰਾਨ ਇਸ ਗਲ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਕਿ ਕੀ ਇਸ ਦੁਖਾਂਤ ਨੂੰ ਰੋਕਣ ਲਈ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਜਰੂਰੀ ਕਦਮ ਚੁਕੇ ਗਏ ਸਨ?
ਡਾਕਟਰ ਚੀਮਾ ਨੇ ਕਿਹਾ ਕਿ ਕਿੰਨੀ ਸ਼ਰਮ ਦੀ ਗਲ ਹੈ ਕਿ ਸਿਹਤ ਵਿਭਾਗ ਨੇ ਡੇਂਗੂ ਕੇਸਾਂ ਉਤੇ ਨਿਗਰਾਨੀ ਰਖਣ ਲਈ ਇਕ ਸਟੇਟ ਕੰਟਰੋਲ ਰੂਮ ਤਕ ਨਹੀਂ ਬਣਾਇਆ ਅਤੇ ਨਾ ਹੀ ਇਸ ਸੰਕਟਕਾਲੀ ਸਥਿਤੀ ਨਾਲ ਨਜਿਠਣ ਲਈ ਡਾਕਟਰਾਂ ਅਤੇ ਮਸ਼ੀਨਰੀ ਨੂੰ ਸਭ ਤੋਂ ਜਰੂਰੀ ਥਾਵਾਂ ਉਤੇ ਭੇਜਣ ਵਾਲੀ ਬਹੁਮਖੀ ਪਹੁੰਚ ਅਪਣਾਈ ਜਾ ਰਹੀ ਹੈ। ਸਿਹਤ ਵਿਭਾਗ ਨੂੁੰ ਤੁਰੰਤ ਅਜਿਹਾ ਕਰਨ ਲਈ ਆਖਦਿਆਂ ਸਾਬਕਾ ਮੰਤਰੀ ਨੇ ਕਿਹਾ ਕਿ ਚੰਗਾ ਹੋਣਾ ਸੀ ਜੇਕਰ ਸਿਹਤ ਮੰਤਰੀ ਨੇ ਖੁਦ ਸਰਕਾਰੀ ਹਸਪਤਾਲਾਂ ਦਾ ਦੌਰਾ ਕਰਨ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਹੁੰਦਾ। ਉਹਨਾਂ ਕਿਹਾ ਕਿ ਅਜੇ ਵੀ ਬਹੁਤੀ ਦੇਰੀ ਨਹੀਂ ਹੋਈ। ਸਿਹਤ ਵਿਭਾਗ ਨੂੰ ਤੁਰੰਤ ਹਰਕਤ ਵਿਚ ਲਿਆਂਦਾ ਜਾਣਾ ਚਾਹੀਦਾ ਹੈ ਤਾਂ ਕਿ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।



