ਸ੍ਰੀ ਚਮਕੌਰ ਸਾਹਿਬ, 28 ਅਕਤੂਬਰ (ਅਮਰਜੀਤ ਸਿੰਘ ਕਲਸੀ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਕੈਬਨਿਟ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਨੇ ਇੱਥੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਸਰਕਲ ਚਮਕੌਰ ਸਾਹਿਬ ਦੇ ਵਰਕਰਾਂ ਨਾਲ ਇੱਕ ਮੀਟਿੰਗ ਕੀਤੀ, ਜਿਸ ਵਿੱਚ ਸਰਕਲ ਦੇ ਸਮੂਹ ਅਹੁਦੇਦਾਰ, ਸੰਮਤੀ ਮੈਂਬਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸਰਪੰਚ ਅਤੇ ਪੰਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਇਸ ਮੀਟਿੰਗ ਦੌਰਾਨ ਇਨ੍ਹਾਂ ਦੋਵੇਂ ਆਗੂਆਂ ਨੇ ਸੂਬੇ ਅੰਦਰ ਪਾਰਟੀ ਦੀ ਹਾਰ ਤੋਂ ਬਾਅਦ ਮਾਯੂਸ ਚਲੇ ਆ ਰਹੇ ਸਮੂਹ ਵਰਕਰਾਂ ਨੂੰ ਇੱਕਜੁੱਟ ਹੋ ਕੇ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਦਾ ਵਿਰੋਧ ਕਰਨ ਅਤੇ ਪਿਛਲੇ 10 ਸਾਲਾਂ ਦੀਆਂ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਦੀਆਂ ਲੋਕ ਹਿੱਤ ਨੀਤੀਆਂ ਨੂੰ ਘਰ-ਘਰ ਪਹੁੰਚਾਣ ਦਾ ਸੱਦਾ ਦਿੱਤਾ। ਉਨ੍ਹਾਂ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸਮਿਤੀ ਅਤੇ ਪੰਚਾਇਤੀ ਚੋਣਾਂ ਲਈ ਸਮੂਹ ਅਕਾਲੀ ਵਰਕਰਾਂ ਨੂੰ ਆਪੋ-ਆਪਣੇ ਪਿੰਡਾਂ ਵਿੱਚ ਸਰਗਰਮ ਹੋਣ ਲਈ ਪ੍ਰੇਰਿਤ ਵੀ ਕੀਤਾ। ਸਾਬਕਾ ਕੈਬਨਿਟ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਨੇ ਸਮੂਹ ਵਰਕਰਾਂ ਨੂੰ ਇੱਕਜੁੱਟ ਹੋ ਕੇ ਕਾਂਗਰਸ ਦੀਆਂ ਨੀਤੀਆਂ ਦਾ ਵਿਰੋਧ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਦੇ ਲੋਕ ਆਪਣੇ-ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸ਼ੁਰੂ ਕੀਤੀਆਂ ਇਹ ਮੀਟਿੰਗਾ ਵਰਕਰਾਂ ਅਤੇ ਅਹੁਦੇਦਾਰਾਂ ਦੇ ਮਨੋਬਲ ਵਿੱਚ ਵਾਧਾ ਕਰਨਗੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਚੇਅਰਮੈਨ ਗੁਰਦੀਪ ਸਿੰਘ ਮਹਿਤੋਤ, ਓਐਸਡੀ ਹਰਦੇਵ ਸਿੰਘੂ, ਬਲਦੇਵ ਸਿੰਘ, ਸਮਿਤੀ ਮੈਂਬਰ ਜਥੇਦਾਰ ਰਾਜਿੰਦਰ ਸਿੰਘ ਮੁੰਡੀਆਂ, ਜਥੇਦਾਰ ਗੁਰਮੀਤ ਸਿੰਘ ਮਕੜੌਨਾ, ਪਰਗਟ ਸਿੰਘ ਰੋਲੂਮਾਜਰਾ, ਅਮਰਿੰਦਰ ਸਿੰਘ, ਯੂਥ ਪ੍ਰਧਾਨ ਲਖਵੀਰ ਸਿੰਘ ਲੱਖੀ ਅਤੇ ਰਾਜਬੀਰ ਸਿੰਘ ਆਦਿ ਹਾਜ਼ਰ ਸਨ।
ਪ੍ਰੋ. ਚੰਦੂਮਾਜਰਾ ਵੱਲੋਂ ਅਕਾਲੀ ਵਰਕਰਾਂ ਨੂੰ ਇੱਕਮੁਠ ਹੋਣ ਦਾ ਸੱਦਾ



