ਲੈਫ. ਜਨਰਲ ਸ. ਅਰੋੜਾ, ਜਨਰਲ ਹਰਬਖਸ਼ ਸਿੰਘ ਤੇ ਏਅਰ ਮਾਰਸ਼ਲ ਸ. ਅਰਜਨ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸਥਾਪਤ
ਅੰਮ੍ਰਿਤਸਰ, 31 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੇ ਉਦਮਾਂ ਸਦਕਾ ਤਿੰਨ ਸਿੱਖ ਜਰਨੈਲਾਂ ਲੈਫਟੀਨੈਂਟ ਜਨਰਲ ਜਗਜੀਤ ਸਿੰਘ ਅਰੋੜਾ, ਜਨਰਲ ਹਰਬਖਸ਼ ਸਿੰਘ ਤੇ ਏਅਰ ਮਾਰਸ਼ਲ ਸ. ਅਰਜਨ ਸਿੰਘ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸਥਾਪਤ ਕਰ ਦਿੱਤੀਆਂ ਗਈਆਂ। ਇਸ ਮੌਕੇ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਪ੍ਰੋ: ਕਿਰਪਾਲ ਸਿੰਘ ਬਡੂੰਗਰ ਤੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਨਿਭਾਈ। ਇਸ ਤੋਂ ਪਹਿਲਾਂ ਭਾਈ ਬਲਵਿੰਦਰ ਸਿੰਘ ਲੋਪੋਕੇ ਦੇ ਹਜ਼ੂਰੀ ਰਾਗੀ ਜੱਥੇ ਵੱਲੋਂ ਪਾਵਨ ਗੁਰਬਾਣੀ ਦਾ ਅਨੰਦਮਈ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਅਰਦਾਸੀਏ ਨੇ ਕੀਤੀ। ਇਸ ਸਮੇਂ ਬੋਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਇਤਿਹਾਸਕ ਤੱਥਾਂ ਦੇ ਆਧਾਰ ’ਤੇ ਤਿੰਨਾਂ ਯੋਧਿਆਂ ਦੇ ਜੀਵਨ ਅਤੇ ਯੋਗਦਾਨ ਬਾਰੇ ਚਾਨਣਾ ਪਾਇਆ। ਪ੍ਰੋ: ਬਡੂੰਗਰ ਨੇ ਕਿਹਾ ਕਿ ਸਿੱਖ ਨਾਇਕਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਇਸ ਕਰਕੇ ਲਗਾਈਆਂ ਜਾਂਦੀਆਂ ਹਨ ਕਿ ਵਰਤਮਾਨ ਅਤੇ ਭਵਿੱਖ ਦੀਆਂ ਪੀੜੀਆਂ ਸਿੱਖੀ ਬਾਣੇ ਤੇ ਸਿੱਖੀ ਸਰੂਪ ਵਿਚ ਰਹਿ ਕੇ ਹਰੇਕ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਣਾ ਲੈ ਸਕਣ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ ਨੂੰ ਸੰਭਾਲਣਾ ਸਾਡੇ ਸਾਰਿਆਂ ਦਾ ਮੁੱਢਲਾ ਤੇ ਮੁੱਖ ਕਰਤੱਵ ਹੈ। ਉਨ੍ਹਾਂ ਕਿਹਾ ਕਿ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਦੂਰ ਅੰਦੇਸ਼ ਸੋਚ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੀ ਸੇਵਾ ਤੇ ਫਰਜ਼ ਬਾਖੂਬੀ ਨਿਭਾਅ ਰਹੀ ਹੈ। ਇਸ ਮੌਕੇ ਸਿੰਘ ਸਾਹਿਬ ਵੱਲੋਂ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਭਾਈ ਅਮਰਜੀਤ ਸਿੰਘ ਚਾਵਲਾ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਪੁੱਜੇ ਸ. ਸੁਰਜੀਤ ਸਿੰਘ ਇੰਗਲੈਂਡ ਤੇ ਸੂਬੇਦਾਰ ਸ. ਦਲਬੀਰ ਸਿੰਘ ਨੂੰ ਵੀ ਸਿੰਘ ਸਾਹਿਬ ਵੱਲੋਂ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦਾ ਇਸ ਸਬੰਧੀ ਅਗਵਾਈ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਸੁਰਜੀਤ ਸਿੰਘ ਕਾਲਾਬੂਲਾ ਤੇ ਸ. ਬਲਵਿੰਦਰ ਸਿੰਘ ਵੇਈਂਪੂਈਂ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਅਜਾਇਬ ਸਿੰਘ ਅਭਿਆਸੀ, ਸ. ਅਮਰਜੀਤ ਸਿੰਘ ਬੰਡਾਲਾ, ਸ. ਬਿਕਰਮ ਸਿੰਘ ਕੋਟਲਾ, ਸ. ਗੁਰਲਾਲ ਸਿੰਘ ਫਤਹਿਗੜ੍ਹ ਸਾਹਿਬ ਤੇ ਸ਼੍ਰੋਮਣੀ ਕਮੇਟੀ ਦਾ ਸਮੁੱਚਾ ਸਟਾਫ ਅਤੇ ਸੰਗਤਾਂ ਹਾਜ਼ਰ ਸਨ।



