ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉ¤ਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਪੁਨਰਗਠਨ ਦੀ ਸ਼ੁਰੂਆਤ ਕਰ ਦਿੱਤੀ ਹੈ। ਪਹਿਲਾਂ ਵੱਡੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ। ਬਾਅਦ ਵਿੱਚ ਜ਼ਿਲ੍ਹਾ ਜੱਥੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਸਿਆਸੀ ਮੂਰਛਤਾ ਤੋਂ ਬਾਹਰ ਨਿਕਲਦਾ ਪ੍ਰਤੀਤ ਹੋ ਰਿਹਾ ਹੈ। ਬੇਸ਼ੱਕ ਪਿਛਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਅਤੇ ਗੁਰਦਾਸਪੁਰ ਦੀ ਲੋਕ ਸਭਾ ਜਿਮਨੀ ਚੋਣ ਵਿੱਚ ਹਾਰ ਤੋਂ ਬਾਅਦ ਅਕਾਲੀ ਦਲ ਲਈ ਸਮਾਂ ਕਾਫੀ ਚੁਣੌਤੀਪੂਰਨ ਹੈ। ਸਿੱਖ ਭਾਈਚਾਰੇ ਨਾਲ ਜੁੜੇ ਮੁੱਦਿਆਂ ’ਤੇ ਅਕਾਲੀ ਦਲ ਨੂੰ ਦੇਸ਼-ਵਿਦੇਸ਼ ਵਿੱਚ ਤਿੱਖੀ ਅਲੋਚਨਾ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਲਗਾਤਾਰ ਅਕਾਲੀ ਦਲ ਦੇ ਵਰਕਰਾਂ ਅਤੇ ਜੱਥੇਦਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਸਿਆਸੀ ਤੌਰ ’ਤੇ ਪਹਿਲਾਂ ਜਿੰਨੇ ਸਰਗਰਮ ਨਹੀਂ ਰਹੇ। ਅਜਿਹੇ ਹਾਲਾਤਾਂ ਵਿੱਚ ਸ. ਸੁਖਬੀਰ ਸਿੰਘ ਬਾਦਲ ਵੱਲੋਂ ਬੇਹੱਦ ਮਜ਼ਬੂਤੀ ਨਾਲ ਹਾਲਾਤਾਂ ਦਾ ਸਾਹਮਣਾ ਕੀਤਾ ਜਾ ਰਿਹਾ ਹੈ। ਉਹ ਇਕੱਲੇ ਤੌਰ ’ਤੇ ਪਾਰਟੀ ਦੀਆਂ ਜੱਥੇਬੰਦਕ ਅਤੇ ਸਿਆਸੀ ਸਰਗਰਮੀਆਂ ਨੂੰ ਅੱਗੇ ਤੌਰ ਰਹੇ ਹਨ। ਉਨ੍ਹਾਂ ਨੂੰ ਇਸ ਲਈ ਪਾਰਟੀ ਅਤੇ ਪਰਿਵਾਰ ਅੰਦਰੋਂ ਕਾਫੀ ਸਮਰਥਨ ਮਿਲ ਰਿਹਾ ਹੈ। ਪੈਦਾ ਹੋਈਆਂ ਇਨ੍ਹਾਂ ਸਥਿਤੀਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਪੁਨਰਗਠਨ ਇੱਕ ਵੱਡੀ ਚੁਣੌਤੀ ਸੀ। ਸ. ਸੁਖਬੀਰ ਸਿੰਘ ਬਾਦਲ ਵੱਲੋਂ ਬਹੁਤ ਹੀ ਸਿਆਣਪ ਅਤੇ ਦੂਰਅੰਦੇਸ਼ੀ ਨਾਲ ਇਸ ਕਾਰਜ ਨੂੰ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਨੇ ਪਹਿਲਾਂ ਵੀ ਕਈ ਮੌਕਿਆਂ ’ਤੇ ਮਿਸਾਲੀ ਸਿਆਸੀ ਯੋਗਤਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਦਿਖਾਵਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪੁਨਰਗਠਨ ਨੂੰ ਲੈ ਕੇ ਉਨ੍ਹਾਂ ਨੇ ਇੱਕ ਵਾਰ ਫਿਰ ਆਪਣੀ ਸਿਆਸੀ ਸੂਝ ਅਤੇ ਜੱਥੇਬੰਦਕ ਤਾਕਤ ਦਿਖਾਈ ਹੈ। ਸਭ ਤੋਂ ਅਹਿਮ ਗੱਲ ਇਹ ਹੈ ਕਿ ਪਾਰਟੀ ਅੰਦਰੋਂ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਨਿਯੁਕਤੀਆਂ ਨੂੰ ਪੂਰਨ ਹੁੰਗਾਰਾ ਮਿਲਿਆ ਹੈ। ਕਿਸੇ ਵੀ ਅਹੁਦੇਦਾਰੀ ਉ¤ਪਰ ਕੋਈ ਕਿੰਤੂ-ਪ੍ਰੰਤੂ ਨਹੀਂ ਹੋਇਆ। ਅਜਿਹਾ ਉਸ ਸਮੇਂ ਹੋ ਰਿਹਾ ਹੈ ਜਦੋਂ ਸ਼੍ਰੋਮਣੀ ਅਕਾਲੀ ਦਲ ਕੋਲ ਸਰਕਾਰ ਵੀ ਨਹੀਂ ਹੈ। ਇਸ ਤੋਂ ਪਤਾ ਲਗਦਾ ਹੈ ਕਿ ਸ. ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪੂਰੀ ਤਰ੍ਹਾਂ ਸਰਵ-ਪ੍ਰਵਾਨਿਤ ਨੇਤਾ ਵਜੋਂ ਸਥਾਪਿਤ ਹੋ ਗਏ ਹਨ। ਉਨ੍ਹਾਂ ਦੀ ਸਿਆਸੀ ਲੀਡਰਸ਼ਿਪ ਵਿੱਚ ਸਾਰੇ ਨੇਤਾਵਾਂ ਅਤੇ ਸਿਆਸੀ ਖੇਮਿਆਂ ਨੂੰ ਡੂੰਘਾ ਭਰੋਸਾ ਹੈ। ਉਨ੍ਹਾਂ ਨੇ ਅਹੁਦੇਦਾਰਾਂ ਦੀ ਨਿਯੁਕਤੀ ਸਮੇਂ ਪਾਰਟੀ ਪ੍ਰਤੀ ਵਫਾਦਾਰੀ ਅਤੇ ਕੰਮ ਕਰਨ ਦੀ ਸਮਰਥਾ ਨੂੰ ਸਾਹਮਣੇ ਰੱਖਿਆ ਹੈ। ਪਾਰਟੀ ਦੇ ਪੁਰਾਣੇ ਆਗੂਆਂ ਨੂੰ ਪੂਰਾ ਮਾਣ-ਸਤਿਕਾਰ ਦੇਣ ਦੇ ਨਾਲ-ਨਾਲ ਨਵੇਂ ਆਗੂਆਂ ਨੂੰ ਵੀ ਜ਼ਿੰਮੇਵਾਰੀ ਸੰਭਾਲੀ ਗਈ ਹੈ। ਪਾਰਟੀ ’ਚ ਤਜਰਬੇਕਾਰ ਤੇ ਨਵੇਂ ਸਿਆਸਤਦਾਨਾਂ ਨੂੰ ਥਾਂ ਦੇ ਕੇ ਮਜ਼ਬੂਤ ਸੰਗਠਨ ਉਸਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਸਾਰੀ ਚੋਣ ਦੌਰਾਨ ਕਮਾਲ ਦਾ ਸੰਤੁਲਣ ਰੱਖਿਆ ਗਿਆ ਹੈ। ਪਾਰਟੀ ਦੇ ਜਨਰਲ ਸਕੱਤਰਾਂ ਵਿੱਚੋਂ ਸ਼ਾਮਿਲ ਕੀਤੇ ਗਏ ਨਵੇਂ ਆਗੂ ਆਉਣ ਵਾਲੇ ਸਮੇਂ ਵਿੱਚ ਬਿਹਤਰ ਕਾਰਗੁਜ਼ਾਰੀ ਦਿਖਾ ਸਕਦੇ ਹਨ। ਅਹਦੇਦਾਰਾਂ ਦੀ ਨਵ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਨਵਾਂ ਚਿਹਰਾ ਸਾਹਮਣੇ ਆਇਆ ਹੈ। ਇਹ ਉਮੀਦ ਕੀਤੀ ਜਾ ਰਹੀ ਹੈ ਕਿ ਨਵੀਂ ਟੀਮ ਨਾਲ ਸ਼੍ਰੋਮਣੀ ਅਕਾਲੀ ਦਲ ਆਪਣੇ ਖੁੱਸੇ ਸਿਆਸੀ ਆਧਾਰ ਨੂੰ ਮੁੜ ਹਾਸਿਲ ਕਰ ਲਵੇਗਾ।
-ਬਲਜੀਤ ਸਿੰਘ ਬਰਾੜ



