ਅੰਮ੍ਰਿਤਸਰ, 27 ਨਵੰਬਰ (ਸ਼ਰਤ ਵਸ਼ਿਸ਼ਟ)-ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਉਤਰ ਦੀ ਤਰਫ਼ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸਦੀਵੀ ਯਾਦ ’ਚ ਨਵ ਨਿਰਮਾਣ ਅਧੀਨ ਗੁਰਦੁਆਰਾ ਥੜ੍ਹਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਅੱਜ ਨਵਾਂ ਨਿਸ਼ਾਨ ਸਾਹਿਬ ਸਥਾਪਿਤ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦੀ ਮੌਜੂਦਗੀ ਵਿੱਚ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਅਤੇ ਸੰਗਤਾਂ ਵੱਲੋਂ ਪੂਰੀ ਸ਼ਰਧਾ ਸਹਿਤ ਸਥਾਪਿਤ ਕੀਤੇ ਗਏ ਨਿਸ਼ਾਨ ਸਾਹਿਬ ਜਿਸ ਦੀ ਲੰਬਾਈ 53 ਫੁੱਟ 7 ਇੰਚ ਹੈ ਅਤੇ ਜਿਸ ’ਤੇ ਸੋਨੇ ਦਾ ਭਾਲੇ ਦੇ ਰੂਪ ਵਿੱਚ ਖ਼ਾਲਸੇ ਦਾ ਰਵਾਇਤੀ ਤੇ ਪਰੰਪਰਾਗਤ ਨਿਸ਼ਾਨ ਲਗਾਇਆ ਗਿਆ ਹੈ। ਪ੍ਰੋ: ਸਰਚਾਂਦ ਸਿੰਘ ਅਨੁਸਾਰ ਇਸ ਮੌਕੇ ਸੰਤ ਹਰਨਾਮ ਸਿੰਘ ਖ਼ਾਲਸਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੌਂਪੀ ਸੇਵਾ ਤਹਿਤ ਗੁਰਦਵਾਰਾ ਸਾਹਿਬ ਦੀ ਨਵੀਂ ਇਮਾਰਤ ਦਾ ਨਿਰਮਾਣ ਕਾਰਜ ਜਲਦ ਮੁਕੰਮਲ ਹੋਣ ਜਾ ਰਿਹਾ ਹੈ। ਉਹਨਾਂ ਤਨ ਮਨ ਧੰਨ ਨਾਲ ਸੇਵਾ ਵਿੱਚ ਹਿੱਸਾ ਪਾਉਣ ਲਈ ਸੰਗਤ ਦਾ ਧੰਨਵਾਦ ਕੀਤਾ ਅਤੇ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਨਿਸ਼ਾਨ ਸਾਹਿਬ ਝੁਲਾਉਣ ਪ੍ਰਤੀ ਵਧਾਈ ਦਿੱਤੀ। ਇਸ ਮੌਕੇ ਬੋਲਦਿਆਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦਮਦਮੀ ਟਕਸਾਲ ਵੱਲੋਂ ਕੌਮ ਦੀ ਚੜ੍ਹਦੀ ਕਲਾ ਲਈ ਪਾਏ ਜਾ ਰਹੇ ਯੋਗਦਾਨ ਨੂੰ ਸਲਾਉਦਿਆਂ ਕਿਹਾ ਕਿ ਦਮਦਮੀ ਟਕਸਾਲ ਸ਼ਹੀਦਾਂ ਦੀ ਉਹ ਮਹਾਨ ਜਥੇਬੰਦੀ ਹੈ ਜਿਸ ਦੀ ਗੁਰਮਤਿ ਵਿੱਦਿਆ ਅਤੇ ਧਰਮ ਪ੍ਰਚਾਰ ਦੇ ਖੇਤਰ ਵਿੱਚ ਦੇਸ਼ ਵਿਦੇਸ਼ ਵਿੱਚ ਵੱਡੀ ਦੇਣ ਹੈ। ਉਹਨਾਂ ਕਿਹਾ ਕਿ ਦਮਦਮੀ ਟਕਸਾਲ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਹੀ ਸ਼੍ਰੋਮਣੀ ਕਮੇਟੀ ਅਤੇ ਦਿਲੀ ਸਿੱਖ ਗੁਰਦਵਾਰਾ ਕਮੇਟੀ ਵੱਲੋਂ ਇਤਿਹਾਸਕ ਗੁਰਧਾਮਾਂ ਦੇ ਨਵ ਨਿਰਮਾਣ ਦੀਆਂ ਸੇਵਾਵਾਂ ਦਮਦਮੀ ਟਕਸਾਲ ਨੂੰ ਸੌਂਪਿਆਂ ਗਈਆਂ ਹਨ। ਉਹਨਾਂ ਵੱਲੋਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ, ਸ਼ਹੀਦ ਭਾਈ ਅਮਰੀਕ ਸਿੰਘ, ਭਾਈ ਠਾਰਾ ਸਿੰਘ ਅਤੇ ਜਨਰਲ ਸੁਬੇਗ ਸਿੰਘ ਸਮੇਤ ਜੂਨ ’84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦਗਾਰ ਸਥਾਪਿਤ ਕੀਤੀ ਗਈ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਅਰਦਾਸੀਆ ਭਾਈ ਰਾਜਦੀਪ ਸਿੰਘ, ਸੰਤ ਬਾਬਾ ਪ੍ਰਦੀਪ ਸਿੰਘ ਬੋਰੇਵਾਲੇ ਬਧਨੀਕਲਾਂ, ਭਾਈ ਇੰਦਰਜੀਤ ਸਿੰਘ ਸਪੁੱਤਰ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਭਾਈ ਅਜਾਇਬ ਸਿੰਘ ਅਭਿਆਸੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਜਥੇਦਾਰ ਅਜੀਤ ਸਿੰਘ ਮਹਿਤਾ ਚੌਕ, ਬਾਬਾ ਨਿਰਵੈਰ ਸਿੰਘ, ਜਥੇਦਾਰ ਜਰਨੈਲ ਸਿੰਘ, ਭਾਈ ਜਸਪਾਲ ਸਿੰਘ ਚੇਅਰਮੈਨ ਮੁੰਬਈ, ਬਾਬਾ ਜੀਵਾ ਸਿੰਘ ਆਦਿ ਮੌਜੂਦ ਸਨ।
ਦਮਦਮੀ ਟਕਸਾਲ ਵੱਲੋਂ ਗੁਰਦੁਆਰਾ ਥੜ੍ਹਾ ਸਾਹਿਬ ’ਤੇ ਨਵਾਂ ਸੁਨਹਿਰਾ ਨਿਸ਼ਾਨ ਸਾਹਿਬ ਸਥਾਪਿਤ



