ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਦੀ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਸਬੰਧੀ ਇਕ ਸਹੀ ਫੈਸਲਾ ਲਿਆ ਗਿਆ ਹੈ, ਜਿਸ ਦੀ ਭਰਵੀਂ ਸ਼ਲਾਘਾ ਹੋਣੀ ਚਾਹੀਦੀ ਹੈ। ਸਰਕਾਰ ਨੇ ਕੌਮੀ ਮਾਰਗਾਂ ਦੇ ਮੀਲ ਪੱਥਰਾਂ ’ਤੇ ਪੰਜਾਬੀ ਭਾਸ਼ਾ ਨੂੰ ਤੀਸਰੇ ਨੰਬਰ ’ਤੇ ਲਿਖੇ ਜਾਣ ਵਿਰੁੱਧ ਚੱਲੀ ਮੁਹਿੰਮ ਦੌਰਾਨ ਪੁਲਿਸ ਵੱਲੋਂ ਦਰਜ ਕੀਤੇ ਗਏ ਕੇਸ ਵਾਪਸ ਲੈਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧ ਵਿੱਚ ਫੜੇ ਗਏ ਪੰਜਾਬ ਬੋਲੀ ਦੇ ਸੇਵਕਾਂ ਖਿਲਾਫ ਕੇਸ ਜਲਦ ਹੀ ਵਾਪਸ ਲਏ ਜਾਣਗੇ। ਇਸ ਦੇ ਨਾਲ ਹੀ ਸਰਕਾਰ ਨੇ ਇਹ ਗੱਲ ਮੰਨੀ ਹੈ ਕਿ ਮੀਲ ਪੱਥਰਾਂ ਅਤੇ ਬੋਰਡਾਂ ’ਤੇ ਠੇਕੇਦਾਰਾਂ ਦੀ ਗਲਤੀ ਕਾਰਨ ਪੰਜਾਬੀ ਭਾਸ਼ਾ ਨੂੰ ਸਭ ਤੋਂ ਹੇਠਾਂ ਤੀਸਰੇ ਨੰਬਰ ’ਤੇ ਲਿਖ ਦਿੱਤਾ ਗਿਆ ਸੀ। ਸਰਕਾਰ ਨੇ ਸਾਰੇ ਅਜਿਹੇ ਬੋਰਡਾਂ ਤੇ ਮੀਲ ਪੱਥਰਾਂ ਨੂੰ ਦਰੁੱਸਤ ਕਰਨ ਦਾ ਫੈਸਲਾ ਲਿਆ ਹੈ। ਅਗਲੇ 15 ਦਿਨਾਂ ਵਿੱਚ ਕਾਰਜ ਨੂੰ ਨੇਪਰੇ ਚਾੜ੍ਹਨ ਦਾ ਭਰੋਸਾ ਦਿੱਤਾ ਗਿਆ ਹੈ। ਇਹ ਚੰਗੀ ਗੱਲ ਹੈ ਕਿ ਸਰਕਾਰ ਵੱਲੋਂ ਇਹ ਸਪੱਸ਼ਟੀਕਰਨ ਵੀ ਦਿੱਤਾ ਗਿਆ ਹੈ ਕਿ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਤ ਕਰਨਾ ਸੂਬਾ ਸਰਕਾਰ ਦੇ ਏਜੰਡੇ ਉਪਰ ਹੈ ਅਤੇ ਸਰਕਾਰ ਪੰਜਾਬੀ ਭਾਸ਼ਾ ਦੀ ਭਲਾਈ ਲਈ ਲਗਾਤਾਰ ਕਾਰਜ ਕਰੇਗੀ। ਬੇਸ਼ਕ ਸਰਕਾਰ ਨੇ ਇਸ ਸਬੰਧੀ ਫੈਸਲੇ ਥੋੜ੍ਹਾ ਪਛੜ ਕੇ ਲਏ ਹਨ ਪ੍ਰੰਤੂ ਫਿਰ ਵੀ ਇਸ ਦਾ ਸਵਾਗਤ ਕੀਤਾ ਜਾਣਾ ਚਾਹੀਦਾ ਹੈ। ਗਲਤ ਲਿਖੇ ਗਏ ਬੋਰਡਾਂ ਅਤੇ ਮੀਲ ਪੱਥਰਾਂ ਉਪਰ ਕੂੱਚੀ ਫੇਰਨ ਵਾਲੇ ਕਾਰਕੁੰਨਾ ਨੂੰ ਜੇਲ੍ਹ ਅੰਦਰ ਬੰਦ ਕਰਨ ਦੀ ਥਾਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾਣਾ ਚਾਹੀਦਾ ਹੈ। ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਬਾਰੇ ਸੋਚਣਾ ਕੋਈ ਬੁਰਾਈ ਨਹੀਂ ਹੈ। ਪੰਜਾਬੀ ਦੇ ਸੰਵਿਧਾਨਕ ਦਰਜੇ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਹੀਂ ਪਹੁੰਚਾਇਆ ਜਾਣਾ ਚਾਹੀਦਾ। ਇਸ ਖਿਲਾਫ ਆਵਾਜ਼ ਉਠਾਉਣਾ ਕੋਈ ਗੈਰ ਕਾਨੂੰਨੀ ਸਰਗਰਮੀ ਨਹੀਂ। ਜਿਨ੍ਹਾਂ ਨੌਜਵਾਨਾਂ ਅਤੇ ਜਥੇਬੰਦੀਆਂ ਨੇ ਪੰਜਾਬੀ ਭਾਸ਼ਾ ਦੇ ਨਿਰਾਦਰ ਵਿਰੁੱਧ ਆਵਾਜ਼ ਉਠਾਈ ਹੈ ਉਹ ਸ਼ਲਾਘਾ ਦੇ ਪਾਤਰ ਹਨ। ਉਨ੍ਹਾਂ ਨੂੰ ਸਮਾਜਿਕ ਪੱਧਰ ’ਤੇ ਅਤੇ ਸਰਕਾਰੀ ਪੱਧਰ ’ਤੇ ਪੂਰਾ ਮਾਣ ਸਤਿਕਾਰ ਦਿੱਤਾ ਜਾਣਾ ਚਾਹੀਦਾ ਹੈ। ਇਸ ਸਬੰਧੀ ਦਰਜ ਕੇਸ ਵਾਪਸ ਲੈਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਿੱਜੀ ਤੌਰ ’ਤੇ ਵਧਾਈ ਦੇ ਪਾਤਰ ਹਨ। ਸਰਕਾਰ ਨੂੰ ਪੰਜਾਬੀ ਭਾਸ਼ਾ ਦੀ ਬਹੁਪੱਖੀ ਤਰੱਕੀ ਲਈ ਇਕ ਵਿਆਪਕ ਯੋਜਨਾ ਵੀ ਬਣਾਉਣੀ ਚਾਹੀਦੀ ਹੈ। ਸਾਰੇ ਸਰਕਾਰੀ ਦਫਤਰਾਂ ਅਤੇ ਅਦਾਲਤਾਂ ਵਿੱਚ ਵੀ ਪੰਜਾਬੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਕਦਮ ਚੁੱਕੇ ਜਾਣੇ ਚਾਹੀਦੇ ਹਨ। ਪੰਜਾਬੀ ਭਾਸ਼ਾ ਨੂੰ ਲਾਗੂ ਕਰਨ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇ ਤਾਂ ਜੋ ਪੰਜਾਬੀ ਭਾਸ਼ਾ ਦਾ ਦਰਜਾ ਕਿਸੇ ਵੀ ਤਰ੍ਹਾਂ ਪ੍ਰਭਾਵਿਤ ਨਾ ਹੋਵੇ। ਇਹ ਚੰਗੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਇਸ ਦਿਸ਼ਾ ਵਿੱਚ ਸੋਚਣਾ ਸ਼ੁਰੂ ਕੀਤਾ ਹੈ। ਉਮੀਦ ਕਰਦੇ ਹਾਂ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਸਬੰਧੀ ਨਿੱਘਰ ਕਦਮ ਚੁੱਕੇ ਜਾਣਗੇ।
– ਬਲਜੀਤ ਸਿੰਘ ਬਰਾੜ



