ਫਰੀਦਕੋਟ, 30 ਨਵੰਬਰ (ਗੁਰਜੀਤ ਰੋਮਾਣਾ)- ਵਿਧਾਇਕ ਸ: ਕੁਸ਼ਲਦੀਪ ਸਿੰਘ ਢਿਲੋਂ ਨੇ ਆਖਿਆ ਹੈ ਕਿ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫੈਸਲੇ ਰਾਜ ਵਿਚ ਖੇਤੀ ਅਤੇ ਉਦਯੋਗਿਕ ਖੇਤਰ ਨੂੰ ਹੋਰ ਉਤਸਾਹਿਤ ਕਰਨਗੇ। ਉਨ੍ਹਾਂ ਅਨੁਸਾਰ ਗੰਨੇ ਦੀ ਕੀਮਤ ਵਿਚ ਵਾਧਾ ਕਰਨ ਦਾ ਫੈਸਲਾ ਸੂਬੇ ਵਿਚ ਫਸਲੀ ਵਿਭਿੰਨਤਾ ਨੂੰ ਪ੍ਰਫੁਲਿਤ ਕਰੇਗਾ ਉਥੇ ਹੀ ਰਾਜ ਸਰਕਾਰ ਨੇ ਕਣਕ ਅਤੇ ਝੋਨੇ ਦੀਆਂ ਦੋ ਫਸਲਾਂ ਦੀ ਨਿਰਵਿਘਨ ਖਰੀਦ ਕਰਕੇ ਰਾਜ ਦੇ ਕਿਸਾਨਾਂ ਦੀ ਵਡੀ ਸਹਾਇਤਾ ਕੀਤੀ ਹੈ।ਸ: ਢਿਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ‘ਪੰਜਾਬ ਰਾਜ ਕਿਸਾਨ ਅਤੇ ਖੇਤ ਕਾਮਿਆਂ ਬਾਰੇ ਕਮਿਸ਼ਨ-2017‘ ਦੇ ਗਠਨ ਨੂੰ ਪ੍ਰਵਾਨਗੀ ਦਿਤੀ ਹੈ ਜਿਸਨੂੰ ਜ਼ਿਲ੍ਹਾ ਅਤੇ ਬਲਾਕ ਪਧਰ ‘ਤੇ ਖੇਤੀ ਨੀਤੀਆਂ ਘੜਨ ਦੀ ਯੋਜਨਾ ਦਾ ਜ਼ਿੰਮਾ ਸੌਂਪਿਆ ਜਾਵੇਗਾ। ਉਨ੍ਹਾਂ ਕਿਹਾ ਕਿ ਚੰਗੀ ਯੋਜਨਾਬੰਦੀ ਨਾਲ ਹੀ ਖੇਤੀ ਸੈਕਟਰ ਨੂੰ ਮੁੜ ਸੁਰਜੀਤ ਕੀਤਾ ਜਾ ਸਕਦਾ ਹੈ ਅਤੇ ਕਿਸਾਨਾਂ ਦੀ ਆਮਦਨ ਵਧਾਈ ਜਾ ਸਕਦੀ ਹੈ। ਇਸੇ ਤਰਾਂ ਸੂਬਾ ਸਰਕਾਰ ਨੇ ਗੰਨਾ ਉਤਪਾਦਕਾਂ ਦੇ ਹਿਤ ਵਿਚ ਗੰਨੇ ਦੇ ਸਟੇਟ ਐਗਰਿਡ ਪ੍ਰਾਈਸ (ਐਸ.ਏ.ਪੀ.) ਵਿਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਲ 2017-18 ਦੇ ਪਿੜਾਈ ਸੀਜ਼ਨ ਲਈ ਗੰਨੇ ਦੇ ਭਾਅ ਵਿਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ।ਉਨ੍ਹਾਂ ਕਿਹਾ ਕਿ ਗੰਨੇ ਦੀ ਅਗੇਤੀ ਕਿਸਮ ਲਈ ਐਸ.ਏ.ਪੀ. 300 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 310 ਰੁਪਏ ਪ੍ਰਤੀ ਕੁਇੰਟਲ, ਦਰਮਿਆਨੀ ਕਿਸਮ ਲਈ 290 ਰੁਪਏ ਤੋਂ ਵਧਾ ਕੇ 300 ਰੁਪਏ ਅਤੇ ਪਛੇਤੀ ਕਿਸਮ ਲਈ ਇਹ ਭਾਅ 285 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 295 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਕਿਸਾਨਾਂ ਨੂੰ ਕਣਕ ਝੋਨੇ ਦੇ ਫਸਲੀ ਚਕਰ ਵਿਚੋਂ ਕਢਣ ਲਈ ਲਗਾਤਾਰ ਯਤਨਸ਼ੀਲ ਹੈ।ਸ: ਕੁਸ਼ਲਦੀਪ ਸਿੰਘ ਢਿਲੋਂ ਨੇ ਕਿਹਾ ਕਿ ਇਸੇ ਤਰਾਂ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਰਾਜ ਸਰਕਾਰ ਸੂਬੇ ਵਿਚ ਸਨਅਤੀ ਵਿਕਾਸ ਨੂੰ ਹੋਰ ਤੇਜ ਕਰਨ ਲਈ ਵਚਨਬਧ ਹੈ ਜਿਸ ਨਾਲ ਜਿਥੇ ਨੌਜਵਾਨਾਂ ਲਈ ਰੁਜਗਾਰ ਦੇ ਨਵੇਂ ਮੌਕੇ ਪੈਦਾ ਹੋ ਸਕਨ ਉਥੇ ਹੀ ਇਹ ਸੂਬੇ ਦੀ ਆਰਥਿਕ ਤਰਕੀ ਦਾ ਵੀ ਰਾਹ ਖੁਲੇਗਾ।ਇਸੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਸੂਬੇ ਵਿਚ ਬਣਾਏ ਜਾ ਰਹੇ ਪਲਾਸਟਿਕ ਕਲਸਟਰ ਦੇ ਵਾਸਤੇ 1200 ਕਰੋੜ ਰੁਪਏ ਦੇ ਨਿਵੇਸ਼ ਵਾਲੇ 50 ਸਹਿਮਤੀ ਪਤਰਾਂ ‘ਤੇ ਹਸਤਾਖਰ ਕੀਤੇ ਹਨ।ਉਨ੍ਹਾਂ ਕਿਹਾ ਕਿ ਉਦਯੋਗ ਅਤੇ ਕਮਰਸ ਵਿਭਾਗ ਨਾਲ ਸਹੀ ਪਾਏ ਗਏ ਸਹਿਮਤੀ ਪਤਰਾਂ ਦੇ ਨਾਲ ਤਕਰੀਬਨ 6000 ਨੌਕਰੀਆਂ ਪੈਦਾ ਹੋਣਗੀਆਂ।
ਪੰਜਾਬ ਸਰਕਾਰ ਦੇ ਫੈਸਲਿਆਂ ਨਾਲ ਰਾਜ ਦੇ ਖੇਤੀ ਅਤੇ ਉਦਯੋਗਿਕ ਵਿਕਾਸ ਵਿਚ ਆਵੇਗੀ ਤੇਜ਼ੀ : ਕੁਸ਼ਲਦੀਪ ਸਿੰਘ ਢਿੱਲੋਂ



