ਬਟਾਲਾ, 10 ਦਸੰਬਰ (ਅਰਵਿੰਦਰ ਮਠਾਰੂ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਨੇ ਕਿਹਾ ਹੈ ਕਿ ਨਗਰ ਨਿਗਮਾਂ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ। ਅੱਜ ਪਿੰਡ ਰਾਏਚੱਕ ਵਿਖੇ ਪੱਤਰਕਾਰਾਂ ਨਾਲ ਇੱਕ ਗੈਰ ਰਸਮੀ ਮੁਲਾਕਾਤ ਦੌਰਾਨ ਸ੍ਰੀ ਜਾਖੜ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜੁਆਬ ਦਿੰਦਿਆਂ ਕਿਹਾ ਕਿ ਵੋਟਰਾਂ ਅਤੇ ਕਾਂਗਰਸੀ ਵਰਕਰਾਂ ਵਿੱਚ ਇਨ੍ਹਾਂ ਚੋਣਾਂ ਨੂੰ ਲੈ ਕੇ ਬਹੁਤ ਉਤਸ਼ਾਹ ਹੈ ਅਤੇ ਸ਼ਹਿਰਾਂ ਦੇ ਲੋਕ ਇੱਕ ਵਾਰ ਫਿਰ ਅਕਾਲੀ-ਭਾਜਪਾ ਨੂੰ ਵੱਡੀ ਹਾਰ ਦੇਣਗੇ। ਉਨ੍ਹਾਂ ਕਿਹਾ ਕਿ ਬਾਦਲ ਰਾਜ ਦੌਰਾਨ ਸ਼ਹਿਰ ਨਰਕ ਬਣ ਗਏ ਸਨ ਅਤੇ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਰੀਆਂ ਸਹੂਲਤਾਂ ਦੇਣ ਦੇ ਨਾਲ ਸ਼ਹਿਰਾਂ ਨੂੰ ਖੂਬਸੂਰਤ ਦਿੱਖ ਦੇਵੇਗੀ। ਉਨ੍ਹਾਂ ਕਿਹਾ ਸੂਬੇ ਦਾ ਸਰਬਪੱਖੀ ਵਿਕਾਸ ਅਤੇ ਖੁਸ਼ਹਾਲ ਪੰਜਾਬ ਹੀ ਕਾਂਗਰਸ ਸਰਕਾਰ ਦਾ ਏਜੰਡਾ ਹੈ। ਇੱਕ ਸੁਆਲ ਦਾ ਜੁਆਬ ਦਿੰਦਿਆਂ ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਬਾਦਲ ਰਾਜ ਵਿੱਚ ਇਲੈਕਸ਼ਨ ਨਹੀਂ ਹੁੰਦੇ ਸਨ ਬਲਕਿ ਪੁਲਿਸ ਐਕਸ਼ਨ ਹੁੰਦਾ ਸੀ। ਉਨ੍ਹਾਂ ਕਿਹਾ ਕਿ ਅਕਾਲੀਆਂ ਵਲੋਂ ਵਿਰੋਧੀਆਂ ਦੇ ਕਾਗਜ਼ ਰੱਦ ਕਰਾ ਕੇ ਲੋਕਤੰਤਰੀ ਪ੍ਰਣਾਲੀ ਦੀ ਜੋ ਦੁਰਦਸ਼ਾ ਕੀਤੀ ਗਈ ਸੀ ਉਸਦੀ ਹੋਰ ਕਿਤੇ ਮਿਸ਼ਾਲ ਨਹੀਂ ਮਿਲਦੀ।
ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਕਾਂਗਰਸ ਪਾਰਟੀ ਉਪਰ ਕੋਈ ਦੋਸ਼ ਲਗਾਉਣ ਤੋਂ ਪਹਿਲਾਂ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਦਿਆਂ ਆਪਣੇ ਪਾਪ ਯਾਦ ਕਰਨੇ ਚਾਹੀਦੇ ਹਨ। ਉਨ੍ਹਾਂ ਵਿਰੋਧੀ ਧਿਰਾਂ ਨੂੰ ਕਿਹਾ ਕਿ ਉਹ ਫਜੂਲ ਦੀ ਨੁਕਤਾਚੀਨੀ ਕਰਨ ਦੀ ਬਜਾਏ ਹਾਂ-ਪੱਖੀ ਰਵੱਈਆ ਧਾਰਨ ਕਰਦੇ ਹੋਏ ਕਾਂਗਰਸ ਸਰਕਾਰ ਵੱਲੋਂ ਕੀਤੇ ਜਾ ਰਹੇ ਚੰਗੇ ਕੰਮਾਂ ‘ਚ ਸਰਕਾਰ ਦਾ ਸਾਥ ਦੇਣ। ਸ੍ਰੀ ਜਾਖੜ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਕਿਸਾਨੀ ਕਰਜ਼ਾ ਮੁਆਫ ਕਰਕੇ ਸੂਬੇ ਦੀ ਕਿਸਾਨੀ ਨੂੰ ਵੱਡੀ ਰਾਹਤ ਦਿੱਤੀ ਹੈ ਜਿਸ ਲਈ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ। ਨਸ਼ਾ ਰੋਕਣ ਸਬੰਧੀ ਪੁੱਛੇ ਸੁਆਲ ’ਤੇ ਸ੍ਰੀ ਜਾਖੜ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਨਸ਼ਿਆਂ ਨੂੰ ਰੋਕਣ ਲਈ ਠੋਸ ਕਾਰਵਾਈ ਕੀਤੀ ਹੈ ਅਤੇ ਨਸ਼ੇ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਤਸਕਰਾਂ ਅਤੇ ਵੱਡੇ ਮੱਗਰਮੱਛਾਂ ਨੂੰ ਸਲਾਖਾਂ ਪਿਛੇ ਭੇਜਣ ਦੀ ਕਾਰਵਾਈ ਚੱਲ ਰਹੀ ਹੈ ਅਤੇ ਨਸ਼ਿਆਂ ਰਾਹੀਂ ਪੰਜਾਬ ਨੂੰ ਬਰਬਾਦ ਕਰਨ ਵਾਲੇ ਅਜਿਹੇ ਮਨੁੱਖਤਾ ਵਿਰੋਧੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਜਬਤ ਕਰਨ ਦਾ ਕਾਨੂੰਨ ਵੀ ਸੂਬਾ ਸਰਕਾਰ ਵੱਲੋਂ ਪਾਸ ਕੀਤਾ ਗਿਆ ਹੈ, ਜਿਸ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ। ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਜਾਖੜ ਨਾਲ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਸੁਖਜਿੰਦਰ ਸਿੰਘ ਰੰਧਾਵਾ, ਡਾ. ਸਤਨਾਮ ਸਿੰਘ ਨਿੱਝਰ ਤੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।
ਨਿਗਮ ਚੋਣਾਂ ’ਚ ਕਾਂਗਰਸਸ਼ਾਨਦਾਰ ਜਿੱਤ ਹਾਸਲ ਕਰੇਗੀ : ਸੁਨੀਲ ਜਾਖੜ



