ਪਟਨਾ, 22 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਮੁੱਖ ਮੰਤਰੀ ਹਵਾਈ ਅੱਡੇ ਤੋਂ ਸਿੱਧਾ ਗੁਰਦੁਆਰਾ ਸਾਹਿਬ ਗਏ ਜਿੱਥੇ ਪਵਿੱਤਰ ਅਸਥਾਨ ’ਤੇ ਨਤਮਸਤਕ ਹੋਣ ਤੋਂ ਪਹਿਲਾਂ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ। ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿੱਚ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਮੁੱਖ ਮੰਤਰੀ ਨੂੰ ਵਧਾਈ ਦਿੱਤੀ ਅਤੇ ‘ਸਿਰੋਪਾਓ’ ਤੇ ‘ਸ੍ਰੀ ਸਾਹਿਬ’ ਦੀ ਬਖਸ਼ਿਸ਼ ਕਰਕੇ ਕੈਪਟਨ ਅਮਰਿੰਦਰ ਸਿੰਘ ਦਾ ਸਨਮਾਨ ਕੀਤਾ। ਮੁੱਖ ਮੰਤਰੀ ਨੂੰ ਸਤਿਕਾਰ ਵਜੋਂ ਸ਼ਾਲ ਵੀ ਭੇਟ ਕੀਤੇ ਗਏ। ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ’ਤੇ ਖੁਸ਼ੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ‘ਬੋਲੇ ਸੋ ਨਿਹਾਲ’ ਅਤੇ ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ’ ਦੇ ਜੈਕਾਰਿਆਂ ਦੌਰਾਨ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਅਕਾਲ ਪੁਰਖ ਪਾਸੋਂ ਬਖਸ਼ਿਸ਼ਾਂ ਮੰਗੀਆਂ। ਗੁਰਦੁਆਰਾ ਸਾਹਿਬ ਵਿਖੇ ਹਾਜ਼ਰ ਸੰਤਾਂ-ਮਹਾਂਪੁਰਖਾਂ ਨੇ ਮੁੱਖ ਮੰਤਰੀ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਮਹਾਨ ਜੀਵਨ ਦੀਆਂ ਕੁਝ ਘਟਨਾਵਾਂ ਬਾਰੇ ਵੀ ਦੱਸਿਆ ਜੋ ਸ੍ਰੀ ਪਟਨਾ ਸਾਹਿਬ ਦੀ ਮਹੱਤਤਾ ਨੂੰ ਦਰਸਾਉਂਦਿਆਂ ਹਨ। ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਵਰਤੇ ਜਾਂਦੇ ਵਿਲੱਖਣ ‘ਸ਼ਸ਼ਤਰਾਂ’ ਦੇ ਵੀ ਦਰਸ਼ਨ ਕਰਵਾਏ। ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਨੂੰ ਦੂਜੀ ਵਾਰ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਕੇ ਬਹੁਤ ਖੁਸ਼ੀ ਹੋਈ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਬਾਈਪਾਸ ਰੋਡ ’ਤੇ ਸਥਿਤ ‘ਟੈਂਟ ਸਿਟੀ’ ਦਾ ਵੀ ਦੌਰਾ ਕੀਤਾ ਜਿੱਥੇ ਪਟਨਾ ਸਾਹਿਬ ਪਹੁੰਚਣ ਵਾਲੀ ਸੰਗਤ ਲਈ ਰਹਿਣ-ਸਹਿਣ ਦਾ ਬੰਦੋਬਸਤ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ‘ਟੈਂਟ ਸਿਟੀ’ ਵਿੱਚ ਸੰਗਤ ਤੇ ਪੰਗਤ ਨਾਲ ¦ਗਰ ਵੀ ਛਕਿਆ। ਮੁੱਖ ਮੰਤਰੀ ਨਾਲ ਉਨ੍ਹਾਂ ਦੇ ਦੋਹਤੇ ਨਿਰਵਾਨ ਸਿੰਘ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ, ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸਾਬਕਾ ਵਿਧਾਇਕ ਤੇ ਪਾਰਟੀ ਦੇ ਸੀਨੀਅਰ ਨੇਤਾ ਕੇਵਲ ਸਿੰਘ ਢਿੱਲੋਂ ਵੀ ਇਸ ਮੌਕੇ ਹਾਜ਼ਰ ਸਨ।