ਪਟਨਾ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਹਾਰ ਵਿੱਚ ਆਪਣੇ ਹਮਰੁਤਬਾ ਨਿਤਿਸ਼ ਕੁਮਾਰ ਨੂੰ ਸਾਲ 2018 ਵਿੱਚ ਸਿੱਖਾਂ ਦੇ ਨਵੇਂ ਵਰ੍ਹੇ ਦੀ ਸ਼ੁਰੂਆਤ ਮੌਕੇ ਮਨਾਏ ਜਾਂਦੇ ਹੋਲਾ-ਮਹੱਲੇ ਦੇ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਜੋ ਇੱਥੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਆਏ ਹੋਏ ਹਨ, ਨੇ ਬਿਹਾਰ ਦੇ ਮੁੱਖ ਮੰਤਰੀ ਨਾਲ ਹੋਈ ਮੁਲਾਕਾਤ ਦੌਰਾਨ ਇਹ ਸੱਦਾ ਦਿੱਤਾ।
ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਦੁਨੀਆਂ ਭਰ ਤੋਂ ਪਹੁੰਚ ਰਹੀ ਲੱਖਾਂ ਦੀ ਗਿਣਤੀ ਵਿੱਚ ਸੰਗਤ ਵਾਸਤੇ ਕੀਤੇ ਸ਼ਾਨਦਾਰ ਪ੍ਰਬੰਧਾਂ ਲਈ ਨਿਤਿਸ਼ ਕੁਮਾਰ ਨੂੰ ਵਧਾਈ ਦਿੱਤੀ। ਪੰਜਾਬ ਦੇ ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਨੇ ਖੁਦ ਸੰਗਤ ਲਈ ਕੀਤੇ ਬੰਦੋਬਸਤ ਦੇਖੇ ਹਨ ਜਿਸ ਤੋਂ ਉਹ ਬਹੁਤ ਪ੍ਰਭਾਵਿਤ ਹੋਏ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਬਿਹਾਰ ਦੇ ਮੁੱਖ ਮੰਤਰੀ ਨੂੰ ਇਸ ਪਵਿੱਤਰ ਦਿਹਾੜੇ ਨੂੰ ਮਨਾਉਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਬਾਰੇ ਵੀ ਜਾਣੂੰ ਕਰਵਾਇਆ। ਕੈਪਟਨ ਅਮਰਿੰਦਰ ਸਿੰਘ ਅਤੇ ਨਿਤਿਸ਼ ਕੁਮਾਰ ਦੀ ਇਸ ਸਾਲ ਵਿੱਚ ਇਹ ਦੂਜੀ ਮੀਟਿੰਗ ਹੈ।