ਬਟਾਲਾ, 25 ਦਸੰਬਰ (ਅਰਵਿੰਦਰ ਮਠਾਰੂ)- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਐਲਾਨ ਕੀਤਾ ਹੈ ਕਿ ਸੂਬੇ ਵਿੱਚ ਪੰਚਾਇਤੀ ਚੋਣਾਂ ਅਗਲੇ ਸਾਲ ਮਈ ਮਹੀਨੇ ਵਿੱਚ ਕਰਾਈਆਂ ਜਾਣਗੀਆਂ। ਅੱਜ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਹਰਸੀਆਂ ਵਿਖੇ ਖੇਡ ਮੇਲੇ ਦੌਰਾਨ ਇੱਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੌਰਾਨ ਔਰਤਾਂ ਦਾ ਰਾਖਵਾਂਕਰਨ 50 ਫੀਸਦੀ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਚਾਇਤੀ ਚੋਣਾਂ ਲੜ੍ਹਨ ਦੀਆਂ ਚਾਹਵਾਨ ਔਰਤਾਂ ਨੂੰ ਹੁਣ ਤੋਂ ਹੀ ਤਿਆਰੀ ਸ਼ੁਰੂ ਕਰ ਦੇਣੀ ਚਾਹੀਦੀ ਹੈ। ਸ. ਬਾਜਵਾ ਨੇ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਔਰਤਾਂ ਨੂੰ ਸੂਬੇ ਦੇ ਵਿਕਾਸ ਵਿੱਚ ਬਰਾਬਰ ਦਾ ਭਾਈਵਾਲ ਬਣਾਉਣਾ ਚਾਹੁੰਦੀ ਹੈ, ਇਸੇ ਮਕਸਦ ਤਹਿਤ ਪੰਚਾਇਤੀ ਚੋਣਾਂ ਅਤੇ ਸਥਾਨਕ ਸਰਕਾਰਾਂ ਦੀ ਚੋਣਾਂ ਵਿੱਚ ਔਰਤਾਂ ਨੂੰ ਮਰਦਾਂ ਦੇ ਬਰਾਬਰ ਰਾਖਵਾਂਕਰਨ ਦਿੱਤਾ ਗਿਆ ਹੈ। ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪਿੰਡਾਂ ਵਿੱਚ ਵਾਰਡਬੰਦੀ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਪਿਛਲੀ ਅਕਾਲੀ ਸਰਕਾਰ ਵੱਲੋਂ ਗਲਤ ਬਣਾਏ ਵਾਰਡਾਂ ਦੀ ਦੁਬਾਰਾ ਹੱਦਬੰਦੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਬਿਲਕੁਲ ਨਿਰਪੱਖਤਾ ਨਾਲ ਕਰਾਈਆਂ ਜਾਣਗੀਆਂ ਤਾਂ ਜੋ ਲੋਕਾਂ ਵੱਲੋਂ ਚੁਣੀਆਂ ਚੰਗੀਆਂ ਪੰਚਾਇਤਾਂ ਪਿੰਡਾਂ ਦੇ ਵਿਕਾਸ ਲਈ ਅੱਗੇ ਆ ਸਕਣ। ਉਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਇਮਾਨਦਾਰੀ ਨਾਲ ਵਿਕਾਸ ਦਾ ਏਜੰਡਾ ਆਪਣੇ ਪਿੰਡਾਂ ਵਿੱਚ ਲਾਗੂ ਕਰਨ ਤਾਂ ਜੋ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਮੀ ਨਾ ਰਹਿ ਸਕੇ। ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਬਟਾਲਾ ਦੀ ਸਹਿਕਾਰੀ ਖੰਡ ਮਿੱਲ ਨੂੰ ਅਪਗਰੇਡ ਕਰਕੇ ਇਸ ਦੀ ਸਮਰੱਥਾ ਵਿੱਚ ਵਾਧਾ ਕੀਤਾ ਜਾਵੇਗਾ ਤਾਂ ਜੋ ਇਲਾਕੇ ਦੇ ਕਿਸਾਨਾਂ ਨੂੰ ਆਪਣਾ ਗੰਨਾ ਦੂਰ ਦੀਆਂ ਖੰਡ ਮਿੱਲਾਂ ਵਿੱਚ ਨਾ ਲਿਜਾਣਾ ਪਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਾਰਵਾਈ ਚੱਲ ਰਹੀ ਹੈ ਅਤੇ ਆਉਣ ਵਾਲੇ ਸਮੇਂ ‘ਚ ਬਟਾਲਾ ਮਿੱਲ ਨੂੰ ਪੈਰਾਂ ਸਿਰ ਕਰ ਦਿੱਤਾ ਜਾਵੇਗਾ।
ਇਸ ਮੌਕੇ ਸ. ਬਾਜਵਾ ਨੇ ਪਿੰਡ ਹਰਸੀਆਂ ਨੂੰ 25 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਪਿੰਡ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਲੋੜਵੰਦਾਂ ਦੀ ਮਦਦ ਕਰਨ ਅਤੇ ਆਪਸੀ ਭਾਈਚਾਰਾ ਕਾਇਮ ਕਰਨ ਦਾ ਸੱਦਾ ਵੀ ਦਿੱਤਾ। ਸਮਾਗਮ ਦੇ ਅਖੀਰ ਵਿੱਚ ਸ. ਬਾਜਵਾ ਨੇ ਖੇਡ ਮੇਲੇ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ। ਇਸ ਮੌਕੇ ਜਤਿੰਦਰਪਾਲ ਸਿੰਘ ਜੋਤੀ, ਟਹਿਲ ਸਿੰਘ, ਸ਼ੂਗਰ ਮਿੱਲ ਦੇ ਜੀ.ਐਮ. ਏ.ਕੇ ਅਰੋੜਾ, ਸਲਵਿੰਦਰ ਸਿੰਘ ਬਿੱਟੂ, ਬਲਵਿੰਦਰ ਸਿੰਘ ਭੁੱਲਰ ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।