ਸ੍ਰੀ ਅਨੰਦਪੁਰ ਸਾਹਿਬ, 25 ਦਸੰਬਰ (ਦਵਿੰਦਰਪਾਲ ਸਿੰਘ, ਅੰਕੁਸ਼)-ਸਰਬੰਸਦਾਨੀ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲੇ ਸਮਾਗਮਾਂ ਦੇ ਸੰਪੂਰਨ ਹੋਣ ਅਤੇ 351ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਫੂਲਾ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਲਿਆ। ਸਜੇ ਦੀਵਾਨਾਂ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਬੈਂਕਾ, ਭਾਈ ਗੁਰਵਿੰਦਰ ਸਿੰਘ, ਭਾਈ ਮਨਿੰਦਰ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਮੌਕੇ ਗਿਆਨੀ ਅਮਰਜੀਤ ਸਿੰਘ ਗੁਲਸ਼ਨ ਵੱਲੋਂ ਗੁਰੂ ਸਾਹਿਬ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ। ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਉ¤ਘੀਆਂ ਧਾਰਮਿਕ ਤੇ ਰਾਜਸੀ ਸ਼ਖਸੀਅਤਾਂ ਨੇ ਹਾਜ਼ਰੀ ਭਰੀ ਅਤੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਸਮੁੱਚੀ ਮਨੁੱਖਤਾ ਦੀ ਭਲਾਈ ਲਈ ਧਰਮ ਯੁੱਧ ਵਿਚ ਆਪਣਾ ਸਰਬੰਸ ਕੁਰਬਾਨ ਕਰਨ ਵਾਲੇ ਦਸਮ ਪਾਤਸ਼ਾਹ ਜੀ ਦਾ ਇਹ ਪ੍ਰਕਾਸ਼ ਦਿਹਾੜਾ ਸਮੁੱਚੇ ਵਿਸ਼ਵ ਵਿਚ ਵੱਸਦੇ ਸਿੱਖਾਂ ਵੱਲੋਂ ਸ਼ਰਧਾ ਸਹਿਤ ਮਨਾਇਆ ਗਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਕਰਦਿਆਂ ਕਿਹਾ ਕਿ ਕਲਗੀਧਰ ਵੱਲੋਂ ਵਰੋਸਾਈ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਉਪਰ ਖਾਲਸੇ ਦੀ ਸਾਜਣਾ ਨਾਲ ਇਸ ਧਰਤੀ ਉਪਰ ਮਨੁੱਖਤਾ ਲਈ ਭਾਈਚਾਰਕ ਸਾਂਝ ਦਾ ਨਵਾਂ ਇਤਿਹਾਸ ਸਿਰਜਿਆ ਗਿਆ। ਇਸ ਧਰਤੀ ਤੋਂ ਗੁਰੂ ਸਾਹਿਬ ਨੇ ਭਾਰਤੀ ਲੋਕਾਂ ਨੂੰ ਚੜ੍ਹਦੀ ਕਲਾ ਵਿਚ ਰਹਿ ਕੇ ਅਣਖ, ਸਵੈਮਾਣ ਅਤੇ ਗ਼ੈਰਤ ਭਰਪੂਰ ਜੀਵਨ ਜਿਊਣ ਦੀ ਜਾਚ ਸਿਖਾਈ। ਉਨ੍ਹਾਂ ਕਿਹਾ ਕਿ ਕਲਗੀਧਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੁੱਚੇ ਸੰਸਾਰ ਵਿਚ ਵੱਖ-ਵੱਖ ਗੁਰ ਅਸਥਾਨਾਂ ਵਿਖੇ ਧਾਰਮਿਕ ਸਮਾਗਮ ਰਚ ਕੇ ਸੰਪੂਰਨਤਾ ਹੋਈ ਹੈ।