May 18, 2026 4:38 am

ਵਿਜੀਲੈਂਸ ਵਲੋਂ ਇੰਡਸਟਰੀ ਇੰਸਪੈਕਟਰ ਰਿਸ਼ਵਤ ਲੈਂਦਾ ਕਾਬੂ

ਚੰਡੀਗੜ 26 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਬਰਨਾਲਾ ਜਿਲੇ ਵਿਖੇ ਤਾਇਨਾਤ ਇਕ ਇੰਡਸਟਰੀ ਇੰਸਪੈਕਟਰ ਨੂੰ 4,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇੰਡਸਟਰੀ ਇੰਸਪੈਕਟਰ ਮਹਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਦਰਸ਼ਨ ਦਾਸ ਵਾਸੀ ਤਪਾ ਮੰਡੀ, ਬਰਨਾਲਾ ਦੀ ਸ਼ਿਕਾਇਤ ‘ਤੇ 4,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਸ ਵਲੋਂ ਫੋਟੋਸਟੇਟ ਦਾ ਕੰਮ ਕਰਨ ਲਈ ਪੰਜਾਬ ਐਂਡ ਸਿੰਧ ਬੈਂਕ ਤਪਾ ਤੋ ਇੱਕ ਲੱਖ ਰੁਪਏ ਦਾ ਕਰਜਾ ਲਿਆ ਸੀ ਜਿਸਦੀ 35000 ਰੁਪਏ ਦੀ ਸਬਸਿਡੀ ਸਬੰਧੀ ਫਾਈਲ ਅੱਗੇ ਭੇਜਣ ਅਤੇ ਡਾਇਰੈਕਟਰ ਖਾਦੀ ਵਿਲੇਜ ਇੰਡਸਟਰੀ ਕਮਿਸ਼ਨ ਚੰਡੀਗੜ ਤੋਂ ਸਬਸਿਡੀ ਮੰਨਜੂਰ ਕਰਵਾਉਣ ਲਈ 4000 ਰੂਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਲਾਏ ਗਏ ਟਰੈਪ ਦੌਰਾਨ ਉਕਤ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

Send this to a friend