Skip to content
Independent perspectives. Global stories.
BREAKING

ਕੈਪਟਨ ਵੱਲੋਂ ਚੰਗੀ ਸ਼ੁਰੂਆਤ

Share this story

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਚੰਗੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਨੇ ਕਿਸਾਨਾਂ ਦੇ ਕਰਜ਼ਿਆਂ ਦੀ ਮੁਆਫ਼ੀ ਸਬੰਧੀ ਚੋਣਾਂ ਵੇਲੇ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ ਲਈ ਇਕ ਵੱਡਾ ਕਦਮ ਚੁੱਕਿਆ ਹੈ। ਪਹਿਲੇ ਪੜਾਅ ਅਧੀਨ ਪੰਜਾਬ ਦੇ ਢਾਈ ਏਕੜ ਜ਼ਮੀਨ ਦੇ ਮਾਲਕ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਇਕ ਚੰਗੀ ਸ਼ੁਰੂਆਤ ਕੀਤੀ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਮਾਨਸਾ ਵਿਖੇ ਵਿਸ਼ਾਲ ਸੂਬਾ ਪੱਧਰੀ ਸਮਾਗਮ ਵਿੱਚ ਕਿਸਾਨਾਂ ਦੀ ਵੱਡੀ ਗਿਣਤੀ ’ਚ ਹਾਜ਼ਰੀ ਇਹ ਦਰਸਾ ਰਹੀ ਹੈ ਕਿ ਕਿਸਾਨ ਭਾਈਚਾਰਾ ਮੁੱਖ ਮੰਤਰੀ ਦੇ ਇਸ ਕਦਮ ਤੋਂ ਬੇਹਦ ਉਤਸ਼ਾਹਤ ਅਤੇ ਖੁਸ਼ ਹੈ। ਬੇਸ਼ਕ ਕਰਜ਼ਿਆਂ ਦੀ ਮੁਆਫ਼ੀ ਸਬੰਧੀ ਹਾਲੇ ਹੋਰ ਬਹੁਤ ਸਾਰਾ ਕੰਮ ਕੀਤਾ ਜਾਣਾ ਬਾਕੀ ਹੈ ਪ੍ਰੰਤੂ ਇਸ ਦੀ ਸ਼ੁਰੂਆਤ ਕਰਨਾ ਕਾਫੀ ਅਹਿਮ ਹੈ। ਇਹ ਵੀ ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਕਰਜ਼ਿਆਂ ਦੀ ਮੁਆਫ਼ੀ ਸਬੰਧੀ ਪੰਜਾਬ ਸਰਕਾਰ ਦੀ ਬਾਂਹ ਨਹੀਂ ਫੜੀ। ਔਖੀਆਂ ਆਰਥਿਕ ਹਾਲਾਤਾਂ ਦੇ ਬਾਵਜੂਦ ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਕਰਜ਼ਿਆਂ ਦੀ ਮੁਆਫ਼ੀ ਸਬੰਧੀ ਚੁੱਕਿਆ ਗਿਆ ਪਹਿਲਾ ਕਦਮ ਕਾਫੀ ਅਹਿਮੀਅਤ ਰੱਖਦਾ ਹੈ। ਇਸ ਲਈ ਉਨ੍ਹਾਂ ਦੀ ਸਰਕਾਰ ਨੂੰ ਮੁਬਾਰਕਬਾਦ ਦੇਣੀ ਚਾਹੀਦੀ ਹੈ। ਪੰਜਾਬ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਦਸ ਸਾਲਾਂ ਵਿੱਚ ਇਸ ਸਬੰਧੀ ਵਾਅਦਿਆਂ ਦੇ ਬਾਵਜੂਦ ਕੋਈ ਕਦਮ ਨਹੀਂ ਚੁੱਕਿਆ ਗਿਆ। ਕਿਸਾਨਾਂ ਸਿਰ ਚੜ੍ਹੇ ਕਰਜ਼ੇ ਪੰਜਾਬ ਲਈ ਇਕ ਵੱਡੀ ਚੁਣੌਤੀ ਬਣੇ ਹੋਏ ਹਨ। ਖੇਤੀ ਖੇਤਰ ਦੇ ਆਰਥਿਕ ਮੰਦਵਾੜੇ ਕਾਰਨ ਪੰਜਾਬ ਦੇ ਕਿਸਾਨ ਕਰਜ਼ਿਆਂ ਦੀ ਭਾਰੀ ਰਕਮ ਚੁਕਾਉਣ ਦੇ ਅਸਮਰੱਥ ਹਨ। ਕਰਜ਼ਿਆਂ ਦੇ ਬੋਝ ਹੇਠ ਦੱਬੇ ਕਿਸਾਨ ਇਸ ਕਾਰਨ ਹੀ ਖੁਦਕੁਸ਼ੀਆਂ ਦੇ ਰਾਹ ਪਏ ਹੋਏ ਹਨ। ਅਜਿਹੇ ਮੁਸ਼ਕਿਲ ਵਾਲੇ ਹਾਲਾਤਾਂ ਵਿੱਚ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ਿਆਂ ਦੀ ਮੁਆਫੀ ਸਬੰਧੀ ਲਿਆ ਗਿਆ ਫੈਸਲਾ ਸੱਚਮੁੱਚ ਸ਼ਲਾਘਾਯੋਗ ਹੈ। ਸਰਕਾਰ ਵੱਲੋਂ ਪਹਿਲੇ ਪੜਾਅ ਵਿੱਚ ਪੰਜ ਜ਼ਿਲਿਆਂ ਦੇ 47 ਹਜ਼ਾਰ ਛੋਟੇ ਕਿਸਾਨਾਂ ਨੂੰ ਰਾਹਤ ਦਿੱਤੀ ਗਈ ਹੈ। ਪਹਿਲੇ ਪੜਾਅ ਦੌਰਾਨ ਪੂਰੇ ਪੰਜਾਬ ’ਚ 5.63 ਲੱਖ ਕਿਸਾਨਾਂ ਨੂੰ ਲਾਭ ਪਹੁੰਚੇਗਾ, ਜਿਨ੍ਹਾਂ ਨੂੰ 2700 ਕਰੋੜ ਰੁਪਏ ਦੀ ਰਾਹਤ ਮਿਲੇਗੀ। ਅਗਲੇ ਪੜਾਅ ’ਚ ਢਾਈ ਏਕੜ ਤੋਂ ਵੱਧ ਜ਼ਮੀਨ ਵਾਲੇ ਕਿਸਾਨਾਂ ਦੇ ਕਰਜ਼ੇ ਵੀ ਮੁਆਫ ਹੋਣੇ ਹਨ। ਕੁਝ ਧਿਰਾਂ ਵੱਲੋਂ ਸਰਕਾਰ ਦੀ ਇਸ ਸਬੰਧੀ ਬੇਲੋੜੀ ਆਲੋਚਨਾ ਹੋ ਰਹੀ ਹੈ। ਵਿਰੋਧੀ ਧਿਰਾਂ ਸਾਰੇ ਕਿਸਾਨਾਂ ਦੇ ਯਕਮੁਸ਼ਤ ਕਰਜ਼ੇ ਮੁਆਫ਼ ਕਰਨ ਦੀ ਮੰਗ ਕਰ ਰਹੀਆਂ ਹਨ, ਜਦਕਿ ਪੰਜਾਬ ਦੇ ਮੌਜੂਦਾ ਬਜਟ ਢਾਂਚੇ ਵਿੱਚ ਇਹ ਸੰਭਵ ਹੀ ਨਹੀਂ। ਇਸ ਕਾਰਜ ਨੂੰ ਪੜਾਅਵਾਰ ਨੇਪਰੇ ਚਾੜ੍ਹਨਾ ਹੀ ਇਕ ਸਹੀ ਫੈਸਲਾ ਹੈ। ਮੁੱਖ ਮੰਤਰੀ ਵੱਲੋਂ ਆਪਣੇ ਭਾਸ਼ਣ ਵਿੱਚ ਇਹ ਆਖਿਆ ਗਿਆ ਹੈ ਕਿ ਪੰਜਾਬ ਸਰਕਾਰ ਛੇਤੀ ਹੀ ਅਜਿਹੇ ਹੋਰ ਸਮਾਗਮ ਕਰੇਗੀ ਤਾਂ ਜੋ ਰਾਜ ਦੇ ਹਰੇਕ ਜ਼ਿਲ੍ਹੇ ਨੂੰ ਇਸ ਵਿਚ ਸ਼ਾਮਲ ਕੀਤਾ ਜਾ ਸਕੇ। ਉਨ੍ਹਾਂ ਵੱਲੋਂ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਸਬੰਧੀ ਕੀਤਾ ਗਿਆ ਐਲਾਨ ਵੀ ਕਾਬਲੇ-ਤਾਰੀਫ ਹੈ। ਉਮੀਦ ਕੀਤੀ ਜਾਣੀ ਚਾਹੀਦੀ ਹੈ ਕਿ ਕਰਜ਼ਿਆਂ ਦੀ ਮੁਆਫੀ ਨਾਲ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਹਾਲਤ ਵਿੱਚ ਕੁਝ ਸੁਧਾਰ ਹੋਵੇਗਾ। ਇਸ ਨਾਲ ਖੇਤੀ ਖੇਤਰ ਨੂੰ ਵੀ ਵੱਡਾ ਲਾਭ ਮਿਲਣ ਦੀ ਆਸ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣ ਵਾਅਦਿਆਂ ਪ੍ਰਤੀ ਦਿਖਾਈ ਜਾ ਰਹੀ ਪੂਰੀ ਵਚਨਬਧਤਾ ਅਤੇ ਸੰਜੀਦਗੀ ਦੀ ਪ੍ਰਸੰਸਾ ਕੀਤੀ ਜਾਣੀ ਚਾਹੀਦੀ ਹੈ।
– ਬਲਜੀਤ ਸਿੰਘ ਬਰਾੜ

WRITTEN BY