Skip to content
Independent perspectives. Global stories.
BREAKING

ਪ੍ਰਵਾਸੀ ਸਿੱਖਾਂ ਦਾ ਵਿਰੋਧ ਪ੍ਰਤੀਕਰਮ

Share this story

ਬਾਹਰਲੇ ਦੇਸ਼ਾਂ ਵਿੱਚ ਵੱਸੇ ਸਿੱਖ ਆਪਣੇ ਭਾਈਚਾਰੇ ਨਾਲ ਹੋ ਰਹੀਆਂ ਜ਼ਿਆਦਤੀਆਂ ਵਿਰੁੱਧ ਹਮੇਸ਼ਾ ਅੱਗੇ ਹੋ ਕੇ ਲੜਦੇ ਹਨ। ਪ੍ਰਵਾਸੀ ਸਿੱਖਾਂ ਦੇ ਇਸ ਵਿਰੋਧ ਦੇ ਬਕਾਇਦਾ ਕਾਰਨ ਹਨ। ਬੇਸ਼ਕ ਭਾਰਤ ਸਰਕਾਰ ਅਤੇ ਉਸ ਦੀਆਂ ਹਮਾਇਤੀ ਧਿਰਾਂ ਪ੍ਰਵਾਸੀ ਸਿੱਖਾਂ ਦੇ ਵਿਰੋਧ ਨੂੰ ਅੱਤਵਾਦੀ ਜਾਂ ਖਾਲਿਸਤਾਨੀ ਕਹਿ ਕੇ ਖਾਰਜ ਕਰ ਰਹੀਆਂ ਹਨ ਪ੍ਰੰਤੂ ਇਹ ਸਹੀ ਨਹੀਂ ਹੈ। ਪ੍ਰਦੇਸ਼ਾਂ ਵਿੱਚ ਵੱਸੇ ਸਿੱਖਾਂ ਉਪਰ ਇਸ ਤਰ੍ਹਾਂ ਦੇ ਲੇਬਲ ਲਗਾਉਣ ਤੋਂ ਪਹਿਲਾਂ ਭਾਰਤ ਸਰਕਾਰ ਅਤੇ ਉਸ ਦੀਆਂ ਹਮਾਇਤੀ ਧਿਰਾਂ ਨੂੰ ਆਪਣੇ ਅੰਦਰ ਝਾਕਣਾ ਚਾਹੀਦਾ ਹੈ। ਸਿੱਖਾਂ ਪ੍ਰਤੀ ਪੱਖਪਾਤੀ ਅਤੇ ਅੱਤਿਆਚਾਰੀ ਰਵੱਈਏ ਕਾਰਨ ਹੀ ਪ੍ਰਵਾਸੀ ਸਿੱਖ ਆਪਣੀ ਨਰਾਜ਼ਗੀ ਦਾ ਪ੍ਰਗਟਾਵਾ ਕਰ ਰਹੇ ਹਨ। ਇਹੋ ਕਾਰਨ ਹੈ ਕਿ ਬਰਤਾਨੀਆਂ ਤੋਂ ਬਾਅਦ ਹੁਣ ਅਮਰੀਕਾ ਦੇ ਗੁਰਦੁਆਰਿਆਂ ਵਿਚ ਵੀ ਭਾਰਤ ਸਰਕਾਰ ਦੇ ਨੁਮਾਇੰਦਿਆਂ ਦੇ ਦਾਖ਼ਲੇ ਉਪਰ ਪਾਬੰਦੀ ਲੱਗ ਗਈ ਹੈ। ਅਮਰੀਕਾ ਦੇ 96 ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਤੇ ਪੰਥਕ ਜਥੇਬੰਦੀਆਂ ਦੀ ਸਾਂਝੀ ਕਮੇਟੀ ‘ਸਿਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ’ ਅਤੇ ਅਮਰੀਕਨ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਸਬੰਧੀ ਸਾਂਝੇ ਤੌਰ ’ਤੇ ਫੈਸਲਾ ਲਿਆ ਗਿਆ ਹੈ। ਇਸ ਸਾਂਝੇ ਫ਼ੈਸਲੇ ਤਹਿਤ ਅਮਰੀਕਾ ਦੇ 96 ਗੁਰਦੁਆਰਿਆਂ ਵਿਚ ਭਾਰਤ ਸਰਕਾਰ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨੂੰ ਦਾਖ਼ਲ ਨਹੀਂ ਹੋਣ ਦਿਤਾ ਜਾਵੇਗਾ। ਇਸ ਤੋਂ ਇਲਾਵਾ ਨਗਰ ਕੀਰਤਨ, ਸਮਾਜਿਕ ਤੇ ਧਾਰਮਿਕ ਸਮਾਗਮਾਂ ਵਿਚ ਵੀ ਉਨ੍ਹਾਂ ਨੂੰ ਹਿਸਾ ਲੈਣ ਤੋਂ ਰੋਕਿਆ ਜਾਵੇਗਾ। ਗੁਰਦੁਆਰਾ ਕਮੇਟੀਆਂ ਅਤੇ ਸਿੱਖ ਜਥੇਬੰਦੀਆਂ ਵਲੋਂ ਇਹ ਫੈਸਲਾ ਭਾਰਤ ਸਰਕਾਰ ਦੀਆਂ ਸਿਖ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟਾਵੇ ਵਜੋਂ ਕੀਤਾ ਗਿਆ ਹੈ। ਪ੍ਰਵਾਸੀ ਸਿੱਖਾਂ ਦਾ ਦੋਸ਼ ਹੈ ਕਿ ਫਿਰਕੂ ਨੀਤੀਆਂ ਤਹਿਤ ਜੂਨ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ’ਤੇ ਫੌਜੀ ਹਮਲਾ ਹੋਇਆ, ਨਵੰਬਰ 1984 ਵਿੱਚ ਦੇਸ਼ ਭਰ ’ਚ ਸਿੱਖ ਨਸਲਕੁਸ਼ੀ ਗਈ, ਪੰਜਾਬ ਦੇ ਦਰਿਆਈ ਪਾਣੀਆਂ ਤੇ ਖੇਤੀਬਾੜੀ ਉਤਪਾਦਾਂ ਦਾ ਲਗਾਤਾਰ ਸ਼ੋਸ਼ਣ ਹੋ ਰਿਹਾ ਹੈ।।ਜੇਲ੍ਹਾਂ ਵਿੱਚ ਬੰਦ ਸਿੱਖ ਰਾਜਸੀ ਕੈਦੀਆਂ ਦੀ ਸਜ਼ਾ ਪੂਰੀ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਝੂਠੇ ਦੋਸ਼ਾਂ ਤਹਿਤ ਸਿੱਖ ਨੌਜਵਾਨਾਂ ਦੀਆਂ ਗੈਰਕਾਨੂੰਨੀ ਗ੍ਰਿਫ਼ਤਾਰੀਆਂ ਹੋ ਰਹੀਆਂ ਹਨ ਅਤੇ ਉਨ੍ਹਾਂ ’ਤੇ ਪੁਲੀਸ ਵੱਲੋਂ ਅਣਮਨੁੱਖੀ ਤਸ਼ੱਦਦ ਦਾ ਦੌਰ ਵੀ ਜਾਰੀ ਹੈ। ਅਮਰੀਕਾ ਤੋਂ ਪਹਿਲਾਂ ਸਿੱਖ ਫੈਡਰੇਸ਼ਨ ਯੂਕੇ ਵੱਲੋਂ ਇੰਗਲੈਂਡ ਦੇ ਗੁਰਦੁਆਰਿਆਂ ਵਿੱਚ ਭਾਰਤੀ ਕੂਟਨੀਤਕਾਂ ਦੇ ਦਾਖਲੇ ’ਤੇ ਰੋਕ ਲਾ ਦਿੱਤੀ ਗਈ ਸੀ। ਇੰਗਲੈਂਡ ਦੇ 70 ਤੋਂ ਵੱਧ ਗੁਰਦੁਆਰਿਆਂ ਨੇ ਇਹ ‘ਪਾਬੰਦੀ’ ਲਾਗੂ ਕਰਨ ਲਈ ਹਾਮੀ ਭਰੀ ਹੈ। ਇੰਗਲੈਂਡ ਦੇ ਸਿੱਖ ਨਾਗਰਿਕ ਭਾਈ ਜਗਤਾਰ ਸਿੰਘ ਜੌਹਲ ਦੀ ਭਾਰਤ ’ਚ ਗ੍ਰਿਫ਼ਤਾਰੀ ਪਿੱਛੋਂ ਇਹ ਰੋਹ ਹੋਰ ਵੱਧ ਗਿਆ ਹੈ। ਭਾਰਤ ਸਰਕਾਰ ਅਤੇ ਉਸ ਦੀਆਂ ਹਮਾਇਤੀ ਧਿਰਾਂ ਨੂੰ ਚਾਹੀਦਾ ਹੈ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਸਿੱਖ ਭਾਈਚਾਰੇ ਦੀਆਂ ਸ਼ਿਕਾਇਤਾਂ ਨੂੰ ਦੂਰ ਕਰਨ ਲਈ ਯਤਨ ਕਰਨ। ਕੇਂਦਰ ਸਰਕਾਰ ਸਿੱਖਾਂ ਦੀਆਂ ਕਾਲੀਆਂ ਸੂਚੀਆਂ ਖਾਤਮ ਕਰਨ ਦੇ ਨਾਲ-ਨਾਲ ਉਨ੍ਹਾਂ ਨਾਲ ਹਰ ਤਰ੍ਹਾਂ ਦਾ ਵਿਤਕਰਾ ਅਤੇ ਅਤਿਆਚਾਰ ਬੰਦ ਕਰੇ।
– ਬਲਜੀਤ ਸਿੰਘ ਬਰਾੜ

WRITTEN BY