Skip to content
Independent perspectives. Global stories.
BREAKING

ਜਗਦੀਸ਼ ਟਾਈਟਲਰ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ- ਭਾਈ ਗੋਬਿੰਦ ਸਿੰਘ ਲੌਂਗੋਵਾਲ

Share this story

ਅੰਮ੍ਰਿਤਸਰ,
ਸੰਨ 1984 ’ਚ ਦਿੱਲੀ ਅੰਦਰ ਸਿੱਖ ਕਤਲੇਆਮ ਸਮੇਂ ਰਾਜੀਵ ਗਾਂਧੀ ਨਾਲ ਗੱਡੀ ਵਿਚ ਬੈਠ ਕੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦੇ ਬਿਆਨ ਤੋਂ ਬਾਅਦ ਹੁਣ ਜਗਦੀਸ਼ ਟਾਈਟਲਰ ਦੇ ਸਾਹਮਣੇ ਆਏ ਵੀਡਿਓ ਵਿਚ ਉਸ ਵੱਲੋਂ ਇੱਕ ਸੌ ਸਿੱਖਾਂ ਨੂੰ ਕਤਲ ਕਰਵਾਉਣ ਦੇ ਇਕਬਾਲ ਦੇ ਆਧਾਰ ’ਤੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ। ਇਹ ਮੰਗ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਹੁਣ ਜਦੋਂ ਟਾਈਟਲਰ ਨੇ ਖ਼ੁਦ ਇਹ ਕਬੂਲ ਕਰ ਲਿਆ ਹੈ ਕਿ ਉਸ ਨੇ ਸੌ ਸਿੱਖਾਂ ਦਾ ਕਤਲ ਕਰਵਾਇਆ ਹੈ ਤਾਂ ਇਸ ’ਤੇ ਹੋਰ ਜਾਂਚ ਜਾਂ ਗਵਾਹਾਂ ਦੀ ਲੋੜ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਦੇਸ਼ ਦੀ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਜਗਦੀਸ਼ ਟਾਈਟਲਰ ਨੂੰ ਉਸ ਦੇ ਬਿਆਨ ਦੇ ਅਧਾਰ ’ਤੇ ਸਿੱਖ ਕਤਲੇਆਮ ਦਾ ਦੋਸ਼ੀ ਮੰਨਦਿਆਂ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੁਖਦ ਪਹਿਲੂ ਇਹ ਹੈ ਕਿ 34 ਸਾਲ ਬੀਤਣ ਤੋਂ ਬਾਅਦ ਵੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲ ਸਕੀ ਅਤੇ ਕਤਲੇਆਮ ਪੀੜਤ ਨਿਆਂ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਜਮਾਤ ਨੇ ਸਿੱਖਾਂ ਦੇ ਕਤਲੇਆਮ ਕਰਨ ਵਾਲਿਆਂ ਦੀ ਹਮੇਸ਼ਾਂ ਪੁਸ਼ਤ ਪਨਾਹੀ ਕੀਤੀ ਹੈ। ਜਗਦੀਸ਼ ਟਾਈਟਲਰ, ਸੱਜਣ ਕੁਮਾਰ ਤੇ ਐਚ.ਕੇ.ਐਲ. ਭਗਤ ਵਰਗੇ ਵਿਅਕਤੀਆਂ ਵਿਰੁੱਧ ਅੱਜ ਤੀਕ ਕੋਈ ਕਾਰਵਾਈ ਨਹੀਂ ਹੋਈ, ਸਗੋਂ ਸਿੱਖਾਂ ਨੂੰ ਚਿੜਾਉਣ ਲਈ ਇਨ੍ਹਾਂ ਲੋਕਾਂ ਨੂੰ ਉੱਚ ਅਹੁਦੇ ਦਿੱਤੇ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਟਾਈਟਲਰ ਸਾਹਮਣੇ ਆਈ ਵੀਡਿਓ ਰਾਹੀਂ ਜੁਡੀਸ਼ੀਅਲੀ ਨੂੰ ਵੀ ਵੰਗਾਰ ਰਿਹਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਹੁਣ ਤਾਂ ਕੋਈ ਗੱਲ ਲੁਕੀ-ਛਿਪੀ ਨਹੀਂ ਰਹਿ ਗਈ, ਝੂਠ ਤੋਂ ਪਰਦਾ ਉੱਠ ਗਿਆ ਹੈ ਤੇ ਸੱਚ ਸਭ ਦੇ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਜਗਦੀਸ਼ ਟਾਈਟਲਰ ਨੂੰ ਗ੍ਰਿਫ਼ਤਾਰ ਕਰਨ ਲਈ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਇਮਾਨਦਰਾਨਾ ਪਹੁੰਚ ਅਪਨਾਉਣੀ ਚਾਹੀਦੀ ਹੈ, ਤਾਂ ਜੋ ਪੀੜਤਾਂ ਦੇ ਹਿਰਦੇ ਸ਼ਾਂਤ ਹੋ ਸਕਣ।

WRITTEN BY