ਸ੍ਰੀ ਅਨੰਦਪੁਰ ਸਾਹਿਬ, 7 ਫਰਵਰੀ (ਦਵਿੰਦਰਪਾਲ ਸਿੰਘ, ਅੰਕੁਸ਼)- ਖਾਲਸਾ ਪੰਥ ਦੀ ਆਨ-ਸ਼ਾਨ ਦਾ ਪ੍ਰਤੀਕ ਹੋਲਾ ਮਹੱਲਾ ਮਿਤੀ 25 ਫਰਵਰੀ ਤੋਂ 2 ਮਾਰਚ 2018 ਤੱਕ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੀ ਪੱਧਰ ਤੇ ਇਸ ਮੇਲੇ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੇਲੇ ਦੌਰਾਨ ਸੰਗਤਾਂ ਇੱਕ ਹਫਤਾ ਪਹਿਲਾਂ ਹੀ ਪਹੁੰਚਣੀਆਂ ਸ਼ੁਰੂ ਹੋ ਜਾਂਦੀਆਂ ਹਨ। ਪਰੰਤੂ ਪ੍ਰਸ਼ਾਸਨ ਅਤੇ ਸਰਕਾਰ ਇਸ ਸਬੰਧੀ ਪੂਰੀ ਤਰ੍ਹਾਂ ਅਵੇਸਲੇ ਬੈਠੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਹੋਲੇ ਮਹੱਲੇ ਸਮੇਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਮਾਝਾ, ਮਾਲਵਾ, ਦੁਆਬਾ ਅਤੇ ਦੇਸ਼ ਵਿਦੇਸ਼ ਤੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਂਦੀਆਂ ਹਨ। ਗੜ੍ਹਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੀ ਸੜਕ ਜੋ ਕਿ ਇਨ੍ਹਾਂ ਸੰਗਤਾਂ ਦਾ ਮੁੱਖ ਮਾਰਗ ਹੁੰਦਾ ਹੈ, ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ।ਇਸ ਦੀ ਮੁਰੰਮਤ ਦਾ ਕੰਮ ਬਹੁਤ ਹੀ ਢਿੱਲਾ ਚੱਲ ਰਿਹਾ ਹੈ। ਇਸ ਕੰਮ ਨੂੰ ਦਿਨ ਰਾਤ ਇੱਕ ਕਰਕੇ ਪੂਰਾ ਕਰਨ ਦੀ ਜਰੂਰਤ ਹੈ ਤਾਂ ਕਿ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਇਸ ਸੜਕ ਨੂੰ ਹੋਲੇ ਮਹੱਲੇ ਤੋਂ ਪਹਿਲਾਂ ਪਹਿਲਾਂ ਬਨਾਉਣਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਚਰਨਗੰਗਾ ਸਟੇਡੀਅਮ ਜਿੱਥੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਖੇਡਿਆ ਜਾਂਦਾ ਹੈ, ਦੀ ਅਜੇ ਤੀਕ ਸਾਫ-ਸਫਾਈ ਅਤੇ ਮੁਰੰਮਤ ਨਹੀਂ ਕਰਵਾਈ ਗਈ। ਇਹ ਕਾਰਜ ਪਹਿਲ ਦੇ ਅਧਾਰਪੁਰ ਕੀਤਾ ਜਾਣਾ ਚਾਹੀਦਾ ਹੈ। ਸ੍ਰੀ ਅਨੰਦਪੁਰ ਸਾਹਿਬ ਸ਼ਹਿਰ ਦੀ ਸਫਾਈ ਦੀ ਮਾੜੀ ਹਾਲਤ ਤੇ ਪਬਲਿਕ ਪਖਾਨਿਆਂ ਦੀ ਬਦਤਰ ਹੋ ਚੁੱਕੀ ਹਾਲਤ ਅਤੇ ਸ਼ਹਰਿ ਦੀਆਂ ਸਟਰੀਟ ਲਾਈਟਾਂ ਦੀ ਮੁਰੰਮਤ ਨਾ ਹੋਣ ਤੇ ਚਿੰਤਾ ਪ੍ਰਗਟ ਕਰਦਿਆਂ ਸਿੰਘ ਸਾਹਿਬ ਜੀ ਨੇ ਸ਼ਹਿਰ ਵਿੱਚ ਘੁੰਮਦੇ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਦੀ ਸਮੱਸਿਆ ਦੇ ਹੱਲ ਤੇ ਵੀ ਜੋਰ ਦਿੱਤਾ ਹੈ ਅਤੇ ਪ੍ਰਸ਼ਾਸਨ ਨੂੰ ਉਪਰੋਕਤ ਕੰਮ ਹੋਲੇ ਮਹੱਲੇ ਤੋਂ ਪਹਿਲਾਂ ਪਹਿਲਾਂ ਪੂਰੇ ਕਰਵਾਉਣ ਸਬੰਧੀ ਕਿਹਾ ਹੈ।
ਹੋਲੇ ਮਹੱਲੇ ਦੀਆਂ ਤਿਆਰੀਆਂ ਸਬੰਧੀ ਪ੍ਰਸ਼ਾਸਨ ਦੀ ਢਿੱਲ-ਮੱਠ ’ਤੇ ਜੱਥੇ. ਰਘਬੀਰ ਸਿੰਘ ਵੱਲੋਂ ਚਿੰਤਾ ਦਾ ਪ੍ਰਗਟਾਵਾ



