ਬਠਿੰਡਾ, 8 ਫਰਵਰੀ (ਇੰਦਰਜੀਤ ਨਥਾਣਾ)- ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ (ਕਰ), ਪੰਜਾਬ ਸ੍ਰੀ ਐਮ.ਪੀ. ਸਿੰਘ ਵੱਲੋਂ ਫ਼ਰੀਦਕੋਟ ਅਤੇ ਫ਼ਿਰੋਜ਼ਪੁਰ ਮੰਡਲ ਦੇ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਅਤੇ ਸ਼ਰਾਬ ਦੇ ਠੇਕੇਦਾਰਾਂ ਨਾਲ ਸਾਲ 2018-19 ਦੇ ਲਈ ਨਵੀਂ ਆਬਕਾਰੀ ਨੀਤੀ ਤਿਆਰ ਕਰਨ ਸਬੰਧੀ ਇੱਕ ਮੀਟਿੰਗ ਕੀਤੀ। ਇਸ ਮੀਟਿੰਗ ’ਚ ਉਨ੍ਹਾਂ ਨਾਲ ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਸ੍ਰੀ ਵੀ.ਪੀ. ਸਿੰਘ, ਵਧੀਕ ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਸ੍ਰੀ ਗੁਰਤੇਜ ਸਿੰਘ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਦੀਪਰਵਾ ਲਾਕਰਾ ਵੀ ਸ਼ਾਮਲ ਸਨ। ਇਸ ਬੈਠਕ ’ਚ ਬਠਿੰਡਾ, ਫ਼ਿਰੋਜ਼ਪੁਰ, ਫ਼ਰੀਦਕੋਟ, ਫਾਜ਼ਿਲਕਾ, ਮਾਨਸਾ, ਮੋਗਾ ਅਤੇ ਮੁਕਤਸਰ ਤੋਂ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਸਮੇਤ ਵੱਡੀ ਗਿਣਤੀ ’ਚ ਸ਼ਰਾਬ ਦੇ ਛੋਟੇ ਤੇ ਵੱਡੇ ਠੇਕੇਦਾਰਾਂ ਨੇ ਹਿੱਸਾ ਲਿਆ। ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ (ਕਰ) ਪੰਜਾਬ, ਸ਼੍ਰੀ ਐਮ.ਪੀ. ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ’ਚ ਸਾਲ 2018-19 ਦੀ ਆਬਕਾਰੀ ਨੀਤੀ ਨੂੰ ਲੋਕ ਪੱਖੀ ਬਣਾਉਣ ਲਈ ਪੰਜਾਬ ਭਰ ਦੇ ਸਾਰੇ ਮੰਡਲਾਂ ਤੋਂ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਅਤੇ ਸ਼ਰਾਬ ਦੇ ਠੇਕੇਦਾਰਾਂ ਨਾਲ ਬੈਠਕਾਂ ਕਰਕੇ ਸੁਝਾਅ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਵੀਂ ਨੀਤੀ ’ਚ ਆਮ ਜਨਤਾ ਤੋਂ ਲੈ ਕੇ ਸ਼ਰਾਬ ਦੇ ਠੇਕੇਦਾਰਾਂ ਤੱਕ ਸਾਰੇ ਵਰਗਾਂ ’ਤੇ ਖ਼ਾਸ ਧਿਆਨ ਦਿੱਤਾ ਜਾਵੇਗਾ। ਸ਼੍ਰੀ ਐਮ.ਪੀ. ਸਿੰਘ ਵਲੋਂ ਸ਼ਰਾਬ ਦੇ ਠੇਕੇਦਾਰਾਂ ਦੇ ਸੁਝਾਅ ਅਤੇ ਚਾਲੂ ਵਰ੍ਹੇ ਦੌਰਾਨ ਆ ਰਹੀਆਂ ਦਿੱਕਤਾਂ ਸੁਣਨ ਤੋਂ ਬਾਅਦ ਇਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਾਲ-ਨਾਲ ਸਾਲ 2018-19 ਦੀ ਨਵੀਂ ਆਬਕਾਰੀ ਨੀਤੀ ਸਾਰੇ ਪੱਖਾਂ ਤੋਂ ਦਰੁਸਤ ਤਿਆਰ ਕਰਨ ਦਾ ਵੀ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਗੁਆਂਢੀ ਸੂਬਿਆਂ ਤੋਂ ਹੋਣ ਵਾਲੀ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਨਵੀਂ ਆਬਕਾਰੀ ਨੀਤੀ ਵਿਚ ਵਿਸ਼ੇਸ਼ ਤਜਵੀਜ਼ਾਂ ਸ਼ਾਮਲ ਕੀਤੀਆਂ ਜਾਣਗੀਆਂ ਤੇ ਸਰਹੱਦੀ ਜ਼ਿਲ੍ਹਿਆਂ ਦੇ ਆਬਕਾਰੀ ਵਿਭਾਗ ਦੀਆਂ ਗਤੀਵਿਧੀਆਂ ਨੂੰ ਪੁਲਿਸ ਦੀ ਮਦਦ ਨਾਲ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਸ਼੍ਰੀ ਵੀ.ਪੀ. ਸਿੰਘ ਨੇ ਦੱਸਿਆ ਕਿ ਸ਼ਰਾਬ ਦੀ ਤਸਕਰੀ ਅਤੇ ਨਜਾਇਜ਼ ਸ਼ਰਾਬ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਸਰਕਾਰ ਵਲੋਂ ਖ਼ਾਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ’ਚ ਪੰਜਾਬ ’ਚ ਇੱਕ ਪੇਟੀ ਤੋਂ ਵੱਧ ਨਜਾਇਜ਼ ਸ਼ਰਾਬ ਬਰਾਮਦ ਹੋਣ ’ਤੇ ਗੈਰ ਜ਼ਮਾਨਤੀ ਧਾਰਾਵਾਂ ਅਧੀਨ ਕੇਸ ਦਰਜ ਕੀਤੇ ਜਾਣ ਦੀ ਵਿਵਸਥਾ ਲਾਗੂ ਕੀਤੀ ਗਈ ਹੈ ਅਤੇ ਇਸ ਤਰ੍ਹਾਂ ਦੇ ਹੋਰ ਵੀ ਕਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ, ਡੀ.ਈ.ਟੀ.ਸੀ. ਗੁਰਵਿੰਦਰ ਸਿੰਘ ਸੰਧੂ, ਏ.ਈ.ਟੀ.ਸੀ. ਲਾਜਪਾਲ ਜਾਖੜ, ਏ.ਈ.ਟੀ.ਸੀ. ਰਾਮੇਸ਼ ਮਲਹੋਤਰਾ ਅਤੇ ਈ.ਟੀ.ਓ. ਆਰ.ਐਸ. ਰੋਮਾਣਾ ਤੇ ਵਿਭਾਗ ਦੇ ਹੋਰ ਵੱਖ-ਵੱਖ ਅਧਿਕਾਰੀ ਵੀ ਸ਼ਾਮਲ ਸਨ।
ਸਾਲ 2018-19 ਦੀ ਆਬਕਾਰੀ ਨੀਤੀ ਸਬੰਧੀ ਵਿੱਤ ਕਮਿਸ਼ਨਰ (ਕਰ) ਵੱਲੋਂ ਠੇਕੇਦਾਰਾਂ ਤੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ



