ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੇਹਦ ਚੁਣੌਤੀਪੂਰਨ ਹਾਲਾਤਾਂ ਵਿੱਚ ਕੰਮ ਕਰ ਰਹੇ ਹਨ। ਪੰਜਾਬ ਬਹੁਪੱਖੀ ਸੰਕਟਾਂ ਵਿੱਚ ਘਿਰਿਆ ਹੋਇਆ ਹੈ। ਉਨ੍ਹਾਂ ਨੂੰ ਇਹ ਸੰਕਟ ਵਿਰਾਸਤ ਵਿੱਚ ਮਿਲੇ ਹਨ। ਪੰਜਾਬ ਦੀ ਮਾੜੀ ਆਰਥਿਕ ਹਾਲਤ ਲਈ ਉਹ ਕਿਸੇ ਵੀ ਤਰ੍ਹਾਂ ਜ਼ਿੰਮੇਵਾਰ ਨਹੀਂ ਹਨ। ਇਸੇ ਤਰ੍ਹਾਂ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਾਂ ਦਾ ਮਸਲਾ ਵੀ ਉਨ੍ਹਾਂ ਨੂੰ ਵਿਰਾਸਤ ਵਿੱਚ ਮਿਲਿਆ ਹੈ। ਇਸ ਸਭ ਕੁੱਝ ਦੇ ਬਾਵਜੂਦ ਮੁੱਖ ਮੰਤਰੀ ਵੱਲੋਂ ਸਾਰੇ ਮਸਲਿਆਂ ਦੇ ਹੱਲ ਲਈ ਵੱਡੇ ਯਤਨ ਆਰੰਭੇ ਗਏ ਹਨ। ਇਸ ਵਿੱਚ ਸ਼ੁਰੂਆਤੀ ਤੌਰ ’ਤੇ ਕੁੱਝ ਸਫਲਤਾ ਵੀ ਮਿਲ ਰਹੀ ਹੈ। ਬੇਸ਼ਕ ਹਾਲੇ ਵੀ ਚੁਣੌਤੀਆਂ ਮੂੰਹ ਅੱਡੀ ਖੜ੍ਹੀਆਂ ਹਨ। ਮਾੜੀ ਆਰਥਿਕ ਹਾਲਤ ਕਾਰਨ ਸਰਕਾਰ ਚਾਹੁੰਦੇ ਹੋਏ ਵੀ ਕਿਸਾਨਾਂ ਅਤੇ ਹੋਰ ਵਰਗਾਂ ਨੂੰ ਫੌਰੀ ਤੌਰ ’ਤੇ ਲੋੜੀਂਦੀ ਰਾਹਤ ਨਹੀਂ ਦੇ ਸਕੀ। ਇਸ ਦੇ ਬਾਵਜੂਦ ਸਰਕਾਰ ਤਰਜੀਹੀ ਤੌਰ ’ਤੇ ਮਸਲਿਆਂ ਦੇ ਹੱਲ ਲਈ ਯਤਨਸ਼ੀਲ ਦਿਸ ਰਹੀ ਹੈ। ਪੰਜਾਬ ਦੇ ਮਸਲੇ ਬਹੁਤ ਗੁੰਝਲਦਾਰ ਹੋ ਚੁੱਕੇ ਹਨ। ਇਨ੍ਹਾਂ ਮਸਲਿਆਂ ਨੂੰ ਰਾਤੋ-ਰਾਤ ਹੱਲ ਨਹੀਂ ਕੀਤਾ ਜਾ ਸਕਦੇ। ਇਸ ਲਈ ਸਰਕਾਰ ਨੂੰ ਹੋਰ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਆਰਥਿਕ ਹਾਲਾਤ ਨੂੰ ਬੇਹਤਰ ਬਣਾਉਣ ਲਈ ਵੀ ਵਧੇਰੇ ਸਮੇਂ ਦੀ ਜ਼ਰੂਰਤ ਹੈ। ਇਸ ਸਮੇਂ ਕੇਂਦਰ ਸਰਕਾਰ ਵੀ ਪੰਜਾਬ ਦੀ ਬਾਂਹ ਫੜਨ ਨੂੰ ਤਿਆਰ ਨਹੀਂ। ਕੈਪਟਨ ਅਮਰਿੰਦਰ ਸਿੰਘ ਸੂਬਾ ਪੱਧਰ ’ਤੇ ਆਰਥਿਕ ਸਾਧਨ ਜੁਟਾਉਣ ਦਾ ਯਤਨ ਕਰ ਰਹੇ ਹਨ। ਇਸੇ ਤਰ੍ਹਾਂ ਦੂਸਰੀਆਂ ਚੁਣੌਤੀਆਂ ਦਾ ਨਿਪਟਾਰਾ ਵੀ ਜਾਦੂ ਝਟਕੇ ਨਾਲ ਨਹੀਂ ਹੋ ਸਕਦਾ। ਇਹ ਦੁੱਖ ਦੀ ਗੱਲ ਹੈ ਕਿ ਪੰਜਾਬ ਵਿੱਚ ਵਿਰੋਧੀ ਸਿਆਸੀ ਧਿਰਾਂ ਸੰਕਟ ਦੇ ਸਮੇਂ ਸਰਕਾਰ ਦਾ ਸਾਥ ਨਹੀਂ ਦੇ ਰਹੀਆਂ। ਸਿਆਸੀ ਵਿਰੋਧ ਕਰਨਾ ਸੌਖਾ ਹੈ ਪ੍ਰੰਤੂ ਸਮੱਸਿਆਵਾਂ ਦੇ ਹੱਲ ਲਈ ਸਹਿਯੋਗ ਕਰਨਾ ਬਹੁਤ ਕਠਿਨ ਹੁੰਦਾ ਹੈ। ਪੰਜਾਬ ਦੀਆਂ ਪ੍ਰਮੁੱਖ ਸਿਆਸੀ ਧਿਰਾਂ ਸੰਕਟ ਦੇ ਸਮੇਂ ਵੀ ਸਵਾਰਥੀ ਰਾਜਨੀਤੀ ਕਰ ਰਹੀਆਂ ਹਨ। ਇਹੋ ਕਾਰਨ ਹੈ ਕਿ ਮੁੱਖ ਮੰਤਰੀ ਦੇ ਚੰਗੇ ਕੰਮਾਂ ਦੀ ਪ੍ਰਸੰਸਾ ਕਰਨ ਦੀ ਥਾਂ ਵਿਰੋਧੀਆਂ ਵੱਲੋਂ ਸਿਰਫ ਆਲੋਚਨਾ ਉਪਰ ਹੀ ਜ਼ੋਰ ਦਿੱਤਾ ਜਾ ਰਿਹਾ ਹੈ। ਬਿਨਾ ਸ਼ੱਕ ਕੈਪਟਨ ਅਮਰਿੰਦਰ ਸਿੰਘ ਬਹੁਤ ਹੀ ਚੰਗੀਆਂ ਅਤੇ ਇਮਾਨਦਾਰ ਕੋਸ਼ਿਸ਼ਾਂ ਵਿੱਚ ਲੱਗੇ ਹੋਏ ਹਨ। ਇਸ ਸਮੇਂ ਉਨ੍ਹਾਂ ਨੂੰ ਹਰ ਪੱਧਰ ’ਤੇ ਸਹਿਯੋਗ ਦੀ ਸਖ਼ਤ ਜ਼ਰੂਰਤ ਹੈ। ਪੰਜਾਬ ਕੇਵਲ ਮੁੱਖ ਮੰਤਰੀ ਦਾ ਨਹੀਂ ਹੈ। ਪੰਜਾਬ ਸਾਡੇ ਸਾਰਿਆਂ ਦਾ ਹੈ। ਵਿਰੋਧੀ ਸਿਆਸੀ ਧਿਰਾਂ ਨੂੰ ਵੀ ਇਹ ਗੱਲ ਸਮਝਣੀ ਚਾਹੀਦੀ ਹੈ। ਉਨ੍ਹਾਂ ਨੂੰ ਪੰਜਾਬ ਦੀ ਬਿਹਤਰੀ ਲਈ ਸਰਕਾਰ ਨਾਲ ਲੋੜੀਂਦਾ ਸਹਿਯੋਗ ਕਰਨਾ ਚਾਹੀਦਾ ਹੈ। ਇਸੇ ਤਰ੍ਹਾਂ ਕਾਂਗਰਸ ਹਾਈਕਮਾਨ ਨੂੰ ਵੀ ਮੁੱਖ ਮੰਤਰੀ ਦੀਆਂ ਮੁਸ਼ਕਿਲਾਂ ਵਿੱਚ ਸਹਾਈ ਹੋਣਾ ਚਾਹੀਦਾ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ ਇਸ ਸਥਿਤੀ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਜੇਕਰ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਨਾਲ ਸਬੰਧਤ ਸਾਰੇ ਮਾਮਲਿਆਂ ਵਿੱਚ ਫਰੀ ਹੈਂਡ ਦਿੰਦੇ ਹਨ ਤਾਂ ਇਸ ਵਿੱਚ ਕਾਂਗਰਸ ਦਾ ਹੀ ਭਲਾਈ ਹੈ। ਬਿਹਤਰ ਹੋਵੇਗਾ ਕਿ ਪੰਜਾਬ ਕਾਂਗਰਸ ਦੇ ਪੁਨਰਗਠਨ ਅਤੇ ਪੰਜਾਬ ਮੰਤਰੀ ਮੰਡਲ ਵਿੱਚ ਵਿਸਥਾਰ ਲਈ ਮੁੱਖ ਮੰਤਰੀ ਨੂੰ ਖੁੱਲ੍ਹੇ ਅਖਤਿਆਰ ਦਿੱਤੇ ਜਾਣ। ਇਸ ਨਾਲ ਕਾਂਗਰਸ ਅਤੇ ਸਰਕਾਰ ਦੀ ਕਾਰਗੁਜ਼ਾਰੀ ਬੇਹਤਰ ਬਣਾਉਣ ਵਿੱਚ ਮੱਦਦ ਮਿਲੇਗੀ। ਪੰਜਾਬ ਕਾਂਗਰਸ ਦੀ ਵਾਪਸੀ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਭ ਤੋਂ ਵੱਡੀ ਭੂਮਿਕਾ ਹੈ। ਉਨ੍ਹਾਂ ਦੀ ਅਗਵਾਈ ਵਿੱਚ ਕਾਂਗਰਸ ਹਾਈਕਮਾਨ ਨੂੰ ਪਹਿਲਾਂ ਦੀ ਤਰ੍ਹਾਂ ਵਿਸ਼ਵਾਸ ਕਰਨਾ ਚਾਹੀਦਾ ਹੈ। ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਪਹਿਲੇ ਮਹੀਨਿਆਂ ਵਿੱਚ ਬਹੁਤ ਹੀ ਅਹਿਮ ਫੈਸਲੇ ਲਏ ਗਏ ਹਨ। ਇਨ੍ਹਾਂ ਫੈਸਲਿਆਂ ਦੀ ਰੌਸ਼ਨੀ ਵਿੱਚ ਪੰਜਾਬ ਦੀ ਹਾਲਤ ਹੌਲੀ-ਹੌਲੀ ਬਦਲ ਰਹੀ ਹੈ। ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਵਿੱਚ ਵੀ ਸੁਧਾਰ ਹੋ ਰਿਹਾ ਹੈ। ਸਾਰੇ ਮੰਤਰੀ ਆਪਣੇ-ਆਪਣੇ ਖੇਤਰ ਵਿੱਚ ਬੇਹਤਰ ਕਾਰਗੁਜ਼ਾਰੀ ਲਈ ਯਤਨਸ਼ੀਲ ਹਨ। ਉਮੀਦ ਹੈ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਛੇਤੀ ਹੀ ਦਰਪੇਸ਼ ਚੁਣੌਤੀਆਂ ਵਿੱਚੋਂ ਉਭਰ ਆਵੇਗਾ।
– ਬਲਜੀਤ ਸਿੰਘ ਬਰਾੜ



