May 2, 2026 7:27 am

ਬਾਬਾ ਦਯਾ ਸਿੰਘ ਜੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈ ਜਾਵੇਗੀ : ਜਥੇ. ਅਵਤਾਰ ਸਿੰਘ

image ਅੰਮ੍ਰਿਤਸਰ, 29 ਜਨਵਰੀ (ਸੁਨੀਲ ਗੁਪਤਾ, ਮਨਿੰਦਰ ਸਿੰਘ ਗੋਰੀ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹ ਦੇ ਅਨਿਨ ਸੇਵਕ ਬਾਬਾ ਬਿਧੀ ਚੰਦ ਦੀ ਵੰਸ਼ ਵਿੱਚੋਂ 11ਵੇਂ ਸਥਾਨ ਤੇ ਵਿਚਰਦਿਆਂ ਸਿੱਖ ਪੰਥ ਦੇ ਨਿਸ਼ਕਾਮ ਸੇਵਕ ਗੁਰਬਾਣੀ ਦੇ ਰਸੀਆ ਬਾਬਾ ਦਯਾ ਸਿੰਘ ਦੀ ਤਸਵੀਰ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇਗੀ। ਇਹ ਐਲਾਨ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਬਾ ਜੀ ਦੇ ਦੁਸਹਿਰੇ ਮੌਕੇ ਸੁਰਸਿੰਘ ਵਿਖੇ ਲੱਖਾਂ ਸੰਗਤਾਂ ਦੇ ਵਿਸ਼ਾਲ ਇਕੱਠ ਵਿੱਚ ਬਾਬਾ ਜੀ ਨੂੰ ਸ਼ਰਧਾ ਸਤਕਾਰ ਭੇਟ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਦਯਾ ਸਿੰਘ ਜੀ ਪੂਰਨ ਬ੍ਰਹਮ ਗਿਆਨੀ ਸਨ ਤੇ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਪੰਥ ਦੇ ਲੇਖੇ ਲਾਉਂਦਿਆਂ ਹਜ਼ਾਰਾਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਿਆ ਹੈ। ਅਜਿਹੀਆਂ ਸਖਸ਼ੀਅਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਮਾਰਗ ਦਰਸ਼ਨ ਬਨਣ ਉਨ੍ਹਾਂ ਦੀ ਤਸਵੀਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇਗੀ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਬਾਬਾ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਬਾਬਾ ਜੀ ਵੱਲੋਂ ਪੰਥ ਲਈ ਕੀਤੇ ਕਾਰਜਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਸਿੰਘ ਸਾਹਿਬਾਨ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵਿਚਾਰ ਕਰਕੇ ਬਾਬਾ ਜੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਨਮਾਨ ਦੇਣ ਬਾਰੇ ਐਲਾਨ ਕਰਨਗੇ। ਉਨ੍ਹਾਂ ਕਿਹਾ ਕਿ ਬਾਬਾ ਬਿਧੀ ਚੰਦ ਸੰਪਰਦਾ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਨ ਦਾ ਲਗਾਤਾਰ ਉਪਰਾਲਾ ਕਰ ਰਹੀ ਹੈ।
ਇਸੇ ਤਰ੍ਹਾਂ ਹੋਰਨਾ ਰਾਜਸੀ, ਧਾਰਮਿਕ ਤੇ ਪੰਥਕ ਆਗੂਆਂ ਤੋਂ ਇਲਾਵਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਗਿਆਨੀ ਮੱਲ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੇ ਵੀ ਬਾਬਾ ਦਯਾ ਸਿੰਘ ਜੀ ਦੇ ਜੀਵਨ ਤੇ ਚਾਨਣਾ ਪਾਇਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ, ਸ.ਭਗਵੰਤ ਸਿੰਘ ਸਿਆਲਕਾ, ਸ.ਖੁਸ਼ਵਿੰਦਰ ਸਿੰਘ ਭਾਟੀਆ, ਸ.ਮਗਵਿੰਦਰ ਸਿੰਘ ਖਾਪੜਖੇੜੀ, ਸ.ਬਾਵਾ ਸਿੰਘ ਗੁਮਾਨਪੁਰਾ, ਸ.ਸੁਰਜੀਤ ਸਿੰਘ ਭਿੱਟੇਵੱਡ, ਬਾਬਾ ਅਵਤਾਰ ਸਿੰਘ ਘਰਿਆਲਾ, ਸ.ਗੁਰਚਰਨ ਸਿੰਘ ਗਰੇਵਾਲ, ਸ.ਬਲਦੇਵ ਸਿੰਘ ਚੁੰਘਾਂ (ਸਾਰੇ ਮੈਂਬਰ ਸ਼੍ਰੋਮਣੀ ਕਮੇਟੀ), ਸ.ਮਨਜੀਤ ਸਿੰਘ ਸਕੱਤਰ, ਸ.ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸ.ਸੁਖਦੇਵ ਸਿੰਘ ਭੂਰਾਕੋਹਨਾ ਤੇ ਸ.ਪਰਮਜੀਤ ਸਿੰਘ ਮੀਤ ਸਕੱਤਰ, ਸ.ਕੁਲਵਿੰਦਰ ਸਿੰਘ ਰਾਮਦਾਸ ਇੰਚਾਰਜ ਪਬਲੀਸਿਟੀ, ਸ.ਪਰਮਜੀਤ ਸਿੰਘ ਮੈਨੇਜਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਤ ਸਮਾਜ, ਮਹਾਪੁਰਸ਼, ਪੰਥਕ ਆਗੂ ਮੌਜੂਦ ਸਨ।

Send this to a friend