Skip to content
Independent perspectives. Global stories.
BREAKING

ਅੰਮ੍ਰਿਤਸਰ ਵਿਖੇ ਬੁੱਧਵਾਰ ਨੂੰ ਟਰੂਡੋ ਨਾਲ ਹੋਣ ਵਾਲੀ ਮੀਟਿੰਗ ਦੀ ਉਡੀਕ ਕਰ ਰਿਹਾਂ : ਕੈਪਟਨ

Share this story

ਚੰਡੀਗੜ੍ਹ, 19 ਫਰਵਰੀ- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਬੁਧਵਾਰ ਨੂੰ ਅੰਮ੍ਰਿਤਸਰ ਵਿਖੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਹੋਣ ਵਾਲੀ ਮੁਲਾਕਾਤ ਦੌਰਾਨ ਸੂਬੇ ਦੇ ਕੈਨੇਡਾ ਨਾਲ ਨਜ਼ਦੀਕੀ ਵਿਪਾਰਿਕ ਸਬੰਧਾਂ ਦੇ ਨਾਲ-ਨਾਲ ਦੋਵਾਂ ਦੇਸ਼ਾਂ ਦੇ ਲੋਕਾਂ ਵਿੱਚਕਾਰ ਸਬੰਧਾਂ ਨੂੰ ਹੋਰ ਉਚਾਈ ਤੱਕ ਲਿਜਾਣ ਲਈ ਪੂਰੀ ਤਰ੍ਹਾਂ ਤਿਆਰ ਹਨ। ਮੁਖ ਮੰਤਰੀ ਨੇ ਪਹਿਲਾਂ ਹੀ 21 ਫਰਵਰੀ ਨੂੰ ਦੌਰੇ ’ਤੇ ਆ ਰਹੇ ਵਿਦੇਸ਼ੀ ਮਹਿਮਾਨ ਦੇ ਪੂਰੇ ਸਤਿਕਾਰ ਅਤੇ ਆਦਰ-ਮਾਣ ਲਈ ਸੂਬਾ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕਰ ਦਿਤੀਆਂ ਹਨ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਉਹ ਇਸ ਮੀਟਿੰਗ ਦੀ ਉਡੀਕ ਕਰ ਰਹੇ ਹਨ। ਮੁਖ ਮੰਤਰੀ ਨੇ ਕੀਤੇ ਆਪਣੇ ਟਵੀਟ ਵਿੱਚ ਕਿਹਾ ਹੈ, ‘‘ਮੈਂ ਬੁੱਧਵਾਰ ਨੂੰ ਅੰਮ੍ਰਿਤਸਰ ਵਿਖੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਹੋਣ ਵਾਲੀ ਮੀਟਿੰਗ ਦਾ ਇੰਤਜ਼ਾਰ ਕਰ ਰਿਹਾ ਹਾਂ। ਮੈਨੂੰ ਉਮੀਦ ਹੈ ਕਿ ਇਹ ਮੀਟਿੰਗ ਕੈਨੇਡਾ ਅਤੇ ਭਾਰਤ ਵਿਚਕਾਰ ਦੁਵਲੇ ਸਬੰਧਾਂ ਨੂੰ ਮਜ਼ਬੂਤ ਕਰਨ ਵਿਚ ਮਦਦ ਦੇਵੇਗੀ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿੱਚਕਾਰ ਡੂੰਘੇ ਸਬੰਧ ਪੈਦਾ ਹੋਣਗੇ।’’ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਟਰੂਡੋ ਨਾਲ ਹੋਣ ਵਾਲੀ ਆਪਣੀ ਮੀਟਿੰਗ ਦੇ ਸਬੰਧ ਵਿੱਚ ਉਮੀਦ ਪ੍ਰਗਟ ਕੀਤੀ ਹੈ ਕਿ ਇਸ ਨਾਲ ਕੈਨੇਡਾ ਅਤੇ ਭਾਰਤ ਵਿੱਚਕਾਰ ਖਾਸ ਕਰ ਪੰਜਾਬ ਦੇ ਸੰਦਰਭ ਵਿੱਚ ਦੁਵੱਲੇ ਸਬੰਧ ਹੋਰ ਮਜ਼ਬੂਤ ਹੋਣਗੇ ਕਿਉਂਕਿ ਕੈਨੇਡਾ ਵਿਚ ਪੰਜਾਬ ਦਾ ਵਡਾ ਭਾਈਚਾਰਾ ਵੱਸਦਾ ਹੈ। ਬੁਲਾਰੇ ਅਨੁਸਾਰ ਇਸ ਦੌਰਾਨ ਵਪਾਰ ਅਤੇ ਵਣਜ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਵਿੱਚਕਾਰ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਬਾਰੇ ਵੀ ਵਿਚਾਰ ਵਟਾਂਦਰਾ ਕੀਤੇ ਜਾਣ ਦੀ ਉਮੀਦ ਹੈ।
ਕੈਪਟਨ ਅਮਰਿੰਦਰ ਨੇ ਇਸ ਦਿਸ਼ਾ ਵੱਲ ਟਰੂਡੋ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਕੈਨੇਡਾ ਨਾਲ ਡੂੰਘੀ ਸਾਂਝ ਹੈ ਜਿਥੇ ਵਡੀ ਪੱਧਰ ’ਤੇ ਪੰਜਾਬੀ ਭਾਈਚਾਰਾ ਵੱਸਦਾ ਹੈ ਅਤੇ ਇਨ੍ਹਾਂ ਵਿੱਚਕਾਰ ਸਬੰਧਾਂ ਨੂੰ ਹਮੇਸ਼ਾ ਹੀ ਮਜ਼ਬੂਤ ??ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਬੁਧਵਾਰ ਦੀ ਮੀਟਿੰਗ ਦੌਰਾਨ ਇਨ੍ਹਾਂ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਵਿਚ ਮਦਦ ਮਿਲੇਗੀ। ਇਸ ਦੌਰਾਨ ਮੁਖ ਮੰਤਰੀ ਨੇ ਪ੍ਰਸ਼ਾਸਨ ਨੂੰ ਇਹ ਯਕੀਨੀ ਬਨਾਉਣ ਦਾ ਹੁਕਮ ਦਿਤਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਨ੍ਹਾਂ ਦੇ ਰੁਤਬੇ ਮੁਤਾਬਕ ਪੂਰਾ ਅਦਬ ਦਿੱਤਾ ਜਾਵੇ।

WRITTEN BY