May 10, 2026 2:26 am

ਟਰੂਡੋ ਤੇ ਕੈਪਟਨ ਵਿਚਾਲੇ ਅਹਿਮ ਗੱਲਬਾਤ ਕੈਨੇਡਾ ਕਿਸੇ ਵੀ ਵੱਖਵਾਦੀ ਲਹਿਰ ਦਾ ਸਮਰਥਨ ਨਹੀਂ ਕਰਦਾ : ਟਰੂਡੋ

ਕੈਪਟਨ ਨੇ ‘ਏ’ ਸ਼੍ਰੇਣੀ ਦੇ 9 ਇੰਡੋ-ਕੈਨੇਡੀਅਨਾਂ ਦੀ ਸੂਚੀ ਟਰੂਡੋ ਨੂੰ ਸੌਂਪੀ

ਅੰਮ੍ਰਿਤਸਰ/ਚੰਡੀਗੜ੍ਹ, 21 ਫਰਵਰੀ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਜਾਂ ਕਿਸੇ ਹੋਰ ਖਿੱਤੇ ਵਿੱਚ ਕਿਸੇ ਵੀ ਵਖਵਾਦੀ ਲਹਿਰ ਨੂੰ ਉਨ੍ਹਾਂ ਦੇ ਦੇਸ਼ ਵੱਲੋਂ ਸਮਰਥਨ ਨਾ ਕਰਨ ਦਾ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਹੈ। ਸ੍ਰੀ ਟਰੂਡੋ ਨੇ ਇਹ ਭਰੋਸਾ ਉਸ ਵੇਲੇ ਦਿਵਾਇਆ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਤੋਂ ਕੁਝ ਤਤਾਂ ਦੁਆਰਾ ਵੱਖਵਾਦੀ ਅਤੇ ਨਫ਼ਰਤੀ ਅਪਰਾਧ ਵਿਰੁੱਧ ਹਮਲਾ ਬੋਲਣ ਲਈ ਉਨ੍ਹਾਂ ਦੇ ਸਹਿਯੋਗ ਦੀ ਮੰਗ ਕੀਤੀ। ਇਨ੍ਹਾਂ ਤੱਤਾਂ ਦੀ ਕੈਨੇਡਾ ਦੀ ਆਬਾਦੀ ਵਿੱਚ ਬਹੁਤ ਥੋੜ੍ਹੀ ਗਿਣਤੀ ਹੈ। ਮੁਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਦੋਵਾਂ ਆਗੂਆਂ ਵਿਚਕਾਰ 40 ਮਿੰਟ ਦੀ ਲੰਮੀ ਮੀਟਿੰਗ ਦੌਰਾਨ ਪੰਜਾਬ ਦੇ ਮੁਖ ਮੰਤਰੀ ਨੇ ਕੈਨੇਡਾ ਵਿੱਚ ਸਰਗਰਮ ਏ-ਸ਼੍ਰੇਣੀ ਦੇ 9 ਵਿਅਕਤੀਆਂ ਦੀ ਸੂਚੀ ਸ੍ਰੀ ਟਰੂਡੋ ਨੂੰ ਸੌਂਪੀ ਜੋ ਕਿ ਕਥਿਤ ਤੌਰ ’ਤੇ ਪੰਜਾਬ ਵਿੱਚ ਅੱਤਵਾਦੀ ਕਾਰਵਾਈਆਂ ਲਈ ਵਿੱਤ ਅਤੇ ਹਥਿਆਰਾਂ ਦੀ ਸਪਲਾਈ ਨਾਲ ਇਨ੍ਹਾਂ ਤੱਤਾਂ ਦੀ ਮਦਦ ਕਰ ਰਹੇ ਹਨ। ਇਸ ਮੀਟਿੰਗ ਵਿਚ ਕੈਨੇਡਾ ਦੇ ਰਖਿਆ ਮੰਤਰੀ ਹਰਜੀਤ ਸਜਣ ਅਤੇ ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿਧੂ ਵੀ ਮੌਜੂਦ ਸਨ ਕੈਪਟਨ ਅਮਰਿੰਦਰ ਸਿੰਘ ਨੇ ਉਚੇਰੀ ਸਿੱਖਿਆ, ਵਿਗਿਆਨਕ ਖੋਜ ਤੇ ਤਕਨਾਲੋਜੀ, ਨਵੀਨਤਾ ਤੇ ਸਟਾਰਟ ਅੱਪ ਦੇ ਨਾਲ-ਨਾਲ ਹੁਨਰ ਵਿਕਾਸ ਵਰਗੇ ਕੁਝ ਖੇਤਰਾਂ ਦਾ ਵਰਨਣ ਕੀਤਾ ਜਿਨ੍ਹਾਂ ਵਿੱਚ ਪੰਜਾਬ ਦੇ ਵਿਕਾਸ ਲਈ ਕੈਨੇਡਾ ਸਹਿਯੋਗ ਕਰ ਸਕਦਾ ਹੈ। ਮੁੱਖ ਮੰਤਰੀ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਨੂੰ ਆਪਣੀ ਕਿਤਾਬ ‘ਆਨਰ ਐਂਡ ਫਿਡੇਲਿਟੀ-ਵਰਲਡ ਵਾਰ-1’ ਅਤੇ ਉਘੇ ਲੇਖਕ ਖੁਸ਼ਵੰਤ ਸਿੰਘ ਦੀ ਕਿਤਾਬ ‘ਹਿਸਟਰੀ ਆਫ਼ ਸਿੱਖਜ਼’ ਭੇਟ ਕੀਤੀ। ਉਨ੍ਹਾਂ ਨੇ ਸ੍ਰੀ ਟਰੂਡੋ ਦੀ ਪਤਨੀ ਸੋਫੀ ਗਰੋਗੋਇਰ ਟਰੂਡੋ ਨੂੰ ਪੰਜਾਬ ਦੀ ਮਸ਼ਹੂਰ ਰਵਾਇਤੀ ਫੁਲਕਾਰੀ ਤੇ ਸ਼ਾਲ ਵੀ ਭੇਟ ਕੀਤੇ। ਪ੍ਰਧਾਨ ਮੰਤਰੀ ਦੇ ਤਿੰਨਾਂ ਬੱਚਿਆਂ ਨੂੰ ਕਈ ਤੋਹਫ਼ੇ ਵੀ ਦਿੱਤੇ। ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਕਿਸੇ ਮੁੱਖ ਮੰਤਰੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੀ ਹਾਜ਼ਰ ਸਨ।

Send this to a friend