ਬਟਾਲਾ, 26 ਫਰਵਰੀ (ਲੱਕੀ, ਕਾਜਲ ਅੱਗਰਵਾਲ)- ਸਿਹਤ ਅਤੇ ਸਿੱਖਿਆ ਦੇ ਖੇਤਰਾਂ ਦਾ ਵਿਕਾਸ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਇਨ੍ਹਾਂ ਦੋਵਾਂ ਖੇਤਰਾਂ ਦੇ ਸੁਧਾਰ ਲਈ ਵੱਡੀਆਂ ਤਬਦੀਲੀਆਂ ਲਿਆਂਦੀ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਭੁੱਲਰ ਦੇ ਮੁੱਢਲੇ ਸਿਹਤ ਕੇਂਦਰ ਵਿਖੇ ਲਗਾਏ ਸਿਹਤ ਜਾਗਰੂਕਤਾ ਮੇਲੇ ਦੌਰਾਨ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਸ. ਬਾਜਵਾ ਨੇ ਕਿਹਾ ਕਿ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਹੋਰ ਅਮਲੇ ਨੂੰ ਸੱਦਾ ਦਿੱਤਾ ਕਿ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਤਾਂ ਹਰ ਗਰੀਬ ਤੋਂ ਗਰੀਬ ਵਿਅਕਤੀ ਤੱਕ ਸਿਹਤ ਸੇਵਾਵਾਂ ਦਾ ਲਾਭ ਪਹੁੰਚ ਸਕੇ। ਕੈਬਨਿਟ ਮੰਤਰੀ ਸ. ਬਾਜਵਾ ਨੇ ਐਲਾਨ ਕੀਤਾ ਕਿ ਇਲਾਕੇ ਦੀ ਮੰਗ ’ਤੇ ਪਿੰਡ ਭੁੱਲਰ ਦੀ ਪੀ.ਐੱਸ.ਸੀ. ਨੂੰ ਅਪਗਰੇਡ ਕਰਕੇ ਸੀ.ਐੱਚ.ਸੀ. ਦਾ ਦਰਜਾ ਦਿੱਤਾ ਜਾਵੇਗਾ ਅਤੇ ਇਸ ਲਈ ਉਹ ਸਿਹਤ ਮੰਤਰੀ ਨਾਲ ਵੀ ਮੁਲਾਕਾਤ ਕਰਨਗੇ। ਸ. ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਵਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਦਾ ਸਰਕਾਰੀ ਹਸਪਤਾਲਾਂ ਵਿੱਚ ਲੋੜ ਪੈਣ ’ਤੇ ਸਸਤਾ ਤੇ ਵਧੀਆ ਇਲਾਜ ਹੋ ਸਕੇ। ਇਸ ਮੌਕੇ ਉਨ੍ਹਾਂ ਸਿਹਤ ਕੇਂਦਰ ਭੁੱਲਰ ਦੇ ਸਟਾਫ ਨੂੰ ਵਧੀਆ ਕਾਰਗੁਜਾਰੀ ਲਈ ਸ਼ਾਬਾਸ਼ੀ ਵੀ ਦਿੱਤੀ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਬਾਜਵਾ ਨੇ ਸਿਹਤ ਕੇਂਦਰ ਵਿੱਚ ਟੀਕਿਆਂ ਨੂੰ ਸੰਭਾਲਣ ਵਾਲੀਆਂ ਮਸ਼ੀਨਾਂ ਦੇ ਯੂਨਿਟ ਦਾ ਰੀਬਨ ਕੱਟ ਕੇ ਉਦਘਾਟਨ ਕੀਤਾ। ਇਸ ਮੌਕੇ ਸ. ਬਾਜਵਾ ਨੇ ਸਿਹਤ ਵਿਭਾਗ ਵੱਲੋਂ ਲਗਾਈ ਸਿਹਤ ਜਾਗਰੂਕਤਾ ਪ੍ਰਦਰਸ਼ਨੀ ਦਾ ਵੀ ਮੁਆਇਨਾ ਕੀਤਾ। ਇਸ ਮੌਕੇ ਸਿਵਲ ਸਰਜਨ ਡਾ. ਕਿਸ਼ਨ ਚੰਦ, ਐੱਸ.ਐੱਮ.ਓ. ਭੁੱਲਰ ਡਾ. ਸੁਨੀਤਾ ਭੱਲਾ, ਐੱਸ.ਐੱਮ.ਓ. ਬਟਾਲਾ ਡਾ. ਸੰਜੀਵ ਭੱਲਾ, ਡਾ. ਗਗਨਦੀਪ ਕੌਰ, ਡਾ. ਭਾਵਨਾ ਵੱਲੋਂ ਸਿਹਤ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਮੌਕੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਭੁੱਲਰ, ਪ੍ਰਿੰਸੀਪਲ ਭੁੱਲਰ ਸਕੂਲ ਰਵਿੰਦਰਪਾਲ ਸਿੰਘ ਚਾਹਲ, ਜਤਿੰਦਰਪਾਲ ਸਿੰਘ ਕਾਲਾਨੰਗਲ, ਯਾਦਵਿੰਦਰ ਸਿੰਘ ਕਾਕਾ ਸ਼ਾਹ, ਰੁਪਿੰਦਰ ਸਿੰਘ ਸ਼ਾਮਪੁਰਾ, ਨੱਥਾ ਸਿੰਘ ਤਲਵੰਡੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।