ਫ਼ਿਰੋਜ਼ਪੁਰ, 26 ਫਰਵਰੀ (ਸਤਬੀਰ ਬਰਾੜ)- ਭਾਰਤ ਸਰਕਾਰ ਵੱਲੋਂ ਆਰਥਿਕ ਤੌਰ ਤੇ ਵਿਕਾਸ ਪੱਖੋਂ ਪੱਛੜੇ ਦੇਸ਼ ਦੇ 115 ਜ਼ਿਲ੍ਹਿਆਂ ਦੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ ਤਾਂ ਜੋ ਇਨ੍ਹਾਂ ਦਾ ਪੱਛੜਾਪਨ ਦੂਰ ਕਰਕੇ ਲੋਕਾਂ ਦੇ ਜੀਵਨ ਪੱਧਰ ਨੂੰ ਵਧੀਆ ਬਣਾਇਆ ਜਾ ਸਕੇ। ਇਹ ਪ੍ਰਗਟਾਵਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਵਿਧਾਇਕਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਕੀਤਾ। ਕੇਂਦਰੀ ਮੰਤਰੀ ਮੈਡਮ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਵੱਲੋਂ ਦੇਸ਼ ਦੇ ਸਭ ਤੋਂ ਪੱਛੜੇ ਜ਼ਿਲ੍ਹਿਆਂ ਦੇ ਵਿਕਾਸ ਨੂੰ 2022 ਤੱਕ ਮੁਕੰਮਲ ਕਰਨ ਦੀ ਯੋਜਨਾ ਬਣਾਈ ਹੈ ਤੇ ਪ੍ਰਧਾਨ ਮੰਤਰੀ ਖ਼ੁਦ ਇਸ ਕੰਮ ਦਾ ਰੀਵਿਊ ਕਰਦੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕੀਤੇ ਸਰਵੇ ਵਿਚ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਮੋਗਾ ਜ਼ਿਲ੍ਹਿਆਂ ਦਾ ਸ਼ੁਮਾਰ ਪੱਛੜੇ ਜ਼ਿਲ੍ਹਿਆਂ ਵਿਚ ਹੋਇਆ ਹੈ ਤੇ ਭਾਰਤ ਸਰਕਾਰ ਵੱਲੋਂ ਇਨ੍ਹਾਂ ਜ਼ਿਲ੍ਹਿਆਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ, ਸਿੱਖਿਆ, ਸਿਹਤ, ਖੇਤੀਬਾੜੀ, ਹੁਨਰ ਵਿਕਾਸ, ਰੁਜ਼ਗਾਰ ਸਮੇਤ ਹੋਰ ਖੇਤਰਾਂ ਵਿਚ ਸੁਧਾਰ ਤੋਂ ਇਲਾਵਾ ਇਨ੍ਹਾਂ ਖੇਤਰਾਂ ਵਿਚ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ।
ਇਸ ਮੌਕੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਖੇਤੀ ਆਰਥਿਕਤਾ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ ਅਤੇ ਭਾਰਤ ਸਰਕਾਰ ਵੱਲੋਂ ਫੂਡ ਪ੍ਰੋਸੈਸਿੰਗ ਦੇ ਛੋਟੇ-ਵੱਡੇ ਉਦਯੋਗ ਸਥਾਪਿਤ ਕਰਨ ਲਈ ਵੱਡੀ ਪੱਧਰ ਤੇ ਸਬਸਿਡੀਆਂ ਅਤੇ ਕਰਜ਼ੇ ਦਾ ਪ੍ਰਬੰਧ ਹੈ ਜਿਸ ਦਾ ਵੱਧ ਤੋਂ ਵੱਧ ਉੱਦਮੀਆਂ ਨੂੰ ਲਾਭ ਉਠਾਉਣਾ ਚਾਹੀਦਾ ਹੈ। ਮੀਟਿੰਗ ਵਿਚ ਆਰਕੇ ਚੌਧਰੀ ਸੰਯੁਕਤ ਸਕੱਤਰ ਭਾਰਤ ਸਰਕਾਰ ਨੇ ਕੇਂਦਰ ਸਰਕਾਰ ਦੀਆਂ ਸਿੱਖਿਆ, ਸਿਹਤ, ਪੇਂਡੂ ਵਿਕਾਸ ਖੇਤੀਬਾੜੀ, ਹੁਨਰ ਵਿਕਾਸ ਆਦਿ ਖੇਤਰ ਦੀਆਂ ਸਕੀਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਰਾਮਵੀਰ ਆਈਏਐਸ ਨੇ ਜ਼ਿਲ੍ਹੇ ਵਿੱਚ ਲੋਕਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਇਸ ਸਬੰਧੀ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਕੇਂਦਰੀ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿੱਖਿਆ ਸੁਧਾਰਾਂ ਲਈ ਕੀਤੇ ਜਾ ਰਹੇ ਕੰਮਾਂ ਲਈ ਡਿਪਟੀ ਕਮਿਸ਼ਨਰ ਦੀ ਪ੍ਰਸੰਸਾ ਕੀਤੀ। ਵਧੀਕ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕੇਂਦਰੀ ਮੰਤਰੀ ਤੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।
ਫ਼ਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਸਰਹੱਦੀ ਲੋਕਾਂ ਦੀਆਂ ਮੁਸ਼ਕਲਾਂ ਸਬੰਧੀ ਜਾਣੂ ਕਰਵਾਇਆ ਅਤੇ ਇਨ੍ਹਾਂ ਦੇ ਠੋਸ ਹੱਲ ਲਈ ਕੇਂਦਰ ਵੱਲੋਂ ਸਹਾਇਤਾ ਦੀ ਮੰਗ ਕੀਤੀ। ਕਾਂਗਰਸੀ ਆਗੂ ਜਸਮੇਲ ਸਿੰਘ ਲਾਡੀ ਗਹਿਰੀ ਨੇ ਬੇਰੁਜ਼ਗਾਰੀ ਦੂਰ ਕਰਨ ਲਈ ਢੁਕਵੇਂ ਹੱਲ ਦੀ ਮੰਗ ਕੀਤੀ। ਇਸ ਮੌਕੇ ਹਰਜੀਤ ਸਿੰਘ ਸੰਧੂ ਐਸਡੀਐਮ ਫ਼ਿਰੋਜ਼ਪੁਰ, ਅਮਿਤ ਗੁਪਤਾ ਐਸਡੀਐਮ ਜ਼ੀਰਾ, ਚਰਨਦੀਪ ਸਿੰਘ ਐਸਡੀਐਮ ਗੁਰੂਹਰਸਹਾਏ, ਸਹਾਇਕ ਕਮਿਸ਼ਨਰ ਰਣਜੀਤ ਸਿੰਘ, ਨਮਨ ਮਰਕਨ ਪੀਸੀਐਸ, ਰਵਿੰਦਰਪਾਲ ਸਿੰਘ ਡੀਡੀਪੀਓ, ਅੰਮ੍ਰਿਤਪਾਲ ਸਿੰਘ ਪੀਏ ਰਾਣਾ ਸੋਢੀ, ਬਲਵੀਰ ਸਿੰਘ ਬਾਠ ਪੀਏ ਪਰਮਿੰਦਰ ਸਿੰਘ ਪਿੰਕੀ, ਲਖਬੀਰ ਸਿੰਘ ਜੌੜਾ ਨੁਮਾਇੰਦਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।