May 21, 2026 6:16 pm

ਮੌੜ ਬੰਬ ਕਾਂਡ ਸੰਘਰਸ਼ ਕਮੇਟੀ ਵੱਲੋਂ ਧਰਨਾ

ਮੌੜ ਮੰਡੀ, 6 ਮਾਰਚ (ਰੇਸ਼ਮ ਸਿੰਘ ਕੁੱਬੇ)-ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਵਲੋਂ ਮੌੜ ਬੰਬ ਕਾਂਡ ਦੇ ਪੀੜਿਤ ਪਰਿਵਾਰਾਂ ਨੂੰ ਇਨਸਾਫ਼ ਨਾ ਦੇਣ, ਦੋਸ਼ੀ ਵਿਅਕਤੀਆਂ ਨੂੰ ਗਿਰਫ਼ਤਾਰ ਕਰਨ ’ਚ ਅਸਫ਼ਲ ਰਹਿਣ, ਜਾਂਚ ਨੂੰ ਠੰਡੇ ਬਸਤੇ ’ਚ ਪਾਉਣ ਦੀਆਂ ਕੋਸ਼ਿਸ਼ਾਂ ਅਤੇ ਮੌੜ ਬੰਬ ਕਾਂਡ ਸੰਘਰਸ਼ ਕਮੇਟੀ ਦੀਆਂ ਜਾਇਜ਼ ਮੰਗਾਂ ਨੂੰ ਨਾ ਮੰਨੇ ਜਾਣ ਦੇ ਵਿਰੋਧ ਵਿਚ ਅੱਜ ‘ਮੌੜ ਬੰਬ ਕਾਂਡ ਸੰਘਰਸ਼ ਕਮੇਟੀ’ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਬੰਬ ਕਾਂਡ ਘਟਨਾ ਸਥਲ ਤੇ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਖਿਲਾਫ਼ ਭਰਵੀਂ ਨਾਅਰੇਬਾਜ਼ੀ ਕੀਤੀ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਬੁਲਾਰਿਆਂ ਦੇਵ ਰਾਜ ਜੇ.ਈ., ਜਗਦੀਸ਼ ਰਾਏ ਸ਼ਰਮਾ, ਗੁਰਮੇਲ ਸਿੰਘ ਮੇਲਾ, ਜੀਤ ਇੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ ਦੇ ਜਸਵਿੰਦਰ ਸਿੰਘ ਕਾਲਾ, ਬਲਵਿੰਦਰ ਸਿੰਘ ਜੋਧਪੁਰ, ਪੱਲੇਦਾਰ ਯੂਨੀਅਨ ਦੇ ਪ੍ਰੀਤਮ ਸਿੰਘ ਕਾਕਾ, ਬਲਦੇਵ ਸਿੰਘ , ਗੱਲਾ ਮਜ਼ਦੂਰ ਯੂਨੀਅਨ ਦੇ ਰਾਜ ਕੁਮਾਰ , ਜਮਹੂਰੀ ਕਿਸਾਨ ਸਭਾ ਦੇ ਤਾਰਾ ਸਿੰਘ ਕੋਟੜਾ, ਟਰੱਕ ਯੂਨੀਅਨ ਦੇ ਕਰਮਜੀਤ ਸਿੰਘ , ਸਿਕੰਦਰ ਸਿੰਘ ਆਦਿ ਨੇ ਕਿਹਾ ਕਿ ਮੌੜ ਬੰਬ ਕਾਂਡ ਹੋਏ ਨੂੰ ਇਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਪ੍ਰੰਤੂ ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਦੀ ਨਲਾਇਕੀ ਦੇ ਚਲਦੇ ਦੋਸ਼ੀ ਅਜੇ ਵੀ ਚੈਨ ਦੀ ਨੀਂਦ ਸੌਂ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਵਲੋਂ ਬੰਬ ਕਾਂਡ ਦੇ ਪੀੜਿਤ ਪਰਿਵਾਰਾਂ ਨੂੰ ਇਨਸਾਫ਼ ਦੇਣਾ ਤਾਂ ਦੂਰ ਦੀ ਗੱਲ ਸਗੋਂ ਘਟਨਾ ਮੌਕੇ ਕੀਤੇ ਵਾਅਦੇ ਵੀ ਪੂਰੇ ਨਾ ਕਰਕੇ ਉਹਨਾਂ ਦੇ ਜਖ਼ਮਾਂ ਤੇ ਨਮਕ ਛਿੜਕਣ ਵਾਲੇ ਕੰਮ ਕੀਤੇ ਹਨ ਜਿਸ ਕਾਰਨ ਲੋਕਾਂ ਦਾ ਗੁੱਸਾ ਸਰਕਾਰ ਪ੍ਰਤੀ ਦਿਨੋ ਦਿਨ ਵਧ ਰਿਹਾ ਹੈ। ਉਹਨਾ ਕਿਹਾ ਕਿ ਮੌੜ ਬੰਬ ਕਾਂਡ ਦੀ ਜਾਂਚ ਨੂੰ ਠੰਡੇ ਬਸਤੇ ’ਚ ਪਾਉਣਾ, ਇਸ ਮਾਮਲੇ ਦੀ ਸੀ.ਬੀ.ਆਈ. ਜਾਂਚ ਨਾ ਕਰਵਾਉਣਾ, ਪੀੜਿਤ ਪਰਿਵਾਰਾਂ ਨੂੰ ਬਣਦੇ ਮੁਆਵਜ਼ੇ ਅਤੇ ਸਰਕਾਰੀ ਨੌਕਰੀਆਂ ਨਾ ਦੇਣਾ, ਸੱਤਾਧਾਰੀ ਕਾਂਗਰਸ ਪਾਰਟੀ ਵਲੋਂ ਇਸ ਮਾਮਲੇ ’ਚ ਵੱਟੀ ਚੁੱਪ ਤੋਂ ਸਪੱਸ਼ਟ ਹੈ ਕਿ ਇਸ ਮਾਮਲੇ ਨੂੰ ਕਿਸੇ ਦਬਾਅ ਕਾਰਨ ਦੱਬਿਆ ਜਾ ਰਿਹਾ ਹੈ ਜਦੋਂ ਕਿ ਪੀੜਿਤ ਪਰਿਵਾਰ ਅਤੇ ਇਲਾਕਾ ਵਾਸੀ ਇਨਸਾਫ਼ ਲੈਣ ਲਈ ਸੜਕਾਂ ਤੇ ਰੁਲ ਰਹੇ ਹਨ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਮ੍ਰਿਤਕਾਂ ਦੇ ਵਾਰਿਸਾਂ ਨੂੰ ਪਹਿਲ ਦੇ ਅਧਾਰ ਤੇ ਸਰਕਾਰੀ ਨੌਕਰੀਆਂ ਦੇਵੇ, ਜਖਮੀਆਂ ਨੂੰ ਯੋਗ ਮੁਆਵਜ਼ਾ ਦੇਵੇ ਅਤੇ ਜੋ ਜਖਮੀ ਕੰਮ ਕਰਨ ਦੇ ਯੋਗ ਨਹੀ ਰਹੇ ਉਹਨਾਂ ਨੂੰ ਵੀ ਸਰਕਾਰੀ ਨੌਕਰੀ ਦਿੱਤੀ ਜਾਵੇ । ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਨੁੱਕੜ ਮੀਟਿੰਗ ਦੌਰਾਨ ਹੀ ਬੰਬ ਕਾਂਡ ਦਾ ਸ਼ਿਕਾਰ ਹੋਏ ਪਰਿਵਾਰ ਅੱਜ ਕਾਂਗਰਸ ਪਾਰਟੀ ਦੇ ਰਾਜ ਅੰਦਰ ਹੀ ਇਨਸਾਫ਼ ਲੈਣ ਲਈ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ।

Send this to a friend