ਨਵੀਂ ਦਿੱਲੀ/ਚੰਡੀਗੜ੍ਹ, 17 ਮਾਰਚ (ਬਲਜੀਤ ਸਿੰਘ ਬਰਾੜ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਰਵਿੰਦ ਕੇਜਰੀਵਾਲ ਵੱਲੋਂ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਪਾਸੋਂ ਮੰਗੀ ਮੁਆਫੀ ਨੂੰ ਹਾਸੋਹੀਣਾ ਦੱਸਦਿਆਂ ਰੱਦ ਕਰ ਦਿੱਤਾ ਜਿਸ ਨਾਲ ਜਿੱਥੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਦੀ ਸਿਆਸੀ ਨਾਸਮਝੀ ਝਲਕਦੀ ਹੈ, ਉਥੇ ਹੀ ਸਾਲ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਸ ਖਿਲਾਫ ਦਰਜ ਮਾਣਹਾਨੀ ਦੇ ਮਾਮਲਿਆਂ ਦਾ ਬੋਝ ਘਟਾਉਣ ਦੀ ਨਿਰਾਸ਼ ਕੋਸ਼ਿਸ਼ ਵੀ ਜਾਪਦੀ ਹੈ। ਇੱਥੇ ਨੈਟਵਰਕ 18 ਅਤੇ ਟੀਵੀ 18 ਦੇ ‘ਉਭਰਦੇ ਭਾਰਤ’ ਸਮੇਲਨ’ ਦੌਰਾਨ ਉਘੀ ਮੀਡੀਆ ਹਸਤੀ ਵੀਰ ਸਾਂਘਵੀ ਨਾਲ ਵਿਚਾਰ ਚਰਚਾ ਦੌਰਾਨ ਮੁੱਖ ਮੰਤਰੀ ਨੇ ਚੁਟਕੀ ਲੈਂਦੇ ਆਖਿਆ ਕਿ ਕੇਜਰੀਵਾਲ ਸਦਾ ਹੀ ਇੱਧਰ-ਉਧਰ ਛੜੱਪੇ ਮਾਰਦਾ ਰਹਿੰਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਮੈਨੂੰ ਇਹ ਤਾਂ ਨਹੀਂ ਪਤਾ ਕਿ ਉਹ ਇਹ ਕਿਉਂ ਕਰਦਾ ਹੈ ਪਰ ਤਜਰਬੇ ਦੀ ਅਣਹੋਂਦ ਕਾਰਨ ਇਕ ਮੁੱਖ ਮੰਤਰੀ ਵੱਲੋਂ ਅਜਿਹਾ ਰਵੱਈਆ ਅਪਣਾਉਣਾ ਸ਼ੋਭਾ ਨਹੀਂ ਦਿੰਦਾ।’’ ਮੁੱਖ ਮੰਤਰੀ ਨੇ ਆਖਿਆ ਕਿ ਕੋਈ ਵੀ ਸਰਕਾਰ ਇਕੱਲਿਆਂ ਕੰਮ ਨਹੀਂ ਕਰ ਸਕਦੀ ਜਦਕਿ ਕੇਜਰੀਵਾਲ ਨੇ ਆਪਣੇ ਆਪ ਨੂੰ ਪੂਰੀ ਤਰ੍ਹਾਂ ਨਿਖੇੜ ਲਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਸੂਬਿਆਂ ਵਿੱਚ ਆਮ ਆਦਮੀ ਪਾਰਟੀ ਦਾ ਵੱਕਾਰ ਖੁਸ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਕੇਜਰੀਵਾਲ ਨੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੀ ਤਿਆਰੀ ਕਰਨ ਲਈ ਨਸ਼ਿਆਂ ਦੇ ਦੋਸ਼ਾਂ ਬਾਰੇ ਮਜੀਠੀਆ ਪਾਸੋਂ ਮੁਆਫੀ ਮੰਗੀ ਹੈ ਪਰ ਬਦਲੇ ਹੋਏ ਹਾਲਾਤ ਉਸ ਲਈ ਹੋਰ ਵੀ ਮਾੜੇ ਸਾਬਤ ਹੋਣਗੇ। ਪੰਜਾਬ ਵਿੱਚ ਆਪ ਦੇ ਭਵਿੱਖ ਬਾਰੇ ਮੁੱਖ ਮੰਤਰੀ ਨੇ ਆਖਿਆ ਹੈ ਕਿ ਇਸ ਪਾਰਟੀ ਦੇ ਵਿਧਾਇਕ ਪੂਰੀ ਤਰ੍ਹਾਂ ਨਿਰਾਸ਼ਾ ਦੇ ਆਲਮ ਵਿੱਚ ਹਨ ਅਤੇ ਉਹ ਆਪਣੇ ਭਵਿੱਖ ਨੂੰ ਬਚਾਉਣ ਲਈ ਬਦਲ ਦੀ ਝਾਕ ਵਿੱਚ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਵਿੱਚ ਆਪ ਦਾ ਵੱਕਾਰ ਹੇਠਾਂ ਚਲਾ ਗਿਆ ਹੈ ਅਤੇ ਪਾਰਟੀ ਦੇ ਵਿਧਾਇਕ ਆਪਣੀ ਲੀਡਰਸ਼ਿਪ ਤੋਂ ਖਫ਼ਾ ਹਨ।
ਲੋਕਾਂ ਦੀ ਮਨੋਦਸ਼ਾ ਵਿੱਚ ਆਈ ਤਬਦੀਲੀ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਪ੍ਰਗਟਾਈ ਕਿ ਕੇਂਦਰ ਵਿੱਚ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ ਅਤੇ ਇਹ ਸਰਕਾਰ ਜਾਂ ਤਾਂ ਕਾਂਗਰਸ ਪਾਰਟੀ ਦੀ ਸਰਕਾਰ ਹੋਵੇਗੀ ਜਾਂ ਹਮਖਿਆਲੀ ਪਾਰਟੀਆਂ ਦੀ ਸਾਂਝੀ ਹੋਵੇਗੀ। ਤ੍ਰਿਪੁਰਾ ਦੇ ਨਤੀਜਿਆਂ ਅਤੇ ਇਸ ਮਗਰੋਂ ਉਤਰ ਪ੍ਰਦੇਸ਼ ਤੇ ਬਿਹਾਰ ਵਿੱਚ ਜ਼ਿਮਨੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕਾਂਗਰਸ ਦੇ ਮੂਡ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਆਖਿਆ ਕਿ ਸਾਰੀਆਂ ਸਿਆਸੀਆਂ ਪਾਰਟੀਆਂ ਵਿੱਚ ਉਤਰਾਅ-ਚੜਾਅ ਹੁੰਦੇ ਰਹਿੰਦੇ ਹਨ। ਰਾਹੁਲ ਗਾਂਧੀ ਦੇ ਭਾਰਤ ਦੇ ਸੰਭਾਵੀ ਪ੍ਰਧਾਨ ਮੰਤਰੀ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਹ ਇਸ ਦੀ ਪੂਰੀ ਸੰਭਾਵਨਾ ਦੇਖਦੇ ਹਨ ਅਤੇ ਰਾਹੁਲ ਗਾਂਧੀ ਇਕ ਚੰਗਾ ਪ੍ਰਧਾਨ ਮੰਤਰੀ ਸਿੱਧ ਹੋਵੇਗਾ। ਮੁੱਖ ਮੰਤਰੀ ਨੇ ਰਾਹੁਲ ਗਾਂਧੀ ਦੀ ਇਕ ਸਿਆਸੀ ਨੇਤਾ ਵਜੋਂ ਸੂਝ-ਬੂਝ ਦੀ ਸ਼ਲਾਘਾ ਕੀਤੀ ਜਿਸ ਦੀ ਮਿਸਾਲ ਰਾਹੁਲ ਗਾਂਧੀ ਵੱਲੋਂ ਅਮਰੀਕਾ ਅਤੇ ਭਾਰਤ ਵਿੱਚ ਉਸ ਦੀ ਸ਼ਾਨਦਾਰ ਕਾਰਗੁਜ਼ਾਰੀ ਤੋਂ ਦੇਖੀ ਜਾ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਮਹਾਂਸੰਮੇਲਨ ਦੌਰਾਨ ਜੋਸ਼ਮਈ ਤੇ ਪ੍ਰਭਾਵੀ ਇਕੱਤਰਤਾ ਵੀ ਇਸ ਗੱਲ ਦਾ ਸਪੱਸ਼ਟ ਸੁਨੇਹਾ ਦਿੰਦੀ ਹੈ ਕਿ ਲੋਕ ਹੁਣ ਰਾਹੁਲ ਗਾਂਧੀ ਵੱਲ ਦੇਖ ਰਹੇ ਹਨ। ਉਨ੍ਹਾਂ ਨੇ ਰਾਹੁਲ ਗਾਂਧੀ ਦੀ ਲੀਡਰਸ਼ਿਪ ਪ੍ਰਤੀ ਪਾਰਟੀ ਮੈਂਬਰਾਂ ਦੇ ਹੁੰਗਾਰੇ ਵਿੱਚ ਕਿਸੇ ਤਰ੍ਹਾਂ ਦੀ ਖੁਸ਼ਾਮਦੀ ਨੂੰ ਰੱਦ ਕਰ ਦਿੱਤਾ। ਦੂਜੀ ਪਾਰੀ ਖੇਡਣ ਦੀ ਸੰਭਾਵਨਾ ਬਾਰੇ ਪੁੱਛਣ ਬਾਰੇ ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਦੀ ਸਥਿਤੀ ਉਨ੍ਹਾਂ ਦੇ ਕਿਆਸ ਨਾਲੋਂ ਵੀ ਵੱਧ ਗੰਭੀਰ ਹੈ ਅਤੇ ਜੇਕਰ ਉਨ੍ਹਾਂ ਦੀ ਸਰਕਾਰ ਆਪਣੀ ਇਸ ਪਾਰੀ ਦੌਰਾਨ ਪੰਜਾਬ ਨੂੰ ਮੁੜ ਪੈਰਾਂ ’ਤੇ ਖੜ੍ਹਾ ਕਰਨ ਵਿੱਚ ਨਾਕਾਮ ਰਹਿੰਦੀ ਹੈ ਤਾਂ ਉਹ ਦੁਬਾਰਾ ਫਿਰ ਚੋਣ ਲੜਣਗੇ।