ਚੰਡੀਗੜ੍ਹ, 15 ਜੁਲਾਈ (ਪੰਜਾਬ ਟਾਇਮਜ਼ ਬਿਊਰੋ)-ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਵਿੰਦਰਪਾਲ ਸਿੰਘ ਸਿੱਧੂ ਨੂੰ ਰੋਪੜ ਦੀ ਜ਼ਿਲ੍ਹਾ ਅਦਾਲਤ ਨੇ ਭ੍ਰਿਸ਼ਟਾਚਾਰ ਨਾਲ ਜੁੜੇ ਦੋ ਮਾਮਲਿਆਂ ਵਿੱਚ ਸਜ਼ਾ ਸੁਣਾਈ ਹੈ। ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਦੀ ਧਾਰਾ 13 (2) ਦੇ ਤਹਿਤ ਸਿੱਧੂ ਨੂੰ 6 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ ਜਦੋਂਕਿ 5 ਲੱਖ ਰੁਪਏ ਰਿਸ਼ਵਤ ਲੈਣ ਦੇ ਇਕ ਮਾਮਲੇ ‘ਚ ਸਿੱਧੂ ਨੂੰ ਚਾਰ ਸਾਲ ਦੀ ਸਜ਼ਾ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਐਲਾਨ ਕੀਤਾ ਗਿਆ ਹੈ।

ਦੋਵੇਂ ਸਜ਼ਾਵਾਂ ਨਾਲ-ਨਾਲ ਚੱਲਣਗੀਆਂ। ਰੋਪੜ ਦੇ ਡਿਪਟੀ ਜ਼ਿਲ੍ਹਾ ਅਟਾਰਨੀ ਸੰਸਾਰ ਚੰਦਰ ਅੱਤਰੀ ਨੇ ਅਦਾਲਤ ਦੇ ਇਸ ਫੈਸਲੇ ਬਾਰੇ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਵਿਜੀਲੈਂਸ ਵਿਭਾਗ ਨੇ 25 ਮਾਰਚ 2002 ਨੂੰ ਰਵਿੰਦਰਪਾਲ ਸਿੰਘ ਸਿੱਧੂ ਨੂੰ ਆਬਕਾਰੀ ਵਿਭਾਗ ਦੇ ਇਕ ਇੰਸਪੈਕਟਰ ਨੂੰ ਪੀ.ਸੀ.ਐਸ. ਵਜੋਂ ਪ੍ਰਮੋਸ਼ਨ ਦੇਣ ਦੇ ਬਦਲੇ 5 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਸੀ। ਵਿਜੀਲੈਂਸ ਵਲੋਂ ਸਿੱਧੂ ਦੇ ਘਰ ਵਿਚ ਕੀਤੀ ਗਈ ਸਰਚ ਦੌਰਾਨ 25 ਕਰੋੜ ਰੁਪਏ ਦੀ ਚੱਲ ਅਤੇ ਅਚੱਲ ਜਾਇਦਾਦ ਬਾਰੇ ਪਤਾ ਲੱਗਾ ਸੀ। ਵਿਜੀਲੈਂਸ ਨੇ ਇਸ ਮਾਮਲੇ ਤੋਂ ਬਾਅਦ ਸਿੱਧੂ ਖਿਲਾਫ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ ‘ਚ ਇਕ ਮਾਮਲਾ ਵੀ ਦਰਜ ਕੀਤਾ ਸੀ। ਵਿਜੀਲੈਂਸ ਦੀ ਇਸ ਸਰਚ ਦੌਰਾਨ ਰਵੀ ਸਿੱਧੂ ਦੇ ਘਰੋਂ ਰਿਵਾਲਵਰ ਵੀ ਬਰਾਮਦ ਹੋਇਆ ਸੀ ਅਤੇ ਉਸ ਖਿਲਾਫ ਆਰਮਜ਼ ਐਕਟ ਦੇ ਤਹਿਤ ਵੀ ਮਾਮਲਾ ਦਰਜ ਕੀਤਾ ਗਿਆ ਸੀ ਪਰ ਇਸ ਸਾਲ 10 ਜਨਵਰੀ ਨੂੰ ਅਦਾਲਤ ਨੇ ਰਵੀ ਸਿੱਧੂ ਨੂੰ ਇਸ ਮਾਮਲੇ ਵਿਚ ਬਰੀ ਕਰ ਦਿੱਤਾ ਸੀ।
ਰਵੀ ਸਿੱਧੂ ਨੂੰ 6 ਸਾਲ ਦੀ ਕੈਦ



