ਚੰਡੀਗੜ੍ਹ, 27 ਮਾਰਚ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ-ਭਾਜਪਾ ਸਰਕਾਰ ਦੇ 10 ਵਰ੍ਹਿਆਂ ਦੇ ਕੁਸ਼ਾਸਨ ਦੌਰਾਨ ਵਿੱਤੀ ਦੁਰਪ੍ਰਬੰਧਾਂ ਅਤੇ ਭ੍ਰਿਸ਼ਟਾਚਾਰ ਲਈ ਗੱਠਜੋੜ ਦੀ ਸਖ਼ਤ ਆਲੋਚਨਾ ਕਰਦਿਆਂ ਅਕਾਲੀਆਂ ਅਤੇ ਭਾਜਪਾਈਆਂ ਵੱਲੋਂ ਕੀਤੇ ਗਨਾਹਾਂ ਅਤੇ ਵਧੀਕੀਆਂ ਦੇ ਕਿਸੇ ਵੀ ਦੋਸ਼ੀ ਨੂੰ ਨਾ ਬਖਸ਼ਣ ਦਾ ਅਹਿਦ ਲਿਆ।
ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦੀ ਮਤੇ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਲੀਡਰਸ਼ਿਪ ਆਪਣੇ ਪਾਪਾਂ ਤੋਂ ਮੁਕਤੀ ਪਾਉਣ ਦੀ ਉਮੀਦ ਨਾਲ ਲੋਕਾਂ ਦਾ ਧਿਆਨ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਅਖੌਤੀ ‘ਪੋਲ ਖੋਲ ਰੈਲੀਆਂ’ ਲਈ ਅਕਾਲੀ-ਭਾਜਪਾ ਗੱਠਜੋੜ ’ਤੇ ਵਰਦਿਆਂ ਕਿਹਾ ਕਿ ਉਹ ਜਾਣਨਾ ਚਾਹੁੰਦੇ ਹਨ ਕਿ ਅਕਾਲੀ-ਭਾਜਪਾਈ ਦੱਸਣ ਕਿ ਉਨ੍ਹਾਂ ਕੋਲ ਖੋਲ੍ਹਣ (ਪਰਦਾਫਾਸ਼) ਲਈ ਕੀ ਹੈ ਵਿਸ਼ੇਸ਼ ਕਰਕੇ ਜਦੋਂ ਕਿ ਇਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਜੋ ਪੰਜਾਬ ਦਾ ਹਾਲ ਇਨ੍ਹਾਂ ਨੇ ਕੀਤਾ ਹੈ, ਉਸ ਨੂੰ ਇਕ ਸਾਲ ਵਿੱਚ ਨਹੀਂ ਸੁਧਾਰਿਆ ਜਾ ਸਕਦਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਕਾਲੀ-ਭਾਜਪਾ ਗੱਠਜੋੜ ਵੱਲੋਂ ਕੀਤੇ ਹਰੇਕ ਕਾਰਨਾਮੇ ਦੀ ਪੜਤਾਲ ਕਰਵਾ ਰਹੀ ਹੈ ਅਤੇ ਜਿੱਥੇ ਵੀ ਕਾਰਵਾਈ ਦੀ ਲੋੜ ਪੈਦਾ ਹੋਈ, ਹਰਗਿਜ਼ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਐਲਾਨ ਕੀਤਾ,‘‘ਮੈਂ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਜੋ ਵੀ ਗੁਨਾਹਗਾਰ ਸਿੱਧ ਹੋਇਆ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।’’ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਦਾ ਸਟੈਂਡ ‘ਬਦਲਾ’ ਨਹੀਂ ਸਗੋਂ ‘ਬਦਲਾਅ’ ਹੈ। ਮੁੱਖ ਮੰਤਰੀ ਨੇ ਸਦਨ ਨੂੰ ਜਸਟਿਸ ਮਹਿਤਾਬ ਸਿੰਘ ਕਮਿਸ਼ਨ ਦੀ ਜਾਂਚ ਬਾਰੇ ਵੀ ਜਾਣਕਾਰੀ ਦਿੱਤੀ ਜਿਸ ਨੇ ਹੁਣ ਤੱਕ ਪੰਜ ਅੰਤ੍ਰਿਮ ਰਿਪੋਰਟਾਂ ਸੌਂਪ ਕੇ 225 ਕੇਸਾਂ ਨੂੰ ਰੱਦ ਕਰਨ ਅਤੇ 31 ਕੇਸਾਂ ਵਿੱਚ ਮੁਆਵਜ਼ਾ ਦੇਣ ਅਤੇ ਅਨੁਸ਼ਾਸਨੀ ਕਾਰਵਾਈ ਦੀ ਸਿਫਾਰਸ਼ ਕੀਤੀ ਹੈ। ਇਸ ਸਬੰਧ ਵਿੱਚ ਕਾਨੂੰਨੀ ਕਾਰਵਾਈ ਚੱਲ ਰਹੀ ਹੈ। ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪਹਿਲੇ ਸਾਲ ਸਿਸਟਮ ਨੂੰ ਮੁੜ ਢਾਂਚਾਗਤ ਕੀਤਾ ਗਿਆ ਹੈ ਜਿਸ ਤਹਿਤ ਸੂਬੇ ਨੂੰ ਮੁੜ ਲੀਹ ’ਤੇ ਲਿਆਉਣ ਲਈ ਨਵੀਆਂ ਨੀਤੀਆਂ ਤਿਆਰ ਕਰਨ ਅਤੇ ਪ੍ਰੋਗਰਾਮਾਂ ਨੂੰ ਨਵੇਂ ਸਿਰਿਓਂ ਉਲੀਕਿਆ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਜੰਗਲ ਰਾਜ ਦਾ ਖਾਤਮਾ ਅਤੇ ਅਮਨ-ਕਾਨੂੰਨ ਦੀ ਬਹਾਲੀ ਤੋਂ ਇਲਾਵਾ ਕਾਂਗਰਸ ਸਰਕਾਰ ਨੇ ਪਹਿਲੇ ਸਾਲ ਲੋਕਾਂ ਨੂੰ ਦਮਨ, ਸ਼ੋਸ਼ਣ ਅਤੇ ਗੁੰਡਾਗਰਦੀ ਤੋਂ ‘ਰਾਹਤ’ ਅਤੇ ‘ਖੁੱਲ੍ਹਾ ਸਾਹ’ ਲੈਣਾ ਨਸੀਬ ਹੋਇਆ ਹੈ ਜਦਕਿ ਪਿਛਲੀ ਸਰਕਾਰ ਦੇ 10 ਵਰ੍ਹਿਆਂ ਵਿੱਚ ਲੋਕਾਂ ਦੀ ਆਵਾਜ਼ ਦਬਾਈ ਗਈ ਸੀ। ਉਨ੍ਹਾਂ ਕਿਹਾ ਕਿ ਰਾਹਤ ਤੋਂ ਬਾਅਦ ਵਿਕਾਸ ਅਤੇ ਬਦਲਾਅ ਆਵੇਗਾ ਅਤੇ ਆਉਂਦੇ ਸਾਲ ਵਿੱਚ ਪ੍ਰਤੱਖ ਤਬਦੀਲੀ ਲਿਆਉਣ ਦਾ ਵਾਅਦਾ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਪਿਛਲੇ ਦਹਾਕੇ ਵਿੱਚ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਨੂੰ ਦੇਖਿਆ ਹੈ ਅਤੇ ਜੇਕਰ ਗੱਠਜੋੜ ਦੇ ਕੁਸ਼ਾਸਨ ਦੌਰਾਨ ਲੋਕਾਂ ਦੇ ਭਲੇ ਲਈ ਕੁਝ ਵੀ ਚੰਗਾ ਕੀਤਾ ਹੁੰਦਾ ਤਾਂ ਅੱਜ ਇਨ੍ਹਾਂ ਨੂੰ ਵਿਰੋਧੀ ਧਿਰ ਵਾਲੇ ਪਾਸੇ ਨਾ ਬੈਠਣਾ ਪੈਂਦਾ। ਉਨ੍ਹਾਂ ਕਿਹਾ ਕਿ ਅਸਲ ਵਿੱਚ ਲੋਕਾਂ ਦੀ ਭਲਾਈ ਦੇ ਨਾਮ ਹੇਠ 10 ਸਾਲਾਂ ਵਿੱਚ ਇਕ ਪਰਿਵਾਰ ਦਾ ਭਲਾ ਹੀ ਕੀਤਾ ਜਾਂਦਾ ਰਿਹਾ ਹੈ। ਇਸ ਮਹਾਨ ਸੂਬੇ ਦੇ ਲੋਕਾਂ ਵੱਲੋਂ ਪਾਈ ਜ਼ਿੰਮੇਵਾਰ ਨਿਭਾਉਣ ਲਈ ‘ਸਾਡੇ ਮੋਢੇ ਕਾਫੀ ਮਜ਼ਬੂਤ’ ਹੋਣ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਬਿਨਾਂ ਕਿਸੇ ਜਾਤ, ਨਸਲ ਤੇ ਧਰਮ ਦੇ ਭੇਦ-ਭਾਵ ਸੂਬੇ ਦੇ ਸਾਰੇ ਲੋਕਾਂ ਲਈ ਉਨ੍ਹਾਂ ਦੀ ਸਰਕਾਰ ਹੈ। ਉਨ੍ਹਾਂ ਕਿਹਾ, ‘ਜੇਕਰ ਪੰਜਾਬ ਦਾ ਵਿਕਾਸ ਕਰਨਾ ਹੈ ਤਾਂ ਸਾਨੂੰ ਤੰਗਦਿਲੀ ਅਤੇ ਸੌੜੀ ਸੋਚ ਤੋਂ ਉ¤ਪਰ ਉੱਠਣਾ ਚਾਹੀਦਾ ਹੈ। ਇਹ ਗੱਲਾਂ ਉਨ੍ਹਾਂ ਸਿੱਖਿਆਵਾਂ ਦੇ ਉਲਟ ਹਨ, ਜੋ ਸਾਡੇ ਮਹਾਨ ਗੁਰੂਆਂ ਨੇ ਸਾਨੂੰ ਦਿੱਤੀਆਂ ਹਨ।’ ਪੰਜਾਬ ਦੇ ਰਾਜਪਾਲ ਵੱਲੋਂ 20 ਮਾਰਚ, 2018 ਨੂੰ ਦਿੱਤੇ ਭਾਸ਼ਣ ਲਈ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੇਸ਼ ਕੀਤੇ ਧੰਨਵਾਦੀ ਮਤੇ ਨੂੰ ਪਵਿੱਤਰ ਸਦਨ ਵੱਲੋਂ ਸਰਬਸੰਮਤੀ ਨਾਲ ਸਵੀਕਾਰ ਕਰਨ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਹਰੇਕ ਸੈਕਟਰ ਵਿੱਚ ਪ੍ਰਾਪਤੀਆਂ ਅਤੇ ਵਿਕਾਸ ਤੇ ਤਰੱਕੀ ਦਾ ਜ਼ਿਕਰ ਕੀਤਾ। ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਐਸਟੀਐਫ ਨੂੰ ਮਿਲੀ ਸਫ਼ਲਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਐਸਟੀਐਫ ਨੂੰ ਹੋਰ ਮਜ਼ਬੂਤ ਕਰਨ ਲਈ ਇਸ ਨੂੰ ਪੁਲੀਸ ਵਿਭਾਗ ਵਿੱਚ ਸਮਰਪਿਤ ਮੁਲਾਜ਼ਮਾਂ ਅਤੇ ਵਸੀਲਿਆਂ ਨਾਲ ਆਜ਼ਾਦ ਅਤੇ ਖ਼ੁਦਮੁਖਤਿਆਰ ਏਜੰਸੀ ਦਾ ਰੂਪ ਦੇਣ ਲਈ ਇਸ ਦੇ ਪੁਨਰਗਠਨ ਦਾ ਫ਼ੈਸਲਾ ਕੀਤਾ ਹੈ।
ਸਿਵਲ ਤੇ ਪੁਲੀਸ ਦੇ ਕੰਮਕਾਜ ਵਿੱਚ ਕਿਸੇ ਤਰ੍ਹਾਂ ਦੇ ਰਾਜਸੀ ਦਖ਼ਲ ਨਾ ਦੇਣ ਵਾਲੀ ਨੀਤੀ ਅਤੇ ਹਲਕਾ ਪ੍ਰਣਾਲੀ ਦੇ ਖ਼ਾਤਮੇ ਨਾਲ ਕਾਨੂੰਨ ਤੇ ਵਿਵਸਥਾ ਦੀ ਹਾਲਤ ਵਿੱਚ ਆਏ ਸੁਧਾਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਦੇ 32 ਕੇਸਾਂ ਵਿੱਚੋਂ 22 ਹੱਲ ਕਰ ਲਏ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਆਗੂਆਂ ਦੀਆਂ ਹੱਤਿਆਵਾਂ ਸਮੇਤ ਅੱਠ ਗਰੋਹਾਂ ਦਾ ਪਰਦਾਫਾਸ਼ ਕਰਨ ਤੋਂ ਇਲਾਵਾ 707 ਗੈਂਗਸਟਰਾਂ ਦੀ ਗ੍ਰਿਫ਼ਤਾਰੀ ਨਾਲ ਅਪਰਾਧਕ ਗੈਂਗਾਂ ਦਾ ਖ਼ਾਤਮਾ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਜੰਗ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਜਸਟਿਸ ਨਾਰੰਗ ਕਮਿਸ਼ਨ ਦੀ ਰਿਪੋਰਟ ਚੱਲ ਰਹੇ ਬਜਟ ਇਜਲਾਸ ਵਿੱਚ ਪੇਸ਼ ਕਰਨ ਸਬੰਧੀ ਉਨ੍ਹਾਂ ਦੇ ਸਰਕਾਰ ਦੇ ਫ਼ੈਸਲੇ ਨੂੰ ਦੁਹਰਾਇਆ।
ਮੁੱਖ ਮੰਤਰੀ ਨੇ ਪਿਛਲੇ ਵਿੱਤੀ ਵਰ੍ਹੇ ਦੇ 10 ਹਜ਼ਾਰ ਕਰੋੜ ਰੁਪਏ ਦੇ ਵਸੀਲਿਆਂ ਵਿਚਲੇ ਪਾੜੇ ਦੇ ਘਟ ਕੇ ਇਸ ਸਾਲ ਚਾਰ ਹਜ਼ਾਰ ਕਰੋੜ ਰਹਿ ਜਾਣ ’ਤੇ ਵੀ ਤਸੱਲੀ ਪ੍ਰਗਟਾਈ।