ਮੁੱਖ ਮੰਤਰੀ ਵੱਲੋਂ ਗੁਰਦਾਸਪੁਰ ਵਿੱਚ ਮੈਡੀਕਲ ਕਾਲਜ ਅਤੇ ਬਟਾਲਾ ’ਚ ਨਵੀਂ ਖੰਡ ਮਿੱਲ ਬਣਾਉਣ ਦਾ ਐਲਾਨ

ਛੇ ਜ਼ਿਲ੍ਹਿਆਂ ਦੇ 26,998 ਕਿਸਾਨਾਂ ਨੂੰ 156.12 ਕਰੋੜ ਦੇ ਕਰਜ਼ਾ ਰਾਹਤ ਸਰਟੀਫਿਕੇਟ ਵੰਡੇ

ਗੁਰਦਾਸਪੁਰ, 5 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਗੁਰਦਾਸਪੁਰ ਵਿੱਚ ਸਰਕਾਰੀ ਮੈਡੀਕਲ ਕਾਲਜ ਅਤੇ ਬਟਾਲਾ ਵਿੱਚ ਨਵੀਂ ਖੰਡ ਮਿੱਲ ਬਣਾਉਣ ਸਮੇਤ ਸਰਹੱਦੀ ਇਲਾਕੇ ਲਈ ਕਈ ਪ੍ਰਾਜੈਕਟਾਂ ਦਾ ਐਲਾਨ ਕੀਤਾ। ਛੇ ਜ਼ਿਲ੍ਹਿਆਂ ਦੇ 26,998 ਯੋਗ ਕਿਸਾਨਾਂ ਨੂੰ 156.12 ਕਰੋੜ ਰੁਪਏ ਦੇ ਕਰਜ਼ਾ ਰਾਹਤ ਸਰਟੀਫਿਕੇਟ ਵੰਡਣ ਆਏ ਮੁੱਖ ਮੰਤਰੀ ਨੇ ਗੁਰਦਾਸਪੁਰ ਦੇ ਪਨਿਆਰ ਵਿੱਚ ਸਥਿਤ ਸਹਿਕਾਰੀ ਖੰਡ ਮਿੱਲ ਨੂੰ ਅੱਪਗਰੇਡ ਕਰਨ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਅੱਜ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸਵ ਦੇ ਪਵਿੱਤਰ ਮੌਕੇ ਕਰਜ਼ਾ ਰਾਹਤ ਦੇ ਸਰਟੀਫਿਕੇਟ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਕੱਢਣ ਲਈ 50 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਕੀਤੀ ਮੰਗ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਗੁਰਦਾਸਪੁਰ ਵਿੱਚ ਮੈਡੀਕਲ ਕਾਲਜ ਖੋਲ੍ਹਣ ਲਈ ਬਜਟ ਵਿੱਚ ਪਹਿਲਾਂ ਹੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਸ੍ਰੀ ਜਾਖੜ ਨੂੰ ਇਸ ਪ੍ਰਸਤਾਵਤ ਮੈਡੀਕਲ ਕਾਲਜ ਲਈ ਸਥਾਨਕ ਵਿਧਾਇਕ ਨਾਲ ਸਲਾਹ ਕਰਕੇ ਢੁਕਵੀਂ ਜਗ੍ਹਾ ਦੀ ਸ਼ਨਾਖਤ ਕਰਨ ਲਈ ਕਿਹਾ ਹੈ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਵੱਲੋਂ ਸੰਕੇਤਕ ਤੌਰ ਉਤੇ ਛੇ ਜ਼ਿਲ੍ਹਿਆਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਅਤੇ ਹੁਸ਼ਿਆਰਪੁਰ ਦੇ ਇਕ ਇਕ ਕਿਸਾਨ ਨੂੰ ਕਰਜ਼ਾ ਮੁਆਫ਼ੀ ਵਾਲੇ ਸਰਟੀਫਿਕੇਟ ਸੌਂਪੇ ਗਏ। ਉਨ੍ਹਾਂ ਨੇ ਦੱਸਿਆ ਕਿ ਤਿੰਨ ਵੱਖ ਵੱਖ ਗੇੜਾਂ ਵਿੱਚ ਹੁਣ ਤਕ 16 ਜ਼ਿਲ੍ਹਿਆਂ ਮਾਨਸਾ, ਬਠਿੰਡਾ, ਫ਼ਰੀਦਕੋਟ, ਮੁਕਤਸਰ, ਮੋਗਾ, ਫਾਜ਼ਿਲਕਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਪਠਾਨਕੋਟ ਦੇ ਤਕਰੀਬਨ 1.02 ਲੱਖ ਕਿਸਾਨਾਂ ਨੂੰ 457 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸਹਿਕਾਰੀ ਕਰਜ਼ਿਆਂ ਦੇ ਨਿਬੇੜੇ ਬਾਅਦ ਸੂਬਾਈ ਸਰਕਾਰ ਵੱਲੋਂ ਜਲਦੀ ਕਮਰਸ਼ੀਅਲ ਬੈਂਕਾਂ ਦੇ ਖੇਤੀ ਕਰਜ਼ੇ ਮੁਆਫ਼ ਕਰਨ ਦਾ ਕੰਮ ਵਿੱਢਿਆ ਜਾਵੇਗਾ, ਜੋ ਇਸ ਸਾਲ ਦੇ ਅੰਤ ਤਕ ਮੁਕੰਮਲ ਹੋ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਨੂੰ ਵੱਡੇ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਫਿਰ ਵੀ ਉਨ੍ਹਾਂ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਹੋਰ ਰਾਜਾਂ ਮੁਕਾਬਲੇ ਦੇਸ਼ ਵਿੱਚੋਂ ਸਭ ਤੋਂ ਵੱਧ ਦੋ ਲੱਖ ਰੁਪਏ ਤਕ ਦੀ ਕਰਜ਼ਾ ਰਾਹਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਇਕ ਲੱਖ ਰੁਪਏ ਅਤੇ ਰਾਜਸਥਾਨ, ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਵੱਲੋਂ ਮਹਿਜ਼ 50 ਹਜ਼ਾਰ ਰੁਪਏ ਦੀ ਰਾਹਤ ਹੀ ਦਿੱਤੀ ਜਾ ਰਹੀ ਹੈ।
ਸ੍ਰੀ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੰਗਾਰਿਆ ਕਿ ਕਰਜ਼ਾ ਮੁਆਫੀ ਸਮੇਤ ਕਿਸਾਨਾਂ ਦੇ ਹੋਰ ਮੁੱਦਿਆਂ ਲਈ ਉਹ ਮੇਰੇ ਨਾਲ ਪਠਾਨਕੋਟ ਤੋਂ ਦਿੱਲੀ ਤੱਕ ਪਦ ਯਾਤਰਾ ਕਰਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਦੁੱਖ ਤਕਲੀਫ ਸਮਝਦੇ ਹਨ ਅਤੇ ਉਨ੍ਹਾਂ ਨੇ ਕਿਸਾਨਾਂ ਦਾ ਦੋ ਲੱਖ ਰੁਪਏ ਤਕ ਦਾ ਕਰਜ਼ਾ ਮੁਆਫ ਕੀਤਾ ਹੈ ਜਦੋਂ ਕਿ ਅਕਾਲੀਆਂ ਨੇ ਹਮੇਸ਼ਾ ਝੂਠੇ ਵਾਅਦਿਆਂ ਨਾਲ ਕਿਸਾਨਾਂ ਦਾ ਸ਼ੋਸ਼ਣ ਕੀਤਾ ਹੈ।
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮੰਡੀ ਬੋਰਡ ਦੇ ਸਾਬਕਾ ਚੇਅਰਮੈਨ ਅਜਮੇਰ ਸਿੰਘ ਲੱਖੋਵਾਲ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਉਸ ਨੇ ਹਮੇਸ਼ਾ ਕਿਸਾਨੀ ਦੇ ਨਾਂ ’ਤੇ ਆਪਣੀ ਰੋਟੀਆਂ ਸੇਕੀਆਂ ਹਨ ਤੇ ਕਿਸਾਨਾਂ ਦੇ ਹਿੱਤਾਂ ਦੀ ਹਮੇਸ਼ਾ ਅਣਦੇਖੀ ਕੀਤੀ ਹੈ। ਉਨਾਂ ਕਿਹਾ ਕਿ ਉਹ ਪੰਚਾਇਤੀ ਵਿਭਾਗ ਵਿਚ ਪਾਰਦਰਸ਼ਤਾ ਲਿਆਉਣ ਲਈ ਵਚਨਬੱਧ ਹਨ। ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਵਿਚ ਸੂਬੇ ਨੂੰ ਪੂਰੀ ਤਰਾਂ ਲੁੱਟਿਆ ਤੇ ਕੁੱਟਿਆ ਹੈ ਤੇ ਆਪਣੇ ਵਿਕਾਸ ਲਈ ਰਾਜਨੀਤੀ ਕੀਤੀ। ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਹਰੇਕ ਵਰਗ ਦੀ ਬਾਂਹ ਫੜੀ ਅਤੇ ਕਿਸਾਨਾਂ ਦੀ ਬਿਹਤਰੀ ਲਈ ਵੱਡੇ ਇਤਿਹਾਸਕ ਫੈਸਲੇ ਕੀਤੇ ਹਨ। ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੇ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਦੀ ਗੱਲ ਕੀਤੀ ਹੈ ਅਤੇ ਸਰਹੱਦੀ ਖੇਤਰ ਅੰਦਰ ਰਹਿੰਦੇ ਲੋਕਾਂ ਦੀਆਂ ਮੁਸ਼ਕਿਲਾਂ ਤੋਂ ਭਲੀ ਭਾਤ ਜਾਣੂ ਹਨ। ਉਨ੍ਹਾਂ ਅਕਾਲੀਆਂ ’ਤੇ ਵਰ੍ਹਦਿਆਂ ਕਿਹਾ ਕਿ ਇਨਾਂ ਨੇ ਹਮੇਸ਼ਾ ਸੱਤਾ ਲਈ ਕਿਸਾਨਾਂ ਨੂੰ ਵਰਤਿਆ ਹੈ ਅਤੇ ਅਕਾਲੀ ਸਰਕਾਰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਵਿਚ ਵੀ ਨਾਕਾਮ ਰਹੀ ਹੈ।
ਵਿਧਾਇਕ ਗੁਰਦਾਸਪੁਰ ਸ੍ਰੀ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਨੂੰ ਆਰਥਿਕ ਸੰਕਟ ਵਿਚ ਧਕੇਲਣ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਤੇ ਸੂਬੇ ਨੂੰ ਵਿੱਤੀ ਸੰਕਟ ਵਿਚ ਪਾਇਆ ਪਰ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਤੇ ਸੁਚੱਜੀ ਅਗਵਾਈ ਹੇਠ ਪੰਜਾਬ ਅਗਾਂਹ ਵੱਧ ਰਿਹਾ ਹੈ ਅਤੇ ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰੇਗੀ।
ਇਸ ਮੌਕੇ ਵਿਧਾਇਕ ਸ੍ਰੀ ਫਤਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਕੈਪਟਨ ਸਰਕਾਰ ਹੀ ਕਿਸਾਨਾਂ ਦੀ ਹਮਦਰਦ ਸਰਕਾਰ ਹੈ ਅਤੇ ਕਾਂਗਰਸ ਸਰਕਾਰ ਵੇਲੇ ਹੀ ਸੂਬਾ ਤਰੱਕੀ ਦੀ ਮੰਜ਼ਲਾਂ ਵੱਲ ਅੱਗੇ ਵਧਿਆ ਹੈ। ਇਸ ਮੌਕੇ ਵਿਧਾਇਕ ਬਲਵਿੰਦਰ ਸਿੰਘ ਲਾਡੀ, ਵਿਧਾਇਕ ਅਰੁਣ ਡੋਗਰਾ, ਵਿਧਾਇਕ ਸੁੰਦਰ ਸ਼ਾਮ ਅਰੋੜਾ, ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਰਜਨੀਸ਼ ਕੁਮਾਰ ਬੱਬੀ, ਵਿਧਾਇਕ ਸੰਗਤ ਸਿੰਘ ਗਿਲਜ਼ੀਆਂ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਵਿਧਾਇਕ ਰਾਜ ਕੁਮਾਰ ਵੇਰਕਾ, ਵਿਧਾਇਕ ਤਰਸੇਮ ਸਿੰਘ, ਵਿਧਾਇਕ ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਵਿਧਾਇਕ ਧਰਮਵੀਰ ਅਗਨੀਹੋਤਰੀ, ਸਾਬਕਾ ਮੰਤਰੀ ਅਸ਼ਵਨੀ ਸੇਖੜੀ ਅਤੇ ਗੁਰਚੇਤ ਸਿੰਘ ਭੁੱਲਰ, ਜ਼ਿਲ੍ਹਾ ਪ੍ਰਧਾਨ ਕਾਂਗਰਸ ਸ੍ਰੀ ਅਸ਼ੋਕ ਚੌਧਰੀ ਅਤੇ ਕਾਂਗਰਸ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਭਗਵੰਤ ਪਾਲ ਸਿੰਘ ਸੱਚਰ ਹਾਜ਼ਰ ਸਨ।

Send this to a friend