ਅੰਮ੍ਰਿਤਸਰ- ਵਿਵਾਦਤ ਫਿਲਮ ‘ਨਾਨਕ ਸ਼ਾਹ ਫਕੀਰ’ ਰਿਲੀਜ਼ ਹੋਣ ਦੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਸ ਨਾਲ ਸਬੰਧਤ ਸਮੂਹ ਅਦਾਰੇ 13 ਅਪ੍ਰੈਲ ਨੂੰ ਬੰਦ ਰਹਿਣਗੇ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਫਿਲਮ ‘ਨਾਨਕ ਸ਼ਾਹ ਫਕੀਰ‘ ‘ਤੇ ਰੋਕ ਲਾਉਣ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਸੁਪਰੀਮ ਕੋਰਟ ਵਿਚ ਪੁਟੀਸ਼ਨ ਦਾਇਰ ਕੀਤੀ ਗਈ ਸੀ, ਪਰ ਅਦਾਲਤ ਵਲੋਂ ਇਸ ’ਤੇ ਸੁਣਵਾਈ ਅਗੇ ਪਾ ਦਿਤੀ ਗਈ ਹੈ।ਉਨ੍ਹਾਂ ਕਿਹਾ ਕਿ ਇਸ ਫਿਲਮ ਦੇ ਰਿਲੀਜ਼ ਹੋਣ ‘ਤੇ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਮੂਹ ਅਦਾਰੇ ਭਲਕੇ 13 ਅਪ੍ਰੈਲ ਨੂੰ ਬੰਦ ਰਖੇ ਜਾਣਗੇ।ਉਨ੍ਹਾਂ ਸਮੂਹ ਸਿਖ ਜਗਤ ਨੂੰ ਅਪੀਲ ਕੀਤੀ ਕਿ ਸਮੁਚੀਆਂ ਸੰਗਤਾਂ 13 ਅਪ੍ਰੈਲ ਨੂੰ ਕਾਲੇ ਰੰਗ ਦੀਆਂ ਦਸਤਾਰਾਂ ਤੇ ਦੁਪਟੇ ਲੈ ਕੇ ਫਿਲਮ ਪ੍ਰਤੀ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ਼ ਕਰਨ। ਇਸੇ ਦੌਰਾਨ ਭਾਈ ਲੌਂਗੋਵਾਲ ਨੇ ਪੰਜ ਸਿੰਘ ਸਾਹਿਬਾਨ ਦੀ ਅਜ ਹੋਈ ਇਕਤਰਤਾ ਸਬੰਧੀ ਕਿਹਾ ਕਿ ਸ਼੍ਰੋਮਣੀ ਕਮੇਟੀ ਸਿਖ ਪੰਥ ਦੇ ਸਰਵਉਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਹੁਕਮ ਨੂੰ ਮੰਨਣ ਦੀ ਪਾਬੰਦ ਹੈ।