Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਖ਼ਾਲਸਾ ਸਾਜਣਾ ਦਿਵਸ ਦੀਆਂ ਵਧਾਈਆਂ

Share this story

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੀਆਂ ਗੁਰੂ ਨਾਨਕ ਨਾਮ-ਲੇਵਾ ਸੰਗਤਾਂ ਨੂੰ ਖ਼ਾਲਸਾ ਸਾਜਣਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਸਮੁੱਚੀ ਸਿੱਖ ਕੌਮ ਨੂੰ ਕੌਮੀ ਏਕਤਾ ਦਾ ਸੁਨੇਹਾ ਦਿੱਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸਾਹਿਬੇ-ਕਮਾਲ, ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਾਜਣਾ ਕਰਕੇ ਦੁਨੀਆ ਦੇ ਇਤਿਹਾਸ ਵਿਚ ਮਨੁੱਖੀ ਆਜ਼ਾਦੀ, ਸਮਾਜਿਕ ਬਰਾਬਰਤਾ ਅਤੇ ਜਬਰ-ਜ਼ੁਲਮ ਦੇ ਖ਼ਿਲਾਫ਼ ਲਾਸਾਨੀ ਇਨਕਲਾਬ ਸਿਰਜਿਆ ਸੀ। ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਖ਼ਾਲਸਾ ਸਾਜਣਾ ਦੇ ਇਤਿਹਾਸਿਕ ਤੇ ਮੁਬਾਰਕ ਦਿਹਾੜੇ ਮੌਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੁਆਰਾ ਦਿੱਤੀਆਂ ਸਿੱਖਿਆਵਾਂ ‘ਤੇ ਚੱਲਦਿਆਂ ਜਾਤ-ਪਾਤ, ਊਚ-ਨੀਚ, ਜਬਰ ਜ਼ੁਲਮ, ਭ੍ਰਿਸ਼ਟਾਚਾਰ, ਭਰੂਣ ਹੱਤਿਆ ਤੇ ਨਸ਼ਿਆਂ ਜਿਹੀਆਂ ਸਮਾਜਿਕ ਬੁਰਾਈਆਂ ਦੇ ਖ਼ਿਲਾਫ਼ ਆਵਾਜ਼ ਉਠਾਉਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਖ਼ਾਲਸਾ ਪੰਥ ਦਾ ਸਾਜਣਾ ਦਿਵਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।

WRITTEN BY