ਮੁਹਾਲੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਮੱਤਭੇਦਾਂ ਦੀਆਂ ਰਿਪੋਰਟਾਂ ਨੂੰ ਮੀਡੀਆ ਦੀ ਉਪਜ ਦੱਸਦਿਆਂ ਰੱਦ ਕਰ ਦਿੱਤਾ। ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਨਵਜੋਤ ਸਿੱਧੂ ਕੇਸ ਨਾਲ ਅਕਾਲੀਆਂ ਦਾ ਕੋਈ ਲੈਣਾ-ਦੇਣਾ ਨਹੀਂ ਅਤੇ ਉਨ੍ਹਾਂ ਨੂੰ ਇਸ ਤੋਂ ਪਾਸੇ ਰਹਿਣਾ ਚਾਹੀਦਾ ਹੈ। ਅੱਜ ਇੱਥੇ 9 ਨਵੀਆਂ ਐਬੂਲੈਂਸਾਂ ਦੀ ਫਲੀਟ ਨੂੰ ਝੰਡੀ ਦੇ ਕੇ ਰਵਾਨਾ ਕਰਨ ਤੋਂ ਬਾਅਦ ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਦਰਮਿਆਨ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਇਸ ਨੂੰ ਮੀਡੀਆ ਦੀ ਉਪਜ ਦੱਸਿਆ ਜਿਸ ਨੇ ਬਿਨਾਂ ਵਜ੍ਹਾ ਬਾਤ ਦਾ ਬਤੰਗੜ ਬਣਾ ਦਿੱਤਾ ਜਦਕਿ ਸ੍ਰੀ ਜਾਖੜ ਨੇ ਉਨ੍ਹਾਂ ਨੂੰ ਇਸ ਕਰਕੇ ਮਿਲੇ ਬਿਨਾਂ ਚਲੇ ਗਏ ਕਿਉਂਕਿ ਉਨ੍ਹਾਂ ਨੇ ਕਿਸੇ ਹੋਰ ਥਾਂ ਜਾਣਾ ਸੀ।