ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)-ਖ਼ਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ੇਸ ਅੰਮ੍ਰਿਤ ਸੰਚਾਰ ਤੇ ਗੁਰਮਤਿ ਸਮਾਗਮ ਅੰਮ੍ਰਿਤਸਰ ਸਥਿਤ ਕੇਂਦਰੀ ਜੇਲ੍ਹ ਵਿਖੇ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਤਹਿਤ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅੰਤ੍ਰਿਗ ਕਮੇਟੀ ਮੈਂਬਰ ਅਤੇ ਭਾਈ ਸਰਵਨ ਸਿੰਘ ਅਗਵਾਨ ਦੇ ਉਦਮ ਅਤੇ ਸ. ਅਰਸ਼ਦੀਪ ਸਿੰਘ ਗਿੱਲ ਸੁਪਰਡੈਂਟ ਜੇਲ੍ਹ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਅੰਮ੍ਰਿਤ ਸੰਚਾਰ ਸਮਾਗਮ ਸਮੇਂ 97 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੁੱਜੇ ਪੰਜ ਪਿਆਰੇ ਸਾਹਿਬਾਨ ਨੇ ਅੰਮ੍ਰਿਤ ਦਾ ਬਾਟਾ ਤਿਆਰ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਕੇਂਦਰੀ ਜੇਲ੍ਹ ਵਿਖੇ ਹਰ ਮਹੀਨੇ ਦੀ ਸੰਗਰਾਂਦ ਅਤੇ ਗੁਰਪੁਰਬਾਂ ਮੌਕੇ ਗੁਰਮਤਿ ਸਮਾਗਮ ਹੁੰਦੇ ਹਨ। ਇਨ੍ਹਾਂ ਸਮਾਗਮਾਂ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਰਸਦਾਂ ਭੇਜੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰਪੁਰਬਾਂ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ ਪ੍ਰਬੰਧ ਕੀਤੇ ਜਾਂਦੇ ਹਨ। ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮਾਂ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਤਹਿਤ ਅੰਮ੍ਰਿਤ ਸੰਚਾਰ ਦਾ ਵਿਸ਼ੇਸ ਪ੍ਰਬੰਧ ਕੀਤਾ ਗਿਆ ਜਿਸ ਵਿਚ ਅੰਮ੍ਰਿਤ ਅਭਿਲਾਖੀਆਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੇ ਗਏ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਚਾਰਕ ਭਾਈ ਤਰਸੇਮ ਸਿੰਘ, ਸ. ਅਰਸ਼ਦੀਪ ਸਿੰਘ ਸੁਪਰਡੈਂਟ ਜੇਲ, ਸ. ਬਲਵਿੰਦਰ ਸਿੰਘ ਡੀ. ਐਸ. ਪੀ., ਸ੍ਰੀ ਅਮਨ ਅਰੌੜਾ ਡਿਪਟੀ ਸੁਪਰਡੈਂਟ, ਸ. ਗੁਰਜੰਟ ਸਿੰਘ ਵੈਲਫੇਅਰ ਇੰਚਾਰਜ, ਭਾਈ ਨਰੈਣ ਸਿੰਘ ਚੌੜਾ, ਸ. ਰਜਿੰਦਰ ਸਿੰਘ ਵੈਰੋਕੇ, ਸ. ਪਰਮਜੀਤ ਸਿੰਘ, ਸ. ਗੁਰਦੀਪ ਸਿੰਘ ਖੇੜਾ, ਭਾਈ ਬਲਜੀਤ ਸਿੰਘ ਗ੍ਰੰਥੀ, ਭਾਈ ਗੁਰਮੀਤ ਸਿੰਘ ਗ੍ਰੰਥੀ ਆਦਿ ਹਾਜ਼ਰ ਸਨ।