ਐਸ ਏ ਐਸ ਨਗਰ – ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ | ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਨਾਮ ਸਿੰਘ ਮੋਹੀ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ਼੍ਰੋਮਣੀ ਭਗਤ ਧੰਨਾ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਵਿੱਚ ਢਾਡੀ ਵਾਰਾਂ ਵਿੱਚ ਸਰਵਣ ਕਰਵਾਇਆ| ਭਾਈ ਸਵਿੰਦਰ ਸਿੰਘ ਮੁੰਬਈ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ | ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਸ਼੍ਰੋਮਣੀ ਭਗਤ ਧੰਨਾ ਜੀ ਦੁਆਰਾ ਉਚਾਰਨ ਕੀਤੇ ਧੁਰ ਕੀ ਬਾਣੀ, ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ| ਇਸ ਤੋਂ ਇਲਾਵਾ ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਸੁਰਜੀਤ ਸਿੰਘ ਦਾ ਕਵੀਸ਼ਰੀ ਜੱਥਾ, ਭਾਈ ਜਸਬੀਰ ਸਿੰਘ ਜੱਸ ਚਮਕੌਰ ਸਾਹਿਬ ਵਾਲਿਆਂ ਦਾ ਜਥਾ, ਭਾਈ ਜਗਿੰਦਰ ਸਿੰਘ ਭਾਈ ਬਹਾਦਰ ਸਿੰਘ ਸੇਵਕ, ਭਾਈ ਨਿਸ਼ਾਨ ਸਿੰਘ ਪਟਿਆਲਾ ਤੇ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ | ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਸਨਮਾਨਿਤ ਕੀਤਾ | ਇਸ ਮੌਕੇ ਤੇ ਗੁ: ਸਿੰਘ ਸ਼ਹੀਦਾਂ ਸੋਹਾਣਾ ਦੇ ਮੁੱਖੀ ਭਾਈ ਸੰਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਇਸ ਅਸਥਾਨ ਤੇ ਹਰ ਸਾਲ ਵੱਡੇ ਪੱਧਰ ਤੇ ਬੜੀ ਸ਼ਰਧਾ ਭਾਵਨਾ ਨਾਲ ਅਤੇ ਉਤਸ਼ਾਹ ਪੂਰਵਕ ਮਨਾਇਆ ਜਾਂਦਾ ਹੈ | ਉਨ੍ਹਾਂ ਇਸ ਦੇ ਨਾਲ ਭਗਤ ਧੰਨਾ ਜੀ ਦੇ ਜੀਵਨ ਬ੍ਰਿਤਾਂਤ, ਭਗਤ ਜੀ ਦੁਆਰਾ ਰਚਿਤ ਬਾਣੀ ਅਤੇ ਉਨ੍ਹਾਂ ਦੁਆਰਾ ਪਰਮਾਤਮਾ ਤੋੱ ਆਪਣੀ ਭਗਤੀ ਨਾਲ ਸਾਰੇ ਕੰਮ ਕਰਵਾਉਣ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਦੱਸਿਆ|