ਪੰਜਾਬ ਦੇ ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ਡੀਐਸਪੀ ਕਾਡਰ ਦਾ ਦਿੱਲੀ ਅਤੇ ਹੋਰਨਾਂ ਕੇਂਦਰੀ ਸ਼ਾਸਤ ਪ੍ਰਦੇਸ਼ਾਂ ’ਚ ਮਿਲਾਉਣ ਦੇ ਯਤਨਾਂ ਦਾ ਵਿਰੋਧ

ਚੰਡੀਗੜ੍ਹ, 22 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਪੁਲਿਸ ਦੇ ਡੀਐਸਪੀ ਕਾਡਰ ਦਾ ਦਿੱਲੀ ਪੁਲਿਸ ਸਣੇ ਹੋਰਣਾਂ ਸਾਰੇ ਕੇਂਦਰੀ ਸ਼ਾਸਤ ਪ੍ਰਦੇਸਾਂ ਨਾਲ ਵਿਲੇ ਕਰਨ ਦੇ ਗ੍ਰਹਿ ਮਾਮਲਿਆਂ ਦੇ ਮੰਤਰਾਲੇ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਵਿਰੋਧ ਕੀਤਾ ਹੈ।
ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਵਿਚਕਾਰ ਚੰਡੀਗੜ੍ਹ ਬਾਰੇ ਖੇਤਰੀ ਝਗੜੇ ਦੇ ਨਿਪਟਾਰੇ ਤੱਕ ਇਸ ਸਥਿਤੀ ਨੂੰ ਜਿਉਂ ਦਾ ਤਿਉਂ ਰੱਖੇ ਜਾਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਹਿੱਤਾਂ ਦੀ ਰੱਖਿਆ ਕਰਨ ਵਾਸਤੇ ਚੰਡੀਗੜ੍ਹ ਨਾਲ ਸਬੰਧਤ ਸਾਰੇ ਮੁੱਦਿਆਂ ਨਾਲ ਨਿਪਟਣ ਲਈ ਆਮ ਪ੍ਰਸ਼ਾਸਨ ਬਰਾਂਚ ਵਿਚ ਇੱਕ ਵਿਸ਼ੇਸ਼ ਸੈਲ ਸਥਾਪਤ ਕਰਨ ਵਾਸਤੇ ਮੁੱਖ ਸਕੱਤਰ ਨੂੰ ਕਦਮ ਚੁੱਕਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਵਿਚ ਇਸ ਸਬੰਧੀ ਰਸਮੀ ਪ੍ਰਸਤਾਵ ਲਿਆਉਣ ਲਈ ਮੁੱਖ ਸਕੱਤਰ ਨੂੰ ਆਖਿਆ ਹੈ।
ਅੱਜ ਇੱਥੇ ਜਾਰੀ ਇੱਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ’ਤੇ ਸੂਬੇ ਦੇ ਦਾਅਵੇ ਨੂੰ ਢਾਹ ਲਾਉਣ ਦੀ ਕਿਸੇ ਵੀ ਤਰ੍ਹਾਂ ਦੀ ਕੋਸ਼ਿਸ਼ ਪੰਜਾਬ ਵੱਲੋਂ ਪ੍ਰਵਾਨ ਨਹੀਂ ਕੀਤੀ ਜਾਵੇਗੀ। ਮੌਜੂਦਾ ਤਰਜ ਦੇ ਆਧਾਰ ’ਤੇ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿਚ ਪੰਜਾਬ ਅਤੇ ਹਰਿਆਣਾ ਦੀਆਂ ਅਸਾਮੀਆਂ ਦੀ ਅਨੁਪਾਤ 60:40 ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਲਗਾਤਾਰ ਜਾਰੀ ਰੱਖਿਆ ਜਾਣਾ ਚਾਹੀਦਾ ਹੈ।

Send this to a friend