ਕਿਸਾਨਾਂ ਨੂੰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕੀਤਾ ਜਾਵੇ ਜਾਗਰੂਕ : ਡੀਸੀ ਮਾਨਸਾ

ਮਾਨਸਾ, 23 ਅਪ੍ਰੈਲ (ਨਛੱਤਰ ਸਿੰਘ ਕਾਹਨਗੜ੍ਹ, ਵਕੀਲ ਬਾਂਸਲ)- ਕੁਝ ਕਿਸਾਨਾਂ ਵੱਲੋਂ ਕਣਕ ਦੀ ਵਾਢੀ ਤੋਂ ਬਾਅਦ ਨਾੜ ਨੂੰ ਅੱਗ ਲਾਉਣ ਦਾ ਗੰਭੀਰ ਨੋਟਿਸ ਲੈਂਦਿਆਂ ਮਾਨਸਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਉਚੇਚੇ ਤੌਰ ’ਤੇ ਇੱਕ ਮੀਟਿੰਗ ਜਿਸ ਵਿੱਚ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਅਧਿਕਾਰੀ ਵੀ ਸ਼ਾਮਿਲ ਸਨ ਦੌਰਾਨ ਨਾੜ ਨੂੰ ਅੱਗ ਲਾਉਣ ਵਾਲਿਆਂ ਉਪਰ ਭਾਰੀ ਜ਼ੁਰਮਾਨਾ ਕਰਨ ਤੋਂ ਇਲਾਵਾ ਉਲੰਘਣਾਂ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਦਾ ਹੁਕਮ ਵੀ ਜਾਰੀ ਕੀਤਾ ਹੈ। ਮੀਟਿੰਗ ਦੌਰਾਨ ਬੋਲਦਿਆਂ ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਵੈਨ ਦੇ ਸ਼ਡਿਊਲ ਦੀ ਬਾਰੀਕੀ ਨਾਲ ਜਾਣਕਾਰੀ ਹਾਸਿਲ ਕਰਦਿਆਂ ਉਨ੍ਹਾਂ ਸਖ਼ਤ ਤਾੜਨਾ ਕੀਤੀ ਕਿ ਇਸ ਲੋਕ ਪੱਖੀ ਕੰਮ ਦੇ ਪ੍ਰਚਾਰ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਿਉਂਕਿ ਕਿਸਾਨਾਂ ਦੇ ਨਾੜ ਨੂੰ ਅੱਗ ਲਾਉਣ ਤੋਂ ਪੈਦਾ ਹੋਏ ਧੂੰਏ ਦਾ ਅਸਰ ਲੋਕਾਂ ਦੀ ਸਿਹਤ ਉਪਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਕੀਮਤ ’ਤੇ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿੱਚ ਜਾ ਕੇ ਜੋ ਕੈਂਪ ਲਗਾਏ ਜਾਂਦੇ ਹਨ, ਉਨ੍ਹਾਂ ਵਿੱਚ ਜਾ ਕੇ ਵੀ ਕਿਸਾਨਾਂ ਨੂੰ ਫਸਲਾਂ ਦੀ ਨਾੜ ਨੂੰ ਸਾੜਨ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਅੱਗ ਲਾਉਣ ਨਾਲ ਪੈਦਾ ਹੋਏ ਧੂੰਏ ਨਾਲ ਜਿੱਥੇ ਲੋਕਾਂ ਨੂੰ ਖ਼ਤਰਨਾਕ ਬਿਮਾਰੀਆਂ ਲੱਗਦੀਆਂ ਹਨ, ਉਥੇ ਕਿਸਾਨਾਂ ਦਾ ਵੀ ਆਰਥਿਕ ਨੁਕਸਾਨ ਹੁੰਦਾ ਹੈ ਕਿਉਂਕਿ ਇਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਘੱਟ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫਸਲ ਦੀ ਨਾੜ ਨੂੰ ਸਾੜਨ ਦੀ ਬਜਾਇ ਇਸ ਨੂੰ ਵਰਤੋਂ ਵਿਚ ਲਿਆ ਕੇ ਹੋਰ ਆਰਥਿਕ ਲਾਭ ਲਿਆ ਜਾਵੇ। ਮੀਟਿੰਗ ਦੌਰਾਨ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਐਸ.ਡੀ.ਓ. ਸ਼੍ਰੀ ਰੋਹਿਤ ਸਿੰਗਲਾ ਨੇ ਦੱਸਿਆ ਕਿ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਅਨੁਸਾਰ ਕੁਤਾਹੀ ਕਰਨ ਵਾਲੇ ਖਿਲਾਫ਼ 2 ਏਕੜ ਤੋਂ ਘੱਟ ਤੱਕ 2500/- ਰੁਪਏ, 2 ਤੋਂ 5 ਏਕੜ ਤੱਕ 5000/- ਰੁਪਏ ਅਤੇ 5 ਏਕੜ ਤੋਂ ਉਪਰ ਵਾਲੇ ਨੂੰ 15000/- ਰੁਪਏ ਜ਼ੁਰਮਾਨਾ ਵਸੂਲਣ ਸਮੇਤ ਹੋਰ ਕਾਨੂੰਨੀ ਕਾਰਵਾਈ ਵੀ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਕਿਸਾਨ ਲਗਾਤਾਰ ਨਾੜ ਨੂੰ ਅੱਗ ਲਾਉਣ ਦਾ ਦੋਸ਼ੀ ਪਾਇਆ ਜਾਂਦਾ ਹੈ, ਤਾਂ ਉਸ ਵਿਰੁੱਧ ਵਾਤਾਵਰਣ ਸੁਰੱਖਿਆ ਐਕਟ 1986 ਧਾਰਾ 15 ਤਹਿਤ ਮਾਣਯੋਗ ਕੋਰਟ ਵਿੱਚ ਕੇਸ ਵੀ ਦਾਇਰ ਕੀਤਾ ਜਾ ਸਕਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਨਸਾ ਸ਼੍ਰੀ ਅਭਿਜੀਤ ਕਪਲਿਸ਼, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ਼ ਅਹਿਮਦ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਗੁਰਸਿਮਰਨ ਸਿੰਘ, ਸਹਾਇਕ ਕਮਿਸ਼ਨਰ (ਜ) ਸ਼੍ਰੀ ਓਮ ਪ੍ਰਕਾਸ਼, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਜਗਤਾਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ ਸਿੰਘ ਅਤੇ ਸੁਪਰਡੈਂਟ ਸ਼੍ਰੀ ਰਮੇਸ਼ ਬੱਸੀ ਮੌਜੂਦ ਸਨ।

Send this to a friend