ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਦਿੱਤੀ ਜਾਵੇਗੀ ਨਿਰਵਿਘਨ ਬਿਜਲੀ ਸਪਲਾਈ : ਕਾਂਗੜ
ਅੰਮ੍ਰਿਤਸਰ, 26 ਅਪ੍ਰੈਲ (ਰਾਜੇਸ਼ ਡੈਨੀ)- ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਬਿਜਲੀ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਪੰਜਾਬ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਸ੍ਰੀ ਕਾਂਗੜ ਨੂੰ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਤ ਵੀ ਕੀਤਾ ਗਿਆ। ਮੱਥਾ ਟੇਕਣ ਉਪਰੰਤ ਸ੍ਰੀ ਕਾਂਗੜ ਨੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਇਥੇ ਆਏ ਹਨ। ਪੱਤਰਕਾਰਾਂ ਦੇ ਸਵਾਲ ਵਿੱਚ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਮਕਸਦ ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕਰਨਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਉਦਯੋਗਪਤੀਆਂ ਨਾਲ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਜੋ ਵਾਅਦਾ ਕੀਤਾ ਹੈ ਉਸ ਨੂੰ ਜਰੂਰ ਪੂਰਾ ਕੀਤਾ ਜਾਵੇਗਾ। ਸ੍ਰ ਕਾਂਗੜ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸਾਡੀ ਸਰਕਾਰ ਨੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜਾ ਮੁਆਫ ਕੀਤਾ ਹੈ। ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਮੈਂ ਮਾਲਵੇ ਦਾ ਰਹਿਣ ਵਾਲਾ ਹਾਂ। ਸਾਡੀ ਸਰਕਾਰ ਨੇ ਮਾਲਵੇ ਵਿੱਚ ਇਕ ਸਾਲ ਦੇ ਅੰਦਰ ਅੰਦਰ 80 ਫੀਸਦੀ ਨਸ਼ਾ ਖਤਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਕਿਹਾ ਕੁਝ ਹੋਰ ਅਤੇ ਕੀਤਾ ਕੁਝ ਹੋਰ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਹਰੇਕ ਕੰਮ ਕਰੇਗੀ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ।